Nabaz-e-punjab.com

ਸਿਹਤ ਵਿਭਾਗ ਤੇ ਸੀਨੀਅਰ ਸਿਟੀਜ਼ਨਾਂ ਵੱਲੋਂ ਮੁਹਾਲੀ ਨੂੰ ਡੇਂਗੂ-ਮੁਕਤ ਬਣਾਉਣ ਦਾ ਸੱਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਸਤੰਬਰ:
ਸਿਹਤ ਵਿਭਾਗ ਦੀ ਡੇਂਗੂ ਰੋਕਥਾਮ ਮੁਹਿੰਮ ਵਿੱਚ ਸ਼ਾਮਲ ਹੋ ਕੇ ਸੀਨੀਅਰ ਸਿਟੀਜ਼ਨਾਂ ਨੇ ਮੁਹਾਲੀ ਨੂੰ ਸਿਹਤਮੰਦ ਅਤੇ ਡੇਂਗੂ ਮੁਕਤ ਬਣਾਉਣ ਦਾ ਸੱਦਾ ਹੈ। ਬਜ਼ੁਰਗਾਂ ਨੇ ਸ਼ਹਿਰ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਦੀ ਅਪੀਲ ਕਰਦਿਆਂ ਸਮੁੱਚੇ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਉਣ ਦਾ ਅਹਿਦ ਲਿਆ ਹੈ। ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਅਤੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਲਈ ਡੇਂਗੂ ਜਾਗਰੂਕਤਾ ਸਮਾਰੋਹ ਕਰਵਾਇਆ ਗਿਆ। ਐਸੋਸੀਏਸ਼ਨ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਸਵਰਨ ਚੌਧਰੀ ਨੇ ਕਿਹਾ ਕਿ ਡੇਂਗੂ ਨੂੰ ਖ਼ਤਮ ਕਰਨਾ ਇਕੱਲੇ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਲੋਕਾਂ ਦੇ ਸਹਿਯੋਗ ਨਾਲ ਇਸ ਦਾ ਖ਼ਾਤਮਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਸਾਡੀ ਜੀਵਨਸ਼ੈਲੀ ਨਾਲ ਜੁੜੀ ਹੋਈ ਹੈ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਿਹਾ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਚੱਲ ਰਹੀਆਂ ਹਨ ਅਤੇ ਹੁਣ ਬਜ਼ੁਰਗਾਂ ਦੇ ਤਜਰਬੇ, ਸਮਝ ਅਤੇ ਸੇਧ ਨਾਲ ਇਸ ਮੁਹਿੰਮ ਨੂੰ ਜ਼ਬਰਦਸਤ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਡੇਂਗੂ ਕਿਸੇ ਵੀ ਉਮਰ, ਵਰਗ ਅਤੇ ਰੁਤਬੇ ਵਾਲੇ ਵਿਅਕਤੀ ਨੂੰ ਆਪਣੀ ਲਪੇਟ ਵਿੱਚ ਲੈ ਸਕਦਾ ਹੈ। ਲਿਹਾਜ਼ਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਖ਼ੁਦ ਦੇ ਨਾਲ ਨਾਲ ਹੋਰਨਾਂ ਨੂੰ ਵੀ ਜਾਗਰੂਕ ਕੀਤਾ ਜਾਵੇ। ਘਰਾਂ ਅਤੇ ਦਫ਼ਤਰਾਂ ਵਿੱਚ ਗਮਲਿਆਂ, ਟੁੱਟੇ ਭੱਜੇ ਭਾਂਡਿਆਂ ਅਤੇ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ। ਇਸ ਲਈ ਪੂਰੇ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਾਏ ਜਾਣ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਹੁਣ ਤੱਕ ਡੇਂਗੂ ਦੇ 43 ਕੇਸ ਸਾਹਮਣੇ ਆ ਚੁੱਕੇ ਹਨ ਅਤੇ 3946 ਸ਼ੱਕੀ ਮਰੀਜ਼ਾਂ ਦੇ ਖੂਨ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਆਮ ਲੱਛਣਾਂ ਵਿੱਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜ੍ਹਿਆਂ ’ਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਹੋਣ ਮਗਰੋਂ ਕੱਝ ਲੋਕ ਇਲਾਜ ਦੇ ਗਲਤ ਅਤੇ ਗੈਰ-ਡਾਕਟਰੀ ਤਰੀਕੇ ਵਰਤਣ ਲੱਗੇ ਜਾਂਦੇ ਹਨ। ਜਿਸ ਕਾਰਨ ਬੁਖ਼ਾਰ ਘਟਣ ਦੀ ਬਜਾਏ ਵੱਧ ਜਾਂਦਾ ਹੈ ਅਤੇ ਮਰੀਜ਼ ਦੀ ਜਾਨ ਵੀ ਜਾ ਸਕਦੀ ਹੈ।
ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਅਤੇ ਰੈਜ਼ੀਡੈਂਟਸ ਵੈੱਲਫੇਅਰ ਐਸੋ ਤੋਂ ਐਸਆਰਐਸ ਬਵੇਜਾ, ਅਰਵਿੰਦਰ ਕੌਰ, ਰੁਪਿੰਦਰ ਕੌਰ, ਕੁਲਦੀਪ ਸਿੰਘ, ਐਸਐਮਓ ਡਾ. ਮਨਜੀਤ ਸਿੰਘ, ਮਾਸ ਮੀਡੀਆ ਅਧਿਕਾਰੀ ਗੁਰਦੀਪ ਕੌਰ, ਸਿਹਤ ਇੰਸਪੈਕਟਰ ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
(ਬਾਕਸ ਆਈਟਮ)
ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਡੇਂਗੂ ਬੁਖ਼ਾਰ ਦੇ ਇਲਾਜ ਸਬੰਧੀ ਸੈੱਲ ਵਧਾਉਣ ਲਈ ਬੱਕਰੀ ਦਾ ਦੁੱਧ ਪੀਣਾ, ਕੀਵੀ ਅਤੇ ਪਪੀਤਾ ਖਾਣਾ ਕਿਸੇ ਵੀ ਤਰ੍ਹਾਂ ਅਸਰਦਾਰ ਨਹੀਂ ਹੁੰਦਾ ਹੈ। ਲਿਹਾਜ਼ਾ ਤੇਜ਼ ਬੁਖ਼ਾਰ ਹੋਣ ਦੀ ਹਾਲਤ ਵਿੱਚ ਤੁਰੰਤ ਨੇੜਲੇ ਹਸਪਤਾਲ/ਡਿਸਪੈਂਸਰੀ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਅਜਿਹੀ ਹਾਲਤ ਵਿੱਚ ਡਾਕਟਰੀ ਨਿਗਰਾਨੀ ਹੇਠ ਆਰਾਮ ਕਰਨਾ ਅਤੇ ਨਿੰਬੂ ਪਾਣੀ, ਲੱਸੀ, ਦੁੱਧ ਜਿਹੇ ਪਦਾਰਥ ਪੀਣਾ ਕਾਰਗਰ ਹੁੰਦਾ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …