
ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪਿੰਡ ਕੰਬਾਲਾ ਦੇ ਵਿਕਾਸ ਕਾਰਜਾਂ ਲਈ 5 ਲੱਖ ਦੀ ਗਰਾਂਟ ਦਿੱਤੀ
‘ਕਰੋਨਾ’ ਮਹਾਮਾਰੀ ਦੇ ਬਾਵਜੂਦ ਮੁਹਾਲੀ ਹਲਕੇ ਦੇ ਵਿਕਾਸ ਲਈ ਫੰਡਾਂ ਘਾਟ ਨਹੀਂ ਆਉਣ ਦਿਆਂਗੇ: ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ:
ਪੰਜਾਬ ਵਿੱਚ ਕਰੋਨਾਵਾਇਰਸ ਦੀ ਮਹਾਮਾਰੀ ਦੇ ਬਾਵਜੂਦ ਮੁਹਾਲੀ ਹਲਕੇ ਦੇ ਸਰਬਪੱਖੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੇਂਡੂ ਲੋਕਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਇਸ ਤੋਂ ਪਹਿਲਾਂ ਮੰਤਰੀ ਨੇ ਪਿੰਡ ਕੰਬਾਲਾ ਦੇ ਵਿਕਾਸ ਅਤੇ ਗਲੀਆਂ-ਨਾਲੀਆਂ ਦੀ ਮੁਰੰਮਤ ਲਈ ਸਰਪੰਚ ਅਮਰੀਕ ਸਿੰਘ ਅਤੇ ਹੋਰਨਾਂ ਪਤਵੰਤਿਆਂ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ।
ਸ੍ਰੀ ਸਿੱਧੂ ਨੇ ਦੱਸਿਆ ਕਿ ਇਹ ਗਰਾਂਟ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਅਖ਼ਤਿਆਰੀ ਕੋਟੇ ’ਚੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਪ੍ਰਤੀ ਵਿਸ਼ੇਸ਼ ਤਵੱਜੋ ਦੇ ਰਹੀ ਹੈ। ਭਾਵੇਂ ਕਰੋਨਾ ਮਹਾਮਾਰੀ ਨੇ ਦੁਨੀਆ ਦੇ ਅਰਥਚਾਰੇ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ ਅਤੇ ਕਈ ਸੂਬਿਆਂ ਵਿੱਚ ਵਿਕਾਸ ਦੇ ਕੰਮਾਂ ਦੀ ਰਫ਼ਤਾਰ ਮੱਠੀ ਪੈ ਗਈ ਹੈ ਪ੍ਰੰਤੂ ਇਸ ਦੇ ਬਾਵਜੂਦ ਮੁਹਾਲੀ ਸਮੇਤ ਪੰਜਾਬ ਵਿੱਚ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਅਮਰੀਕ ਸਿੰਘ ਸਰਪੰਚ ਕੰਬਾਲਾ, ਗਿਆਨ ਸਿੰਘ, ਰੌਸ਼ਨਦੀਨ, ਰਾਜਵਿੰਦਰ ਕੌਰ, ਬਲਵਿੰਦਰ ਸਿੰਘ, ਨਿਰਮਲ ਸਿੰਘ, ਨਛੱਤਰ ਸਿੰਘ, ਸ਼ੇਰ ਸਿੰਘ, ਗੁਰਧਿਆਨ ਸਿੰਘ ਦੁਰਾਲੀ ਅਤੇ ਧਰਮਪਾਲ ਸਿੰਘ ਵੀ ਮੌਜੂਦ ਸਨ।