Nabaz-e-punjab.com

ਸਿਹਤ ਵਿਭਾਗ ਨੇ ਸਵਾਈਨ ਫਲੂ ਬਾਰੇ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਜਾਗਰੂਕਤਾ ਰੈਲੀ ਕੱਢੀ

ਸਾਰੇ ਹਸਪਤਾਲਾਂ ਵਿੱਚ ਪੀੜਤ ਮਰੀਜਾਂ ਦੇ ਸਾਰੇ ਟੈੱਸਟ ਤੇ ਮੁਫ਼ਤ ਇਲਾਜ ਕੀਤਾ ਜਾਵੇਗਾ: ਡਾ. ਮਨਜੀਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ:
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਦੀ ਰੋਕਥਾਮ ਲਈ ਸ਼ਹਿਰੀ ਖੇਤਰ, ਸਲੱਮ ਏਰੀਆ ਅਤੇ ਪਿੰਡ ਪੱਧਰ ’ਤੇ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਤਹਿਤ ਸਿਵਲ ਸਰਜਨ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਵੀਰਵਾਰ ਨੂੰ ਵੱਖ ਵੱਖ ਮਾਰਕੀਟਾਂ ਵਿੱਚ ਸਵਾਈਨ ਫਲੂ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਵਿੱਚ ਸਿਹਤ ਵਿਭਾਗ ਦੇ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਸਮੇਤ ਸੈਂਕੜੇ ਕਰਮਚਾਰੀਆਂ ਨੇ ਹਿੱਸਾ ਲਿਆ। ਇੱਥੋਂ ਦੇ ਫੇਜ਼-3 ਅਤੇ ਫੇਜ਼-5 ਦੇ ਟਰੈਫ਼ਿਕ ਲਾਈਟ ਪੁਆਇੰਟ ਤੋਂ ਸ਼ੁਰੂ ਹੋਈ ਇਹ ਜਾਗਰੂਕਤਾ ਰੈਲੀ ਵੱਖ ਵੱਖ ਮਾਰਕੀਟਾਂ ’ਚੋਂ ਹੁੰਦੀ ਵਾਪਸ ਸਿਵਲ ਸਰਜਨ ਪਹੁੰਚ ਕੇ ਸਮਾਪਤ ਹੋਈ। ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਨੇ ਜਾਗਰੂਕਤਾ ਰੈਲੀ ਵਿੱਚ ਸ਼ਾਮਲ ਹੋ ਕੇ ਸਿਹਤ ਵਿਭਾਗ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਰੈਲੀ ਦੌਰਾਨ ਲੋਕਾਂ ਨੂੰ ਪੈਂਫਲੇਟ ਵੰਡੇ ਗਏ ਅਤੇ ਲਾਊਡਸਪੀਕਰ ਰਾਹੀਂ ਸਵਾਈਨ ਫਲੂ ਤੋਂ ਬਚਨ ਦੀ ਅਪੀਲ ਕੀਤੀ ਗਈ।
ਸਿਵਲ ਸਰਜਨ ਨੇ ਦੱਸਿਆ ਕਿ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਸਪੈਸ਼ਲ ਆਈਸੋਲੇਸ਼ਨ ਵਾਰਡ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਅਤੇ ਫਲੂ ਕਾਰਨਰ ਚੰਗੀ ਤਰ੍ਹਾਂ ਤਿਆਰ-ਬਰ-ਤਿਆਰ ਰੱਖੇ ਜਾਣ ਤਾਂ ਜੋ ਲੋੜ ਪੈਣ ’ਤੇ ਪੀੜਤ ਮਰੀਜ਼ਾਂ ਨੂੰ ਦਾਖ਼ਲ ਕੀਤਾ ਜਾ ਸਕੇ। ਉਨ੍ਹਾਂ ਵੱਖ-ਵੱਖ ਤਰੀਕਿਆਂ ਰਾਹੀਂ ਇਸ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਆਮ ਤੌਰ ’ਤੇ ਦਸੰਬਰ ਤੋਂ ਮਾਰਚ ਤੱਕ ਐਚਐਨ ਵਿਸ਼ਾਣੂ ਦੇ ਫੈਲਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਉਨ੍ਹਾਂ ਨਿੱਜੀ ਹਸਪਤਾਲਾਂ ਨੂੰ ਕਿਹਾ ਕਿ ਜੇਕਰ ਸਵਾਈਨ ਫਲੂ ਦਾ ਕੋਈ ਸ਼ੱਕੀ ਮਰੀਜ਼ ਆਉਂਦਾ ਹੈ ਤਾਂ ਤੁਰੰਤ ਸਿਹਤ ਵਿਭਾਗ ਨੂੰ ਇਤਲਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਵਾਈਨ ਫਲੂ ਹੋਣ ’ਤੇ ਮਰੀਜ਼ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਸਗੋਂ ਇਲਾਜ ਕਰਾਉਣ ਦੀ ਲੋੜ ਹੈ।
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ-ਕਮ-ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਇਹ ਬੀਮਾਰੀ ਐਚਐਨ ਵਿਸ਼ਾਣੂ ਤੋਂ ਗ੍ਰਸਤ ਵਿਅਕਤੀ ਦੇ ਛਿੱਕ ਮਾਰਨ ਜਾਂ ਖੰਘਣ ਨਾਲ ਸਾਹ ਰਾਹੀਂ ਦੂਜੇ ਵਿਅਕਤੀ ਤੱਕ ਫੈਲਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰ ਅਤੇ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਿੱਜੀ ਹਸਪਤਾਲ ਸਵਾਈਨ ਫਲੂ ਦੇ ਟੈੱਸਟ ਦੀ ਪੁਸ਼ਟੀ ਨਹੀਂ ਕਰ ਸਕਦੇ। ਉਨ੍ਹਾਂ ਦੱਸਿਆ ਕਿ ਇਸ ਬੀਮਾਰੀ ਦੇ ਇਲਾਜ ਲਈ ਟੈਮੀਫਲੂ ਦੀ ਦਵਾਈ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫ਼ਤ ਮਿਲਦੀ ਹੈ। ਸਵਾਈਨ ਫਲੂ ਦੀ ਪੁਸ਼ਟੀ ਲਈ ਲੈਬ ਟੈੱਸਟ ਮੁਫ਼ਤ ਕੀਤਾ ਜਾਂਦਾ ਹੈ। ਪੀਜੀਆਈ ਵਿੱਚ ਟੈੱਸਟਾਂ ਲਈ ਨੋਡਲ ਲੈਬਾਰਟਰੀ ਹੈ। ਇਸ ਮੌਕੇ ਸਵਾਈਨ ਫਲੂ ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਡਾ. ਦਲਜੀਤ ਸਿੰਘ, ਡਾ. ਵੀਨਾ ਜ਼ਰੇਵਾਲ, ਡਾ. ਨਿੱਧੀ, ਡਾ. ਕੁਲਜੀਤ ਕੌਰ, ਡਾ. ਦਿਲਬਾਗ ਸਿੰਘ, ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …