
ਸਿਹਤ ਮੰਤਰੀ ਬਲਬੀਰ ਸਿੱਧੂ ਨੇ ਵੱਖ-ਵੱਖ ਮਾਰਕੀਟਾਂ ਦੇ ਵਿਕਾਸ ਲਈ ਨੀਂਹ ਪੱਥਰ ਰੱਖੇ
ਕਰੋਨਾ ਸੰਕਟ ਦੇ ਮੱਦੇਨਜ਼ਰ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੀਆਂ ਵੱਖ-ਵੱਖ ਮਾਰਕੀਟਾਂ ਦੇ ਨਵੀਨੀਕਰਨ ਦੇ ਕੰਮਾਂ ਦੀ ਰਸਮੀ ਸ਼ੁਰੂਆਤ ਕਰਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਮੌਜੂਦਗੀ ਵਿੱਚ ਮਾਰਕੀਟਾਂ ਦੀ ਕਾਇਆਕਲਪ ਕਰਨ ਲਈ ਨੀਂਹ-ਪੱਥਰ ਰੱਖੇ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ’ਤੇ ਦੋ ਕਰੋੜ 10 ਲੱਖ ਰੁਪਏ ਖ਼ਰਚੇ ਜਾਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਕਿ ਫੇਜ਼-1, ਫੇਜ਼-2, ਫੇਜ਼-3ਬੀ2 ਅਤੇ ਫੇਜ਼-5 ਦੀ ਮਾਰਕੀਟਾਂ ਵਿੱਚ ਪੇਵਰ ਬਲਾਕ ਲਗਾਉਣ, ਪਾਰਕਿੰਗ, ਪਾਰਕਾਂ, ਗਰਿੱਲਾਂ ਅਤੇ ਸੁਰੱਖਿਆ ਕੰਧ ਉਸਾਰੀ ਜਾਵੇਗੀ। ਇਸ ਤੋਂ ਇਲਾਵਾ ਫੁੱਟਪਾਥ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਸ੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਮੁਹਾਲੀ ਹਲਕੇ ਦਾ ਚੌਕੀਦਾਰ ਹੋਣ ਦੇ ਨਾਤੇ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਸ਼ਹਿਰ ਦੀਆਂ ਸਮੂਹ ਮਾਰਕੀਟਾਂ ਦੀ ਦਸ਼ਾ ਅਤੇ ਦਿਸ਼ਾ ਬਦਲਣ ਦਾ ਟੀਚਾ ਮਿਥਿਆ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਉਹ ਦਿਨ-ਰਾਤ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਕਰੋਨਾ ਮਹਾਮਾਰੀ ਨਾਲ ਜੂਝ ਰਿਹਾ ਹੈ ਪ੍ਰੰਤੂ ਇਸ ਦੇ ਬਾਵਜੂਦ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਟੀਚਾ ਸ਼ਹਿਰਾਂ ਅਤੇ ਪਿੰਡਾਂ ਦਾ ਬਰਾਬਰ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸੱਤਾ ਵਿੱਚ ਆਉਣ ਉਪਰੰਤ ਵਿਕਾਸ ਜੰਗੀ ਪੱਧਰ ’ਤੇ ਸ਼ੁਰੂ ਕੀਤੇ ਗਏ ਸੀ। ਜਿਨ੍ਹਾਂ ’ਚੋਂ ਕਾਫੀ ਵਿਕਾਸ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਕੰਮ ਜੰਗੀ ਪੱਧਰ ’ਤੇ ਚਲ ਰਹੇ ਹਨ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਕਮਿਸ਼ਨਰ ਕਮਲ ਗਰਗ, ਐਸਸੀ ਮੁਕੇਸ਼ ਗਰਗ, ਸੀਨੀਅਰ ਆਗੂ ਜੀਐਸ ਰਿਆੜ, ਕੁਲਜੀਤ ਸਿੰਘ ਬੇਦੀ, ਰਜਿੰਦਰ ਸਿੰਘ ਰਾਣਾ, ਬੀ.ਬੀ. ਮੈਣੀ, ਸੁਮਨ ਗਰਗ, ਤਰਨਜੀਤ ਕੌਰ ਗਿੱਲ, ਨਛੱਤਰ ਸਿੰਘ (ਸਾਰੇ ਸਾਬਕਾ ਕੌਂਸਲਰ), ਬਲਾਕ ਕਾਂਗਰਸ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਕਾਂਗਰਸ ਦੀ ਮੀਤ ਪ੍ਰਧਾਨ ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਸੁਨੀਲ ਕੁਮਾਰ ਪਿੰਕਾ, ਗੁਰਸਾਹਿਬ ਸਿੰਘ, ਪੀਐਸ ਵਿਰਦੀ, ਐਕਸੀਅਨ ਨਰਿੰਦਰ ਸਿੰਘ ਦਾਲਮ, ਸਤੀਸ਼ ਸੈਣੀ, ਹਰਪ੍ਰੀਤ ਸਿੰਘ, ਐਸਡੀਐਮ ਅਵਨੀਤ ਕੌਰ, ਸੁਨੀਲ ਸ਼ਰਮਾ, ਸੁਖਵਿੰਦਰ ਸਿੰਘ, ਜੇਈ ਧਰਮਿੰਦਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।