ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪਿੰਡ ਸਫੀਪੁਰ ਵਿੱਚ ਪਾਰਕ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ

ਸਰਕਾਰ ਨੇ ਸ਼ਹਿਰਾਂ ਵਾਂਗ ਪਿੰਡਾਂ ਵਿੱਚ ਪਾਰਕ, ਓਪਨ ਜਿਮਾਂ ਸਮੇਤ ਹੋਰ ਵਿਕਾਸ ਕਾਰਜ ਉਲੀਕੇ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਹਵਾਲੇ ਅੱਡੇ ਨੇੜਲੇ ਪਿੰਡ ਸਫ਼ੀਪੁਰ ਵਿਖੇ ਪਾਰਕ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਪਾਰਕ ਦੇ ਨਿਰਮਾਣ ਲਈ ਪਹਿਲੇ ਪੜਾਅ ਵਿੱਚ 2 ਲੱਖ 10 ਹਜ਼ਾਰ ਰੁਪਏ ਦੀ ਗਰਾਂਟ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਮੁਹਾਲੀ ਹਲਕੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸ੍ਰੀ ਸਿੱਧੂ ਨੇ ਇਸ ਮੌਕੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਿੰਡ ਸਫੀਪੁਰ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਹੁਣ ਤੱਕ 12 ਲੱਖ 50 ਹਜ਼ਾਰ ਰੁਪਏ ਦੀ ਗਰਾਂਟਾਂ ਦਿੱਤੀਆਂ ਗਈਆਂ ਹਨ ਅਤੇ ਆਰਡੀਐਫ਼ (ਰੂਰਲ ਡਿਵੈਲਪਮੈਂਟ ਫੰਡ) ਸਕੀਮ ਤਹਿਤ 10 ਲੱਖ 44 ਹਜ਼ਾਰ ਰੁਪਏ ਦੀ ਹੋਰ ਗਰਾਂਟਾਂ ਛੇਤੀ ਹੀ ਦਿੱਤੀਆਂ ਜਾਣਗੀਆਂ।
ਸ੍ਰੀ ਸਿੱਧੂ ਨੇ ਕਿਹਾ ਕਿ ਪਿੰਡ ਦੀਆਂ ਗਲੀਆਂ/ਨਾਲੀਆਂ, ਸਟੋਮ ਵਾਟਰ ਦੇ ਅਧੂਰੇ ਕੰਮ ਨੂੰ ਛੇਤੀ ਮੁਕੰਮਲ ਕਰਵਾ ਕੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਪਾਣੀ ਸਮੱਸਿਆ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦੇ ਦਿੱਤੇ ਗਏ ਹਨ। ਪਿੰਡ ਵਿੱਚ ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਪੁਰਾਣੇ ਟੋਭੇ ਨੂੰ ਪੱਕਾ ਕਰਨ ਲਈ ਛੇਤੀ ਗਰਾਂਟ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਾਂਗ ਪਿੰਡਾਂ ਵਿੱਚ ਪੱਕੀਆਂ ਗਲੀਆਂ, ਸੜਕਾਂ, ਓਪਨ ਏਅਰ ਜਿਮ ਲਗਾਉਣ ਸਮੇਤ ਹੋਰ ਵਿਕਾਸ ਕਾਰਜਾਂ ਲਈ ਯੋਜਨਾ ਉਲੀਕੀ ਗਈ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨਾਲ ਦੇਸ਼ ਦੀ ਆਰਥਿਕਤਾ ਤਬਾਹ ਹੋ ਜਾਵੇਗੀ। ਇਸ ਦਾ ਕਿਸਾਨਾਂ ਵੱਲੋਂ ਸ਼ਾਂਤੀਮਈ ਢੰਗ ਨਾਲ ਵਿਰੋਧ ਕਰਨਾ ਉਚਿੱਤ ਹੈ ਅਤੇ ਕਾਂਗਰਸ ਪਾਰਟੀ ਤੇ ਸੂਬਾ ਸਰਕਾਰ ਕਿਸਾਨਾਂ ਦੀ ਹਰ ਪੱਖੋਂ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੂਪੀ ਅਤੇ ਗੁਜਰਾਤ ਵਿੱਚ ਸਰਕਾਰਾਂ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਤਸ਼ੱਦਦ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀਮਈ ਕਿਸਾਨੀ ਸੰਘਰਸ਼ ਵਿੱਚ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣ।
ਇਸ ਮੌਕੇ ਸੀਨੀਅਰ ਕਾਂਗਰਸ ਆਗੂ ਜੀ.ਐਸ.ਰਿਆੜ, ਪੰਚਾਇਤ ਸਕੱਤਰ ਕਮਲਜੀਤ ਕੌਰ, ਹਰਜਿੰਦਰ ਕੌਰ ਸਰਪੰਚ ਸਫੀਪੁਰ, ਹਰਜੀਤ ਸਿੰਘ ਸਰਪੰਚ ਰੁੜਕਾ, ਰਣਜੀਤ ਸਿੰਘ ਗਿੱਲ ਸਰਪੰਚ ਜਗਤਪੁਰਾ, ਮਨਦੀਪ ਸਿੰਘ ਸਫੀਪੁਰ, ਗੁਰਵਿੰਦਰ ਸਿੰਘ ਸਰਪੰਚ ਨੰਡਿਆਲੀ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਪਰਮਜੀਤ ਸਿੰਘ ਸਰਪੰਚ ਧਰਮਗੜ੍ਹ, ਸਾਬਕਾ ਸਰਪੰਚ ਮਹਿੰਦਰ ਸਿੰਘ ਸਫ਼ੀਪੁਰ, ਹਰੀ ਸਿੰਘ, ਬਚਿੱਤਰ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…