Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪੱਤਰਕਾਰਾਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਸਰਕਾਰੀ ਹਸਪਤਾਲਾਂ ਸਮੇਤ ਰਾਜ ਦੇ 400 ਪ੍ਰਾਈਵੇਟ ਹਸਪਤਾਲਾਂ ਵਿੱਚ ਹੋਵੇਗਾ ਮੁਫ਼ਤ ਇਲਾਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਦਸੰਬਰ: ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮੁਹਾਲੀ ਦੇ ਪੱਤਰਕਾਰਾਂ ਨੂੰ ਮੁਫ਼ਤ ਇਲਾਜ ਲਈ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ 46 ਲੱਖ ਪਰਿਵਾਰਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆ ਕੇ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ ਅਤੇ ਪੱਤਰਕਾਰ ਭਾਈਚਾਰੇ ਨੂੰ ਵੀ ਇਸ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਯੋਜਨਾ ਤਹਿਤ ਕਾਰਡ ਧਾਰਕ 5 ਲੱਖ ਰੁਪਏ ਤੱਕ ਆਪਣਾ ਇਲਾਜ ਮੁਫ਼ਤ ਕਰਵਾ ਸਕਦਾ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਭਰ ਵਿੱਚ ਲੋਕ ਇਸ ਯੋਜਨਾ ਤਹਿਤ 100 ਕਰੋੜ ਰੁਪਏ ਤੱਕ ਦਾ ਇਲਾਜ ਕਰਵਾ ਚੁੱਕੇ ਹਨ ਅਤੇ 40 ਲੱਖ ਕਾਰਡ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਲਾਭਪਾਤਰੀਆਂ ਲਈ ਸਹਿਤ ਬੀਮਾ ਯੋਜਨਾ ਦੇ ਕਾਰਡਾਂ ਲਈ ਟੈਂਡਰ ਹੋ ਚੁੱਕਾ ਹੈ ਅਤੇ ਨਵੇਂ ਸਾਲ ਦੇ ਪਹਿਲੇ ਹਫ਼ਤੇ ਵਿੱਚ ਬਾਕੀ ਰਹਿੰਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੇ ਘੇਰੇ ਵਿੱਚ ਛੋਟੇ ਕਿਸਾਨ, ਛੋਟੇ ਦੁਕਾਨਦਾਰ ਅਤੇ ਨੀਲੇ ਕਾਰਡ ਧਾਰਕ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਹਤ ਅਤੇ ਸਿੱਖਿਆ ਪ੍ਰਤੀ ਕਾਫੀ ਗੰਭੀਰ ਹਨ ਅਤੇ ਸਰਕਾਰ ਦੀ ਯੋਜਨਾ ਹੈ ਕਿ ਰਾਜ ਦੇ ਸਾਰੇ ਪਰਿਵਾਰਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆ ਕੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਇਲਾਜ ਲਈ ਸਰਕਾਰੀ ਹਸਪਤਾਲਾਂ ਸਮੇਤ ਰਾਜ ਦੇ 400 ਪ੍ਰਾਈਵੇਟ ਹਸਪਤਾਲਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਸਤਵਿੰਦਰ ਸਿੰਘ ਧੜਾਕ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਨੇ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਵਿੱਤੀ ਸਹਾਇਤਾ, 5 ਲੱਖ ਦੀ ਪੈਂਡਿੰਗ ਗਰਾਂਟ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਮੰਗ ਕੀਤੀ। ਸਿਹਤ ਮੰਤਰੀ ਨੇ ਪੱਤਰਕਾਰਾਂ ਦੀ ਮੰਗ ਨੂੰ ਇਸ ਜਾਇਜ਼ ਮੰਨਦਿਆਂ 5 ਲੱਖ ਰੁਪਏ ਦੀ ਗਰਾਂਟ ਜਲਦੀ ਰਿਲੀਜ਼ ਕਰਨ ਦਾ ਭਰੋਸਾ ਦਿੱਤਾ। ਅਖੀਰ ਵਿੱਚ ਚੇਅਰਮੈਨ ਦਰਸ਼ਨ ਸਿੰਘ ਸੋਢੀ ਅਤੇ ਵਾਈਸ ਚੇਅਰਮੈਨ ਮਹਿੰਦਰਪਾਲ ਕੌਸ਼ਿਕ ਨੇ ਪੱਤਰਕਾਰਾਂ ਨੂੰ ਇਸ ਸੁਵਿਧਾ ਦਾ ਲਾਭ ਦੇਣ ਲਈ ਸਿਹਤ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮੋਹਨ ਸਿੰਘ ਬਠਲਾਣਾ, ਓਐਸਡੀ ਡਾ. ਬਲਵਿੰਦਰ ਸਿੰਘ, ਸਾਬਕਾ ਸਰਪੰਚ ਜਸਪਾਲ ਸਿੰਘ ਜ਼ੀਰਕਪੁਰ ਸਮੇਤ ਸੀਨੀਅਰ ਪੱਤਰਕਾਰ ਕੇਵਲ ਸਿੰਘ ਰਾਣਾ, ਰਾਜੀਵ ਜੈਨ, ਰਣਜੀਤ ਰਾਣਾ, ਜਸਬੀਰ ਸਿੰਘ ਜੱਸੀ, ਆਸੀਸ ਕਪੂਰ, ਗੁਰਵਿੰਦਰ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ