Share on Facebook Share on Twitter Share on Google+ Share on Pinterest Share on Linkedin ਸਿਹਤ ਵਿਭਾਗ ਦੀ ਟੀਮਾਂ ਵੱਲੋਂ ਨਵਾਂ ਗਰਾਓਂ ਵਿੱਚ ਮੁੜ ਸਰਵੇ, 88 ਲੋਕਾਂ ਦੇ ਰੈਪਿਡ ਟੈੱਸਟਾਂ ਦੀ ਰਿਪੋਰਟ ਨੈਗੇਟਿਵ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਨੇੜਲੇ ਦੇ ਕਸਬਾ ਨਵਾਂ ਗਰਾਓਂ ਵਿੱਚ ਬੀਤੇ ਦਿਨੀਂ ਕਰੋਨਾਵਾਇਰਸ ਤੋਂ ਪੀੜਤ ਚਾਰ ਹੋਰ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਖੇਤਰ ਆਦਰਸ਼ ਨਗਰ ਦਾ ਮੁੜ ਸਰਵੇ ਕੀਤਾ ਗਿਆ ਅਤੇ ਕਰੋਨਾ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਪ੍ਰੇਰਿਆ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਨਵਾਂ ਗਾਉਂ ਵਿੱਚ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਅਤੇ ਮੁੱਢਲਾ ਸਿਹਤ ਕੇਂਦਰ ਘੜੂੰਆਂ ਦੀ ਐਸਐਮਓ ਡਾ. ਕੁਲਜੀਤ ਕੌਰ ਦੀ ਨਿਗਰਾਨੀ ਹੇਠ ਆਦਰਸ਼ ਨਗਰ ਵਿੱਚ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਘਰ ਘਰ ਜਾ ਕੇ ਸਰਵੇ ਕੀਤਾ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਅੱਜ ਮੈਡੀਕਲ ਟੀਮਾਂ ਵੱਲੋਂ ਕਰੋਨਾ ਪੀੜਤ ਸੁਨੀਲ ਕੁਮਾਰ (30) ਅਤੇ ਉਸ ਦੇ ਚਾਰ ਪਰਿਵਾਰਕ ਮੈਂਬਰਾਂ ਦੇ ਸੰਪਰਕ ਵਿੱਚ ਆਉਣ ਵਾਲੇ ਕਰੀਬ 88 ਵਿਅਕਤੀਆਂ ਜਿਨ੍ਹਾਂ ਵਿੱਚ ਬੱਚੇ ਵੀ ਸ਼ਾਮਲ ਹਨ, ਦੇ ਰੈਪਿਡ ਕਿੱਟ ਟੇਸਟ ਕੀਤੇ ਗਏ ਅਤੇ ਸਾਰੇ ਟੈੱਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਆਦਰਸ਼ ਨਗਰ ਦੇ 94 ਘਰਾਂ ਦਾ ਸਰਵੇ ਕੀਤਾ ਗਿਆ ਸੀ ਅਤੇ 339 ਵਿਅਕਤੀਆਂ ਦੀ ਮੈਡੀਕਲ ਜਾਂਚ ਕੀਤੀ ਗਈ ਸੀ। ਇਨ੍ਹਾਂ ’ਚੋਂ ਕਿਸੇ ਵੀ ਵਿਅਕਤੀ ਵਿੱਚ ਕਰੋਨਾ ਵਾਇਰਸ ਦੇ ਲੱਛਣ ਨਜ਼ਰ ਨਹੀਂ ਆਏ ਹਨ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਅੱਠ ਪੀੜਤ ਵਿਅਕਤੀ ਇਲਾਜ ਤੋਂ ਬਾਅਦ ਤੰਦਰੁਸਤ ਹੋ ਕੇ ਆਪਣੇ ਘਰਾਂ ਵਿੱਚ ਪਰਤ ਚੁੱਕੇ ਹਨ। ਜਦੋਂਕਿ ਦੋ ਪਾਜ਼ੇਟਿਵ ਮਰੀਜ਼ਾਂ ਓਮ ਪ੍ਰਕਾਸ਼ ਵਾਸੀ ਨਵਾਂ ਗਰਾਓਂ ਅਤੇ ਰਾਜ ਕੁਮਾਰੀ ਵਾਸੀ ਖਰੜ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬਾਕੀ 51 ਪੀੜਤ ਮਰੀਜ਼ ਵੱਖ-ਵੱਖ ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ। ਉਨ੍ਹਾਂ ਸਾਰਿਆਂ ਦੀ ਹਾਲਤ ਵੀ ਫਿਲਹਾਲ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਸੰਪਰਕ ਵਿੱਚ ਆਉਣ ਵਾਲੇ ਹੋਰ ਵਿਅਕਤੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ। ਸਿਵਲ ਸਰਜਨ ਨੇ ਦੱਸਿਆ ਕਿ ਨਿਜ਼ਾਮੂਦੀਨ ਜਮਾਤ ਵਿੱਚ ਸ਼ਾਮਲ ਹੋਣ ਗਏ ਅੰਬਾਲਾ ਦੇ ਵਸਨੀਕ ਸਲੀਮ ਦੀ ਵਜ੍ਹਾ ਕਾਰਨ ਇਕੱਲੇ ਪਿੰਡ ਜਵਾਹਰਪੁਰ ਵਿੱਚ ਸਭ ਤੋਂ ਵੱਧ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਸੀ ਲੇਕਿਨ ਹੁਣ ਉੱਥੇ ਵੀ ਸਥਿਤੀ ਕਾਬੂ ਹੇਠ ਹੈ। ਇਹ ਪਿੰਡ ਹਾਲੇ ਵੀ ਪੂਰੀ ਤਰ੍ਹਾਂ ਸੀਲ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਜਗਤਪੁਰਾ, ਕੁੰਭੜਾ, ਮੌਲੀ ਬੈਦਵਾਨ ਅਤੇ ਹੋਰ ਸ਼ਹਿਰੀ ਖੇਤਰ ਖ਼ਤਰੇ ਤੋਂ ਬਾਹਰ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾਵਾਇਰਸ ਨੂੰ ਅੱਗੇ ਹੋਰ ਫੈਲਣ ਤੋਂ ਰੋਕਣ ਦਾ ਇੱਕੋ ਇਕ ਹੱਲ ਹੈ ਕਿ ਉਹ ਆਪਣੇ ਘਰਾਂ ਵਿੱਚ ਰਹਿਣ ਅਤੇ ਐਮਰਜੈਂਸੀ ਵਿੱਚ ਜਦੋਂ ਵੀ ਘਰ ਤੋਂ ਬਾਹਰ ਜਾਣ ਤਾਂ ਹਮੇਸ਼ਾ ਮੂੰਹ ’ਤੇ ਮਾਸਕ ਅਤੇ ਹੱਥਾਂ ਵਿੱਚ ਦਸਤਾਨੇ ਪਾਏ ਜਾਣ ਅਤੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਅਤੇ ਇਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ