ਸਿਹਤ ਵਿਭਾਗ ਵੱਲੋਂ ਨਵਾਂ ਗਰਾਓਂ ਵਿੱਚ 611 ਘਰਾਂ ਦਾ ਸਰਵੇ, 2523 ਲੋਕਾਂ ਦੀ ਕੀਤੀ ਜਾਂਚ

ਪੀੜਤ ਮਰੀਜ਼ ਸੁਨੀਲ ਕੁਮਾਰ ਦੀ ਪਤਨੀ, ਮਾਤਾ, ਸਾਲਾ ਤੇ ਛੋਟੇ ਬੱਚੇ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਸਿਹਤ ਵਿਭਾਗ ਦੀਆਂ ਵੱਖ-ਵੱਖ ਪੰਜ ਟੀਮਾਂ ਨੇ ਅੱਜ ਨਵਾਂ ਗਰਾਓਂ ਵਿੱਚ 611 ਘਰਾਂ ਦਾ ਸਰਵੇ ਕੀਤਾ ਅਤੇ ਇਸ ਦੌਰਾਨ 2523 ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਕਾਰਵਾਈ ਨੂੰ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਅਤੇ ਮੁੱਢਲਾ ਸਿਹਤ ਕੇਂਦਰ ਘੜੂੰਆਂ ਦੀ ਐਸਐਮਓ ਡਾ. ਕੁਲਜੀਤ ਕੌਰ ਦੀ ਨਿਗਰਾਨੀ ਹੇਠ ਅੰਜਾਮ ਦਿੱਤਾ ਗਿਆ। ਬੀਤੇ ਦਿਨੀਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਿਲਕੁਲ ਨੇੜਲੇ ਕਸਬਾ ਨਵਾਂ ਗਰਾਓਂ ਦੇ ਵਸਨੀਕ ਸੁਨੀਲ ਕੁਮਾਰ (30) ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਮੁੜ ਤੋਂ ਇਸ ਖੇਤਰ ਵਿੱਚ ਸਰਗਰਮ ਹੋ ਗਿਆ ਹੈ। ਸੁਨੀਲ ਕੁਮਾਰ ਪੀਜੀਆਈ ਹਸਪਤਾਲ ਵਿੱਚ ਨੌਕਰੀ ਕਰਦਾ ਹੈ ਅਤੇ ਉਹ ਕਰੋਨਾ ਸਬੰਧੀ ਬਣਾਏ ਗਏ ਵਿਸ਼ੇਸ਼ ਵਾਰਡ ਵਿੱਚ ਤਾਇਨਾਤ ਸੀ। ਇਸ ਦੌਰਾਨ ਉਹ ਵੀ ਲਪੇਟੇ ਵਿੱਚ ਆ ਗਿਆ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਪੰਜ ਟੀਮਾਂ ਨੇ ਅੱਜ ਪੁਲੀਸ ਦੀ ਮਦਦ ਨਾਲ ਨਵਾਂ ਗਰਾਓਂ ਦੇ ਪ੍ਰਭਾਵਿਤ ਇਲਾਕੇ ਵਿੱਚ 611 ਘਰਾਂ ਦਾ ਸਰਵੇ ਕੀਤਾ ਗਿਆ ਅਤੇ ਇਸ ਦੌਰਾਨ 2535 ਵਿਅਕਤੀਆਂ ਦੀ ਜਾਂਚ ਕੀਤੀ ਗਈ ਲੇਕਿਨ ਇਨ੍ਹਾਂ ’ਚੋਂ ਕਿਸੇ ਵੀ ਵਿਅਕਤੀ ਵਿੱਚ ਕਰੋਨਾ ਦੀ ਮਹਾਮਾਰੀ ਦੇ ਲੱਛਣ ਨਜ਼ਰ ਨਹੀਂ ਆਏ ਹਨ ਪ੍ਰੰਤੂ ਇਸ ਦੇ ਬਾਵਜੂਦ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਪ੍ਰੇਰਦਿਆਂ ਸਾਵਧਾਨੀ ਵਰਤਨੀ ਦੀ ਅਪੀਲ ਕੀਤੀ ਗਈ ਹੈ।
ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਅੱਜ ਮੈਡੀਕਲ ਟੀਮ ਵੱਲੋਂ ਪੀੜਤ ਮਰੀਜ਼ ਸੁਨੀਲ ਕੁਮਾਰ ਦੀ ਪਤਨੀ, ਮਾਤਾ, ਸਾਲਾ ਅਤੇ ਇਕ ਛੋਟੇ ਬੱਚੇ ਦਾ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਸੁਨੀਲ ਦੇ ਟੱਬਰ ਨੂੰ ਅਗਲੇ ਹੁਕਮਾਂ ਤੱਕ ਹਾਊਸ ਆਈਸੋਲੇਸ਼ਨ ਤਹਿਤ ਆਪਣੇ ਘਰ ਵਿੱਚ ਨਜ਼ਰਬੰਦ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦਰਜਨ ਹੋਰਨਾਂ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਜਦੋਂਕਿ 13 ਰੈਪਿੰਗ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੋ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਛੇ ਮਰੀਜ਼ ਠੀਕ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਜਿਹੜੇ ਮਰੀਜ਼ ਜੇਰੇ ਇਲਾਜ ਵੀ ਹਨ, ਉਨ੍ਹਾਂ ਦੀ ਹਾਲਤ ਵੀ ਠੀਕ ਦੱਸੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…