ਸਿਹਤ ਮੰਤਰੀ ਬਲਬੀਰ ਸਿੱਧੂ ਨੇ ਫੇਜ਼-3ਬੀ1 ਵਿੱਚ ਕਮਿਊਨਿਟੀ ਹੈਲਥ ਸੈਂਟਰ ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਲੋਕਾਂ ਨੂੰ ਘਰ ਨੇੜੇ ਬੁਨਿਆਦੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ: ਸਿੱਧੂ

ਫੇਜ਼-3ਬੀ1 ਵਿੱਚ 13.40 ਕਰੋੜ ਦੀ ਲਾਗਤ ਨਾਲ ਬਣੇਗਾ 30 ਬਿਸਤਰਿਆਂ ਵਾਲਾ ਸਰਕਾਰੀ ਹਸਪਤਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਕਤੂਬਰ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਮੌਜੂਦਗੀ ਵਿੱਚ ਸਥਾਨਕ ਫੇਜ਼-3ਬੀ1 ਵਿੱਚ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ 30 ਬਿਸਤਰਿਆਂ ਵਾਲੇ ਇਸ ਤਿੰਨ ਮੰਜ਼ਲਾਂ ਸਰਕਾਰੀ ਹਸਪਤਾਲ ਦੀ ਉਸਾਰੀ ’ਤੇ 13.40 ਕਰੋੜ ਰੁਪਏ ਖ਼ਰਚੇ ਜਾਣਗੇ। ਇੱਥੇ ਆਮ ਸ਼ਹਿਰੀਆਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿੱਚ 24 ਘੰਟੇ ਐਮਰਜੈਂਸੀ ਸਹੂਲਤਾਂ ਉਪਲਬਧ ਕਰਵਾਉਣ ਦੇ ਨਾਲ-ਨਾਲ ਓਪੀਡੀ ਅਤੇ ਡਾਇਗਨੋਸਟਿਕ ਸੈਂਟਰ, ਬਲੱਡ ਸਟੋਰੇਜ ਰੂਮ, 150 ਵਿਅਕਤੀਆਂ ਲਈ ਟਰੇਨਿੰਗ ਹਾਲ, ਅਤਿ-ਆਧੁਨਿਕ ਅਪਰੇਸ਼ਨ ਥੀਏਟਰ, ਜੱਚਾ/ਬੱਚਾ ਸੁਵਿਧਾਵਾਂ, ਮਰਦਾਨਾ ਤੇ ਜਨਾਨਾ ਵਾਰਡ, ਪ੍ਰਾਈਵੇਟ ਰੂਮ, ਸੀਸੀਟੀਵੀ ਸੁਰੱਖਿਆ ਸਿਸਟਮ ਅਤੇ ਟਰੀਟਮੈਂਟ ਪਲਾਂਟ ਅਤੇ ਪਾਰਕਿੰਗ ਦੀ ਸੁਵਿਧਾ ਉਪਲਬਧ ਕਰਵਾਈ ਜਾਵੇਗੀ।
ਸ੍ਰੀ ਸਿੱਧੂ ਨੇ ਕਿਹਾ ਕਿ ਇਸ ਹਸਪਤਾਲ ਦੇ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਪ੍ਰਦਾਨ ਹੋਣਗੀਆਂ ਅਤੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਦਾ ਬੋਝ ਹਲਕਾ ਹੋਵੇਗਾ।
ਸਿਹਤ ਮੰਤਰੀ ਨੇ ਕਿਹਾ ਕਿ ਮੁਹਾਲੀ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ 2013 ਵਿੱਚ ਰਾਜ ਸਭਾ ਦੇ ਤਤਕਾਲੀ ਮੈਂਬਰ ਸ੍ਰੀਮਤੀ ਅੰਬਿਕਾ ਸੋਨੀ ਦੀ ਮਦਦ ਨਾਲ ਇਹ ਪ੍ਰਾਜੈਕਟ ਮਨਜ਼ੂਰ ਕਰਵਾਇਆ ਸੀ। ਸਿਹਤ ਮੰਤਰੀ ਬਣਦੇ ਹੀ ਉਨ੍ਹਾਂ ਨੇ ਹੁਣ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਇਸ ਵੱਕਾਰੀ ਪ੍ਰਾਜੈਕਟ ਲਈ 20 ਏਕੜ ਜ਼ਮੀਨ ਦੇਣ ਵਾਲੇ ਪਿੰਡਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ 14 ਏਕੜ ਸਰਕਾਰੀ ਜ਼ਮੀਨ ਨੂੰ ਨਾਲ ਜੋੜ ਦਿੱਤਾ ਗਿਆ ਹੈ। ਇਸ ’ਤੇ 375 ਕਰੋੜ ਰੁਪਏ ਦੀ ਲਾਗਤ ਨਾਲ 500 ਬੈਡ ਦਾ ਹਸਪਤਾਲ ਤਿਆਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹਸਪਤਾਲ ਦੀ ਉਸਾਰੀ ਕਰਵਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਜ਼ਮੀਨ ਨਾਲ ਜੁੜੇ ਜਨਸੇਵਕ ਹਨ। ਕਰੋਨਾ ਮਹਾਮਾਰੀ ਦੇ ਦੌਰ ਵਿੱਚ ਵੀ ਉਹ ਘਰ ਨਹੀਂ ਬੈਠੇ ਅਤੇ ਉਹ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰਨ ਲਈ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਜ਼ਿੰਮੇਵਾਰੀ ਨਿਭਾਉਂਦੇ ਰਹੇ ਹਨ।
ਇਸ ਤੋਂ ਪਹਿਲਾਂ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਿਵਲ ਸਰਜਨ ਡਾ. ਜੀਬੀ ਸਿੰਘ ਨੇ ਸਮਾਰੋਹ ਵਿੱਚ ਪੁੱਜੀਆਂ ਉੱਘੀਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ। ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆ ਬਾਰੇ ਦੱਸਦਿਆਂ ਹਸਪਤਾਲ ਦੀ ਉਸਾਰੀ ਕਰਵਾਉਣ ਲਈ ਸ੍ਰੀ ਸਿੱਧੂ ਦਾ ਧੰਨਵਾਦ ਕੀਤਾ। ਸਾਬਕਾ ਕੌਂਸਲਰ ਤਰਨਜੀਤ ਕੌਰ ਗਿੱਲ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮਡੀ ਸ੍ਰੀਮਤੀ ਤਨੂ ਕਸ਼ਯਪ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਏਡੀਸੀ (ਡੀ) ਰਾਜੀਵ ਗੁਪਤਾ, ਕਮਿਸ਼ਨਰ ਡਾ. ਕਮਲ ਗਰਗ, ਐਸਡੀਐਮ ਜਗਦੀਪ ਸਹਿਗਲ, ਪੰਜਾਬ ਐਗਰੋ ਦੇ ਚੇਅਰਮੈਨ ਰਵਿੰਦਰਪਾਲ ਸਿੰਘ, ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਤਰਨਜੀਤ ਕੌਰ ਗਿੱਲ, ਬਲਾਕ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਗਿੱਲ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਜਨਰਲ ਸਕੱਤਰ ਬਲਜੀਤ ਕੌਰ, ਅਮਰੀਕ ਸਿੰਘ ਸੋਮਲ, ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਣਾ, ਬੀ.ਬੀ. ਮੈਣੀ, ਨਛੱਤਰ ਸਿੰਘ, ਗੁਰਸਾਹਿਬ ਸਿੰਘ, ਜਸਪ੍ਰੀਤ ਸਿੰਘ, ਨਰਪਿੰਦਰ ਸਿੰਘ ਰੰਗੀ, ਜੀਐਸ ਰਿਆੜ, ਰੁਪਿੰਦਰ ਕੌਰ ਰੀਨਾ ਤੇ ਸੁਰਜੀਤ ਕੌਰ ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…