ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪੇਂਡੂ ਸਕੂਲਾਂ ਦੇ ਵਿਕਾਸ ਲਈ 1.28 ਕਰੋੜ ਦੀਆਂ ਗਰਾਂਟਾਂ ਦੇ ਚੈੱਕ ਦਿੱਤੇ

ਪੰਜਾਬ ਸਰਕਾਰ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਯਤਨਸ਼ੀਲ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਹਲਕੇ ਦੇ ਚਾਰ ਪੇਂਡੂ ਸਕੂਲਾਂ ਦੇ ਵਿਕਾਸ ਲਈ 1 ਕਰੋੜ 28 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਦਿੱਤੇ ਗਏ। ਜਿਨ੍ਹਾਂ ਵਿੱਚ 50 ਲੱਖ ਰੁਪਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਦਿੱਤੇ ਹਨ। ਜਿਸ ’ਤੇ ਕਰੀਬ 3 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੀਗੇਮਾਜਰਾ ਨੂੰ 28 ਲੱਖ ਰੁਪਏ, ਜਦੋਂਕਿ ਪਹਿਲਾਂ ਵੀ 30 ਲੱਖ ਰੁਪਏ ਦਿੱਤੇ ਗਏ ਸਨ, ਸਰਕਾਰੀ ਪ੍ਰਾਇਮਰੀ ਸਕੂਲ ਗਿੱਦੜਪੁਰ 25 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਰਿਆਲੀ ਲਈ 25 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ।
ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਇਸ ਰਾਸ਼ੀ ਉਕਤ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ। ਜਿਸ ਨਾਲ ਆਲੇ ਦੁਆਲੇ ਦੇ ਹੋਰਨਾਂ ਪਿੰਡਾਂ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਆਏ ਹਨ ਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੀ ਵਧੀ ਹੈ। ਇਨ੍ਹਾਂ ਯਤਨਾਂ ਤਹਿਤ ਹੀ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) ਵਿੱਚ ਸਾਰੇ ਸੂਬਿਆਂ/ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ’ਚੋਂ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੇ ਸਮਾਰਟ ਕਲਾਸ ਰੂਮ ਦੇ ਉਪਰਾਲੇ ਦੇ ਨਾਲ-ਨਾਲ ਕੋਵਿਡ-19 ਮਹਾਮਾਰੀ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਰਾਹੀਂ ਤਾਲੀਮ ਹਾਸਲ ਕਰਨ ਦੇ ਯੋਗ ਬਣਾਉਣ ਲਈ ਸਮਾਰਟ ਮੋਬਾਈਲ ਫੋਨ ਵੰਡਣ ਸਮੇਤ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਨਿਰੰਤਰ ਜਾਰੀ ਰਹਿਣੀ ਯਕੀਨੀ ਬਣਾਈ ਜਾ ਸਕੇ।
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਹੈ, ਜਿਸ ਨਾਲ ਸਿੱਖਿਆ ਦਾ ਮਿਆਰ ਮਿਸਾਲੀ ਤੌਰ ਉੱਤੇ ਉੱਪਰ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵਧੀਆ ਸਟਾਫ਼ ਸਰਕਾਰੀ ਸਕੂਲਾਂ ਵਿੱਚ ਹੀ ਹੈ ਪਰ ਕੁਝ ਲੋਕ ਵੱਧ ਫੀਸਾਂ ਦੇ ਕੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਭੇਜਦੇ ਹਨ, ਜਿੱਥੇ ਕਿ ਸਰਕਾਰੀ ਸਕੂਲਾਂ ਦੇ ਮੁਕਾਬਲੇ ਘੱਟ ਯੋਗਤਾ ਵਾਲਾ ਸਟਾਫ਼ ਹੁੰਦਾ ਹੈ। ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਿੱਖਿਆ ਦੇ ਮਿਆਰ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਹੋਇਆ ਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਹਨ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਚੌਧਰੀ ਰਾਮ ਈਸ਼ਵਰ ਸਰਪੰਚ ਗੋਬਿੰਦਗੜ੍ਹ, ਕੁਲਵੰਤ ਸਿੰਘ ਸਾਬਕਾ ਸਰਪੰਚ ਬਰਿਆਲੀ, ਜਸਵਿੰਦਰ ਸਿੰਘ ਭੱਪਾ ਸਰਪੰਚ ਗਿੱਦੜਪੁਰ, ਰਵਿੰਦਰ ਕੌਰ ਸਰਪੰਚ ਬਰਿਆਲੀ, ਰਾਮ ਸਿੰਘ ਸਾਬਕਾ ਸਰਪੰਚ ਬਰਿਆਲੀ, ਹਰਮਿੰਦਰ ਸਿੰਘ ਪੰਚ ਬਰਿਆਲੀ, ਪਾਲ ਸਿੰਘ ਪੰਚ ਬਰਿਆਲੀ, ਭਾਗ ਸਿੰਘ ਪੰਚ ਗਿੱਦੜਪੁਰ, ਸਾਹਿਬ ਸਿੰਘ ਗਿੱਦੜਪੁਰ, ਜਗਪਾਲ ਸਿੰਘ ਗਿੱਦੜਪੁਰ, ਜਰਨੈਲ ਸਿੰਘ ਨੰਬਰਦਾਰ, ਗੁਰਮੇਲ ਸਿੰਘ, ਜਰਨੈਲ ਸਿੰਘ, ਗੁਰਚਰਨ ਸਿੰਘ ਗੀਗੇਮਾਜਰਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…