Nabaz-e-punjab.com

ਸਿਹਤ ਵਿਭਾਗ ਨੇ 56 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ, 41 ਜਣਿਆਂ ਦੀ ਰਿਪੋਰਟ ਨੈਗੇਟਿਵ

ਮੁਹਾਲੀ ਜ਼ਿਲ੍ਹੇ ਪੀੜਤ ਮਰੀਜ਼ਾਂ ਦੀ ਗਿਣਤੀ 96 ’ਤੇ ਪੁੱਜੀ, 43 ਮਰੀਜ਼ ਠੀਕ ਹੋਏ, 51 ਕੇਸ ਐਕਟਿਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਜ਼ਿਲ੍ਹਾ ਸਿਹਤ ਵਿਭਾਗ ਨੇ ਬੁੱਧਵਾਰ ਨੂੰ ਜ਼ੀਰਕਪੁਰ ਵਿੱਚ ਇਕ ਹੋਰ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਅੱਜ ਸਮੁੱਚੇ ਜ਼ਿਲ੍ਹੇ ’ਚੋਂ 56 ਹੋਰ ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੀਤੇ ਕੱਲ੍ਹ ਵੱਖ-ਵੱਖ ਥਾਵਾਂ ਤੋਂ 70 ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ। ਜਿਨ੍ਹਾਂ ’ਚੋਂ ਅੱਜ 41 ਨਮੂਨਿਆਂ ਦੀ ਰਿਪੋਰਟ ਆ ਗਈ ਹੈ ਅਤੇ ਸਾਰੀਆਂ ਰਿਪੋਰਟਾਂ ਨੈਗੇਟਿਵ ਹਨ ਜਦੋਂਕਿ 29 ਸੈਂਪਲਾਂ ਦੀ ਰਿਪੋਰਟ ਭਲਕੇ ਆਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਜਵਾਹਰਪੁਰ ਸਮੇਤ ਨਵਾਂ ਗਾਉਂ, ਜਗਤਪੁਰਾ, ਕੁੰਭੜਾ, ਮੌਲੀ ਬੈਦਵਾਨ ਅਤੇ ਖਰੜ ਵਿੱਚ ਸਥਿਤੀ ਕਾਬੂ ਹੇਠ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵਧ ਕੇ 96 ਹੈ। ਜਿਨ੍ਹਾਂ ’ਚੋਂ ਦੋ ਮਰੀਜ਼ਾਂ ਓਮ ਪ੍ਰਕਾਸ਼ ਵਾਸੀ ਨਵਾਂ ਗਾਉਂ ਅਤੇ ਰਾਜ ਕੁਮਾਰੀ ਵਾਸੀ ਖਰੜ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਹੁਣ ਤੱਕ 43 ਮਰੀਜ਼ ਠੀਕ ਹੋਏ ਹਨ। ਜਿਨ੍ਹਾਂ ਵਿੱਚ ਇਕੱਲੇ ਜਵਾਹਰਪੁਰ ਦੇ 27 ਮਰੀਜ਼ ਹਨ। ਇਸ ਸਮੇਂ 51 ਕੇਸ ਐਕਟਿਵ ਹਨ। ਜੋ ਪੀਜੀਆਈ ਸਮੇਤ ਹੋਰ ਵੱਖ-ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ ਅਤੇ ਇਨ੍ਹਾਂ ਦਾ ਵਧੀਆ ਢੰਗ ਨਾਲ ਇਲਾਜ ਚੱਲ ਰਿਹਾ ਹੈ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਹੈ।
ਅੱਜ ਜ਼ੀਰਕਪੁਰ ਵਿੱਚ ਮਿਲੇ ਨਵੇਂ ਪਾਜ਼ੇਟਿਵ ਮਰੀਜ਼ ਬਾਰੇ ਸਿਵਲ ਸਰਜਨ ਨੇ ਦੱਸਿਆ ਕਿ 57 ਸਾਲਾਂ ਇਸ ਵਿਅਕਤੀ ਦਾ ਕੁੱਝ ਦਿਨ ਪਹਿਲਾਂ ਹਰਿਆਣਾ ਵਿੱਚ ਸਰਜਰੀ ਹੋਈ ਸੀ ਅਤੇ ਡਾਕਟਰਾਂ ਨੇ ਸਾਵਧਾਨੀ ਵਰਤਦਿਆਂ ਮਰੀਜ਼ ਦਾ ਸੈਂਪਲ ਲੈ ਕੇ ਜਾਂਚ ਲਈ ਭੇਜਿਆ ਗਿਆ ਸੀ। ਸਿਹਤ ਵਿਭਾਗ ਹਰਿਆਣਾ ਦੀ ਟੀਮ ਵੱਲੋਂ ਅੱਜ ਮੁਹਾਲੀ ਪ੍ਰਸ਼ਾਸਨ ਨੂੰ ਮਰੀਜ਼ ਦੀ ਰਿਪੋਰਟ ਪਾਜ਼ੇਟਿਵ ਆਉਣ ਬਾਰੇ ਜਾਣਕਾਰੀ। ਉਨ੍ਹਾਂ ਦੱਸਿਆ ਕਿ ਸਰਜਰੀ ਤੋਂ ਬਾਅਦ ਉਕਤ ਮਰੀਜ਼ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਸੀ ਲੇਕਿਨ ਹੁਣ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਕਤ ਵਿਅਕਤੀ ਨੂੰ ਬਨੂੜ ਨੇੜਲੇ ਗਿਆਨ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 2605 ਵਿਅਕਤੀਆਂ ਦਾ ਇਕਾਂਤਵਾਸ ਖ਼ਤਮ ਹੋ ਚੁੱਕਾ ਹੈ। ਜਦੋਂਕਿ ਇਸ ਸਮੇਂ 971 ਵਿਅਕਤੀ ਹਾਲੇ ਵੀ ਇਕਾਂਤਵਾਸ ਤਹਿਤ ਆਪੋ ਆਪਣੇ ਘਰਾਂ ਵਿੱਚ ਨਜ਼ਰਬੰਦ ਹਨ। ਜਿਨ੍ਹਾਂ ’ਤੇ ਮੈਡੀਕਲ ਟੀਮਾਂ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਮੁੱਚੇ ਜ਼ਿਲ੍ਹੇ ਅੰਦਰ 1960 ਵਿਅਕਤੀਆਂ ਦੇ ਨਮੂਨੇ ਲਏ ਜਾ ਚੁੱਕੇ ਹਨ। ਜਿਨ੍ਹਾਂ ’ਚੋਂ 1779 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ ਅੱਜ ਵਾਲੇ ਸੈਂਪਲਾਂ ਨੂੰ ਮਿਲਾ ਕੇ ਕੁੱਲ 85 ਨਮੂਨਿਆਂ ਦੀ ਰਿਪੋਰਟ ਪੈਂਡਿੰਗ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਨ ਲਈ ਉਹ ਆਪੋ ਆਪਣੇ ਘਰਾਂ ਵਿੱਚ ਰਹਿਣ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…