
ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਫੋਰਟਿਸ ਹਸਪਤਾਲ ’ਚੋਂ ਛੁੱਟੀ ਮਿਲੀ
ਮੰਤਰੀ ਦਾ ਪੀਏ ਰਜਿੰਦਰ ਸਿੰਘ ਸਰਕਾਰੀ ਹਸਪਤਾਲ ਮੁਹਾਲੀ ਵਿੱਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅੱਜ ਇੱਥੋਂ ਦੇ ਫੋਰਟਿਸ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਬੀਤੀ 10 ਅਕਤੂਬਰ ਨੂੰ ਸ੍ਰੀ ਸਿੱਧੂ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਮੰਤਰੀ ਦੇ ਪੀਏ ਰਜਿੰਦਰ ਸਿੰਘ ਵੀ ਕਰੋਨਾ ਮਹਾਮਾਰੀ ਦੇ ਲਪੇਟੇ ਵਿੱਚ ਆ ਗਏ ਸੀ। ਉਹ ਵੀ ਪਿਛਲੇ ਕਈ ਦਿਨਾਂ ਤੋਂ ਆਪਣੇ ਘਰ ਇਕਾਂਤਵਾਸ ਵਿੱਚ ਸਨ, ਪ੍ਰੰਤੂ ਬੀਤੇ ਦਿਨੀਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕੀਤਾ ਗਿਆ ਹੈ। ਉਂਜ ਉਨ੍ਹਾਂ ਦੀ ਹਾਲਤ ਬਿਲਕੁਲ ਠੀਕ ਦੱਸੀ ਜਾ ਰਹੀ ਹੈ।
ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੰਤਰੀ ਦਾ ਬੁਖ਼ਾਰ ਉਤਰ ਗਿਆ ਹੈ ਅਤੇ ਉਨ੍ਹਾਂ ਨੂੰ ਹੁਣ ਫੇਫੜਿਆਂ ਦੀ ਤਕਲੀਫ਼ ਤੋਂ ਹੁਣ ਕਾਫ਼ੀ ਹੱਦ ਤੱਕ ਆਰਾਮ ਹੈ। ਜਿਸ ਕਾਰਨ ਅੱਜ ਉਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਪ੍ਰੰਤੂ ਸਿਹਤ ਮੰਤਰੀ ਨੂੰ ਪਬਲਿਕ ਡੀਲਿੰਗ ਬੰਦ ਰੱਖਣ ਅਤੇ ਹਫ਼ਤਾ ਭਰ ਆਪਣੇ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।
ਬੀਤੀ 6 ਅਕਤੂਬਰ ਨੂੰ ਸਿਹਤ ਮੰਤਰੀ ਨੂੰ ਹਲਕਾ ਜਿਹਾ ਬੁਖ਼ਾਰ ਅਤੇ ਗਲਾ ਖ਼ਰਾਬ ਹੋਣ ’ਤੇ ਉਨ੍ਹਾਂ ਨੇ ਖ਼ੁਦ ਹੀ ਮੁਹਾਲੀ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਕਰੋਨਾ ਦੀ ਜਾਂਚ ਲਈ ਆਪਣਾ ਸੈਂਪਲ ਦਿੱਤਾ ਸੀ ਅਤੇ ਬਾਅਦ ਦੁਪਹਿਰ ਮੰਤਰੀ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਜਿਸ ਕਾਰਨ ਸ੍ਰੀ ਸਿੱਧੂ ਨੂੰ ਅਗਲੇ 14 ਦਿਨਾਂ ਲਈ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਸੀ। ਦੱਸਿਆ ਗਿਆ ਹੈ ਕਿ ਬੀਤੀ 10 ਅਕਤੂਬਰ ਨੂੰ ਸਿੱਧੂ ਨੂੰ ਤੇਜ਼ ਬੁਖ਼ਾਰ ਹੋਣ ’ਤੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ ਪਿਛਲੇ ਦਿਨੀਂ ਸੰਗਰੂਰ ਵਿੱਚ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਰਾਹੁਲ ਗਾਂਧੀ ਦੀ ਕਿਸਾਨ ਰੈਲੀ ਵਿੱਚ ਸ਼ਿਰਕਤ ਕੀਤੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਸੀਨੀਅਰ ਕਾਂਗਰਸੀ ਆਗੂਆਂ ਨਾਲ ਸਟੇਜ ਸਾਂਝੀ ਕੀਤੀ ਗਈ ਸੀ। ਬੀਤੇ ਦਿਨੀਂ ਮੁੱਖ ਮੰਤਰੀ ਦੇ ਕਰੋਨਾ ਸੈਂਪਲ ਦੀ ਰਿਪੋਰਟ ਨੈਗੇਟਿਵ ਆਈ ਹੈ। ਉਂਜ ਕੈਪਟਨ ਪਹਿਲਾਂ ਵੀ ਆਪਣਾ ਕਈ ਵਾਰ ਕਰੋਨਾ ਟੈਸਟ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਮੁਹਾਲੀ ਹਲਕੇ ਰੋਜ਼ਾਨਾ ਹੀ ਪਬਲਿਕ ਡੀਲਿੰਗ ਕਰਦੇ ਆ ਰਹੇ ਹਨ ਅਤੇ ਆਏ ਦਿਨ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ ਹਨ। ਇਨ੍ਹਾਂ ਸਮਾਗਮਾਂ ਦੌਰਾਨ ਉਹ ਸੈਂਕੜੇ ਲੋਕਾਂ ਨੂੰ ਮਿਲਦੇ ਰਹੇ ਹਨ।