![](https://www.nabaz-e-punjab.com/wp-content/uploads/2021/07/Health-Chaking-Team.jpg)
ਸਿਹਤ ਵਿਭਾਗ ਦੀ ਟੀਮ ਵੱਲੋਂ 6 ਕੁਇੰਟਲ 80 ਕਿੱਲੋ ਮਿਲਾਵਟੀ ਪਨੀਰ ਬਰਾਮਦ
ਬਲੌਂਗੀ ਪੁਲੀਸ ਦੇ ਸਹਿਯੋਗ ਨਾਲ ਬੜਮਾਜਰਾ ਨੇੜੇ ਨਾਕੇ ’ਤੇ ਹਰਿਆਣਾ ਤੋਂ ਆ ਰਹੇ ਟੈਂਪੂ ਨੂੰ ਕੀਤਾ ਕਾਬੂ
ਮਿਲਾਵਟੀ ਤੇ ਬੇਮਿਆਰੀ ਵਸਤੂਆਂ ਦੀ ਵਿਕਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡੀਐਚਓ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਨੇ ਬਲੌਂਗੀ ਪੁਲੀਸ ਦੇ ਸਹਿਯੋਗ ਨਾਲ ਅੱਜ ਤੜਕੇ ਵੱਡੀ ਕਾਰਵਾਈ ਕਰਦਿਆਂ ਬਲੌਂਗੀ ਨਜ਼ਦੀਕ ਇਕ ਟੈਂਪੂ ਨੂੰ ਰੋਕ ਕੇ ਉਸ ’ਚੋਂ 6 ਕੁਇੰਟਲ 80 ਕਿੱਲੋ ਸ਼ੱਕੀ ਮਿਲਾਵਟੀ ਪਨੀਰ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲੀਸ ਰਾਹੀਂ ਸ਼ਿਕਾਇਤ ਮਿਲੀ ਸੀ ਕਿ ਹਰਿਆਣਾ ਤੋਂ ਬੜਮਾਜਰਾ ਵਿੱਚ ਕਥਿਤ ਮਿਲਾਵਟੀ ਪਨੀਰ ਦੀ ਸਪਲਾਈ ਹੋ ਰਹੀ ਹੈ, ਜੋ ਅੱਗੇ ਦੁਕਾਨਾਂ ਵਿੱਚ ਵੇਚਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੇ ਧਿਆਨ ਵਿੱਚ ਲਿਆ ਕੇ ਸਿਹਤ ਵਿਭਾਗ ਦੀ ਜਾਂਚ ਟੀਮ ਦਾ ਗਠਨ ਕੀਤਾ ਗਿਆ ਅਤੇ ਅੱਜ ਤੜਕੇ ਬੜਮਾਜਰਾ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਸਿਹਤ ਵਿਭਾਗ ਤੇ ਪੁਲੀਸ ਦੀ ਸਾਂਝੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਇਕ ਟੈਂਪੂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਟੈਂਪੂ ’ਚੋਂ 680 ਕਿੱਲੋ ਪਨੀਰ ਬਰਾਮਦ ਕੀਤਾ ਗਿਆ। ਜਿਸ ਦੀ ਕੀਮਤ ਲਗਪਗ ਡੇਢ ਲੱਖ ਰੁਪਏ ਬਣਦੀ ਹੈ। ਟੈਂਪੂ ਚਾਲਕ ਅਨੁਸਾਰ ਉਹ ਹਰਿਆਣਾ ਤੋਂ ਪਨੀਰ ਲਿਆ ਕੇ ਬੜਮਾਜਰਾ ਵਿੱਚ ਵੇਚਣ ਲਈ ਜਾ ਰਿਹਾ ਸੀ।
ਡਾ. ਸੁਭਾਸ਼ ਮੁਤਾਬਕ ਪਨੀਰ ਦੀ ਖੇਪ ਨੂੰ ਸੀਜ਼ ਕਰ ਲਿਆ ਗਿਆ ਹੈ ਅਤੇ ਪਨੀਰ ਦੇ ਸੈਂਪਲ ਲੈ ਕੇ ਫੂਡ ਸੇਫ਼ਟੀ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੈਂਪਲ ਦੀ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਮੁਹਾਲੀ ਜ਼ਿਲ੍ਹੇ ਦੇ ਲੋਕਾਂ ਲਈ ਖਾਣ-ਪੀਣ ਦੀਆਂ ਮਿਆਰੀ, ਮਿਲਾਵਟ-ਰਹਿਤ ਅਤੇ ਸ਼ੁੱਧ ਚੀਜ਼ਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਚੈਕਿੰਗ ਰਾਹੀਂ ਮਿਲਾਵਟੀ ਚੀਜ਼ਾਂ ਬਣਾਉਣ ਅਤੇ ਵੇਚਣ ਵਾਲਿਆਂ ਵਿਰੁੱਧ ਸਰਗਰਮ ਹਨ। ਉਨ੍ਹਾਂ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਮਿਆਦ ਪੁੱਗੀਆਂ, ਮਿਲਾਵਟੀ ਅਤੇ ਬੇ ਮਿਆਰੀ ਚੀਜ਼ਾਂ ਦੀ ਵਿਕਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਫੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ’ ਤਹਿਤ ਅਜਿਹੀਆਂ ਚੀਜ਼ਾਂ ਕਿਸੇ ਵੀ ਹਾਲਤ ਵਿੱਚ ਵੇਚੀਆਂ ਨਹੀਂ ਜਾ ਸਕਦੀਆਂ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਲਗਾਉਣ ਤੋਂ ਇਲਾਵਾ ਉਸ ਦਾ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ।
ਡਾ. ਸੁਭਾਸ਼ ਨੇ ਕਿਹਾ ਕਿ ਦੁਕਾਨਦਾਰਾਂ ਲਈ ਖਾਣ-ਪੀਣ ਦੀਆਂ ਚੀਜ਼ਾਂ ਬਣਾਉਣ ਅਤੇ ਵੇਚਣ ਲਈ ਰਜਿਸਟਰੇਸ਼ਨ ਕਰਾਉਣਾ ਲਾਜ਼ਮੀ ਹੈ। ਜਿਨ੍ਹਾਂ ਨੇ ਇਹ ਰਜਿਸਟਰੇਸ਼ਨ ਨਹੀਂ ਕਰਵਾਈ, ਉਹ ਸਿਵਲ ਸਰਜਨ ਦਫ਼ਤਰ ਵਿੱਚ ਫੂਡ ਸੇਫ਼ਟੀ ਵਿੰਗ ਕੋਲ ਪਹੁੰਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਮੋਬਾਈਲ ਫੂਡ ਸੇਟਫ਼ੀ ਵੈਨ ਉਪਲਬਧ ਹੈ, ਜਿਸ ਰਾਹੀਂ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਲੋਕ ਦੁੱਧ, ਘੀ ਜਾਂ ਹੋਰ ਚੀਜ਼ਾਂ ਦੇ ਮਿਆਰ ਦੀ ਪਰਖ ਮੁਫ਼ਤ ਕਰਵਾ ਸਕਦੇ ਹਨ। ਉਨ੍ਹਾਂ ਨੇ ਆਮ ਲੋਕਾਂ ਨੂੰ ਭੋਜਨ ਪਦਾਰਥਾਂ ਦੀ ਗੁਣਵੱਤਾ ਪ੍ਰਤੀ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ ਦੀ ਅਪੀਲ ਕੀਤੀ। ਚੈਕਿੰਗ ਟੀਮ ਵਿੱਚ ਫੂਡ ਸੇਫ਼ਟੀ ਅਫ਼ਸਰ ਰਵੀਨੰਦਨ ਗੋਇਲ, ਲਵਪ੍ਰੀਤ ਸਿੰਘ ਵੀ ਸ਼ਾਮਲ ਸਨ।