
ਮੁਹਾਲੀ ਵਿੱਚ ਸਿਹਤ ਸੰਸਥਾਵਾਂ ਨੂੰ ਚੋਣਵੀਆਂ ਸਰਜਰੀਆਂ ਕਰਨ ਦੀ ਇਜਾਜ਼ਤ ਦਿੱਤੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ:
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸਮੁੱਚੇ ਮੁਹਾਲੀ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਨੂੰ ਹੁਣ ਤੋਂ ਚੋਣਵੀਆਂ ਸਰਜਰੀਆਂ ਕਰਨ ਦੀ ਆਗਿਆ ਦਿੱਤੀ ਗਈ ਹੈ। ਹਾਲਾਂਕਿ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਕੋਵਿਡ-19 ਲਈ ਲੈਵਲ-3 ਦੀ ਸਮਰੱਥਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਆਪਕ ਕੋਵਿਡ-19 ਮਾਮਲਿਆਂ ਵਿੱਚ ਆਈ ਗਿਰਾਵਟ ਦੇ ਨਤੀਜੇ ਵਜੋਂ ਸਿਹਤ ਸਹੂਲਤਾਂ ਵਿੱਚ ਪਹਿਲਾਂ ਦੇ ਮੁਕਾਬਲੇ ਦਬਾਅ ਘੱਟ ਗਿਆ ਹੈ। ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਅਗਵਾਈ ਲੀਹਾਂ ਦੇ ਚੱਲਦਿਆਂ ਇਹ ਫੈਸਲਾ ਲਿਆ ਗਿਆ ਹੈ। ਉਂਜ ਉਨ੍ਹਾਂ ਨੇ ਸਿਹਤ ਸੰਸਥਾਵਾਂ ਨੂੰ ਪੂਰੀ ਸਾਵਧਾਨੀ ਵਰਤਣ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ।