ਸਿਹਤ ਮੰਤਰੀ ਬਲਬੀਰ ਸਿੱਧੂ ਨੇ 1100 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆਂ

ਅੌਖੀ ਘੜੀ ਵਿੱਚ ਲੋੜਵੰਦਾਂ ਦੀ ਬਾਂਹ ਫੜਨਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ‘ਕੋਰੋਨਾਵਾਇਰਸ’ ਮਹਾਂਮਰੀ ਦੇ ਸੰਕਟ ਦੌਰਾਨ ਲੋੜਵੰਦਾਂ ਦੀ ਮਦਦ ਕਰਨ ਦਾ ਉਪਰਾਲਾ ਲਗਾਤਾਰ ਜਾਰੀ ਰੱਖਿਆ ਹੋਇਆ ਹੈ। ਇਸੇ ਦਿਸ਼ਾ ਵਿੱਚ ਉਨਾਂ ਅੱਜ ਮੁਹਾਲੀ ਦੇ ਫੇਜ਼-5 ਅਤੇ ਸੈਕਟਰ-70 ਵਿਖੇ 1100 ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੇ ਪੈਕੇਟ ਵੰਡੇ। ਇਨ੍ਹਾਂ ਪੈਕੇਟਾਂ ਵਿੱਚ ਤੇਲ, ਚੌਲ, ਆਟੇ ਸਮੇਤ ਨਿੱਤ ਵਰਤੋਂ ਦੀਆਂ ਹੋਰ ਜ਼ਰੂਰੀ ਵਸਤਾਂ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਇਸ ਅੌਖੀ ਘੜੀ ਵਿਚ ਲੋੜਵੰਦਾਂ ਲੋਕਾਂ ਦੀ ਬਾਂਹ ਫੜਨਾ ਹਰ ਕਿਸੇ ਦਾ ਸਮਾਜਿਕ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਰੂ ਬੀਮਾਰੀ ਦੀ ਰੋਕਥਾਮ ਲਈ ਲਾਏ ਗਏ ਕਰਫ਼ਿਊ ਕਾਰਨ ਕਈ ਲੋਕਾਂ ਦਾ ਰੁਜ਼ਗਾਰ ਖੁੱਸ ਗਿਆ ਹੈ ਤੇ ਸਭ ਤੋਂ ਵੱਧ ਮਾਰ ਗ਼ਰੀਬ ਲੋਕਾਂ ਨੂੰ ਪਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਕਈ ਦਿਨਾਂ ਤੋਂ ਵੱਖ ਵੱਖ ਥਾਈਂ ਲੋੜਵੰਦਾਂ ਨੂੰ ਜ਼ਰੂਰੀ ਚੀਜ਼ਾਂ ਮੁਹਈਆ ਕਰਵਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਖਾਣ-ਪੀਣ ਸਬੰਧੀ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸ. ਸਿੱਧੂ ਨੇ ਦਸਿਆ ਕਿ ਉਨਾਂ ਫੇਜ਼-5 ਵਿਖੇ 500 ਅਤੇ ਸੈਕਟਰ-70 ਵਿਖੇ 600 ਪੈਕਟ ਰਾਸ਼ਨ ਵੰਡਿਆ ਹੈ।
ਸ੍ਰੀ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬੀਮਾਰੀ ਤੋਂ ਬਚਣ ਲਈ ਉਹ ਅਪਣੇ ਘਰਾਂ ਅੰਦਰ ਹੀ ਰਹਿਣ ਅਤੇ ਬਹੁਤ ਜ਼ਿਆਦਾ ਲੋੜ ਪੈਣ ‘ਤੇ ਹੀ ਬਾਹਰ ਨਿਕਲਣ। ਉਨ੍ਹਾਂ ਲੋਕਾਂ ਨੂੰ ਵਾਰ ਵਾਰ ਹੱਥ ਧੋਣ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ ਲਈ ਵੀ ਆਖਿਆ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮਾਰੂ ਬੀਮਾਰੀ ’ਤੇ ਛੇਤੀ ਹੀ ਕਾਬੂ ਪਾ ਲਿਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਸਹਿਕਾਰੀ ਬੈਂਕ ਮੁਹਾਲੀ ਦੇ ਚੇਅਰਮੈਨ ਅਮਰਜੀਤ ਸਿੰਘ ਜੀਤੀ ਸਿੱਧੂ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਕਾਂਗਰਸ ਦੀ ਮੀਤ ਪ੍ਰਧਾਨ ਬਲਜੀਤ ਕੌਰ, ਰਾਜਿੰਦਰ ਸਿੰਘ ਚਾਹਲ, ਸਾਬਕਾ ਕੌਂਸਲਰ ਸੁਰਿੰਦਰ ਰਾਜਪੂਤ, ਐਡਵੋਕੇਟ ਰਿਪੂਦਮਨ ਸਿੰਘ, ਪਿਆਰਾ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…