ਸਿਹਤ ਵਿਭਾਗ ਨੇ ਦੋ ਕਰੋੜ ਪੰਜਾਬੀਆਂ ਦਾ ਕੀਤਾ ਕੋਵਿਡ ਟੀਕਾਕਰਨ: ਓਪੀ ਸੋਨੀ

ਉਪ ਮੁੱਖ ਮੰਤਰੀ ਓਪੀ ਸੋਨੀ ਵੱਲੋਂ ਵਧੀਆਂ ਸੇਵਾਵਾਂ ਬਦਲੇ ਸਿਹਤ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ:
ਪੰਜਾਬ ਵਿੱਚ ਕੋਵਿਡ ਵੈਕਸੀਨ ਦੀਆਂ 2 ਕਰੋੜ ਤੋਂ ਵੱਧ ਖੁਰਾਕਾਂ ਦੇਣ ਦੇ ਮੀਲ ਪੱਥਰ ਨੂੰ ਪਾਰ ਕਰਨ ਦੀ ਪ੍ਰਾਪਤੀ ’ਤੇ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਅਗਵਾਈ ਹੇਠ ਅੱਜ ਇੱਥੇ ਇੱਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਿਹਤ ਨਿਗਮ ਦੇ ਐਮਡੀ ਅਮਿਤ ਕੁਮਾਰ, ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਅੰਦੇਸ਼, ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਡਾ. ਓਮ ਪ੍ਰਕਾਸ਼ ਗੋਜਰਾ, ਪੰਜਾਬ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ, ਸਟੇਟ ਨੋਡਲ ਅਫ਼ਸਰ (ਕੋਵਿਡ) ਡਾ. ਰਾਜੇਸ਼ ਭਾਸਕਰ ਨੂੰ ਕੋਵਿਡ ਮਹਾਮਾਰੀ ਖ਼ਿਲਾਫ਼ ਲੜਾਈ ਵਿੱਚ ਪਾਏ ਯੋਗਦਾਨ ਬਦਲੇ ਸਨਮਾਨਿਤ ਕੀਤਾ ਗਿਆ। ਇੰਜ ਹੀ ਜ਼ਿਲ੍ਹਾ ਟੀਕਾਕਰਨ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਓਪੀ ਸੋਨੀ ਨੇ ਕਿਹਾ ਕਿ ਕਰੋਨਾ ਮਹਾਮਾਰੀ ਨੂੰ ਠੱਲ੍ਹ ਪਾਉਣ ਲਈ ਉਕਤ ਸਾਰੇ ਸਿਹਤ ਅਧਿਕਾਰੀਆਂ ਅਤੇ ਹੋਰ ਹਿੱਸੇਦਾਰ ਵਿਭਾਗਾਂ ਅਤੇ ਸੰਸਥਾਵਾਂ ਜਿਵੇਂ ਕਿ ਡਬਲਯੂ.ਐਚ.ਓ., ਯੂ.ਐੱਸ.ਏ.ਆਈ.ਡੀ. ਨੇ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੂਰੀ ਬਾਲਗ ਆਬਾਦੀ ਨੂੰ ਕਵਰ ਕਰਨ ਲਈ ਸੂਬੇ ਭਰ ਵਿੱਚ ਵਿਆਪਕ ਤੌਰ ’ਤੇ ਕੋਵਿਡ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ।
ਸ੍ਰੀ ਸੋਨੀ ਨੇ ਸਮੂਹ ਸਿਹਤ ਕਰਮਚਾਰੀਆਂ/ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ 100 ਫੀਸਦੀ ਕੋਵਿਡ ਟੀਕਾਕਰਨ ਦਾ ਟੀਚਾ ਪ੍ਰਾਪਤ ਕਰਨ ਦੇ ਰਾਹ ’ਤੇ ਹੈ, ਜਿਸ ਨਾਲ ਕਰੋਨਾ ਦੀ ਸੰਭਾਵਿਤ ਤੀਜੀ ਲਹਿਰ ਦੇ ਅਸਰ ਨੂੰ ਘਟਾਇਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਕੋਵਿਡ ਰੋਕੂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਪੰਜਾਬ ਵਿੱਚ ਡੇਂਗੂ ਦੇ ਲਗਾਤਾਰ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਣਾ ਚਾਹੀਦਾ ਹੈ।
ਇਸ ਦੌਰਾਨ ਉਪ ਮੁੱਖ ਮੰਤਰੀ ਨੇ ਯੂਐਸਏਆਈਡੀ ਦੇ ਪ੍ਰਾਜੈਕਟ ਰਾਈਜ਼ (ਰੀਚਿ ਇਮਪੈਕਟ, ਸੈਚੁਰੇਸ਼ਨ ਐਂਡ ਐਪੀਡੈਮਿਕ ਕੰਟਰੋਲ) ਦੀ ਤਕਨੀਕੀ ਅਗਵਾਈ ਹੇਠ ਸਥਾਪਿਤ ਕੀਤੇ ਗਏ ਮਾਡਲ ਟੀਕਾਕਰਨ ਕੇਂਦਰ ਦਾ ਉਦਘਾਟਨ ਵੀ ਕੀਤਾ। ਯੂਐਸਏਆਈਡੀ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਅਜਿਹੇ ਮਾਡਲ ਟੀਕਾਕਰਨ ਕੇਂਦਰ ਖੋਲ੍ਹੇਗਾ। ਇਸ ਸੰਸਥਾ ਵੱਲੋਂ ਰਾਜ ਵਿੱਚ 20 ਆਰਟੀਪੀਸੀਆਰ ਲੈਬਾਂ ਦੀ ਸਥਾਪਨਾ ਵੀ ਕੀਤੀ ਜਾਵੇਗੀ ਅਤੇ ਆਕਸੀਜਨ ਪਲਾਂਟਾਂ ਵਿੱਚ ਕਰਮਚਾਰੀਆਂ ਨੂੰ ਤਕਨੀਕੀ ਸਹਾਇਤਾ ਅਤੇ ਸਿਖਲਾਈ ਵੀ ਪ੍ਰਦਾਨ ਕਰੇਗੀ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …