Nabaz-e-punjab.com

ਸਿਹਤ ਮੰਤਰੀ ਬਲਬੀਰ ਸਿੱਧੂ ਨੇ 45 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੇ ਪ੍ਰਵਾਨਗੀ ਪੱਤਰ ਵੰਡੇ

ਪਿੰਡ ਬਲੌਂਗੀ ਤੇ ਪਿੰਡ ਦਾਊਂ ਵਿੱਚ ਕਈ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਇਤਿਹਾਸਕ ਪਿੰਡ ਦਾਊਂ ਅਤੇ ਪਿੰਡ ਬਲੌਂਗੀ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ। ਪਿੰਡ ਬਲੌਂਗੀ ਵਿੱਚ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ, ਧਰਤੀ ਹੇਠਲੇ ਪਾਣੀ ਨੂੰ ਰਿਚਾਰਜ ਕਰਨ ਵਾਲੇ ਬੋਰ ਅਤੇ ਸਕੂਲ ਦੇ ਵਿਹੜੇ ਨੂੰ ਪੱਕਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਪਿੰਡ ਦਾਊਂ ਵਿੱਚ ਗਲੀਆਂ ਨਾਲੀਆਂ ਨੂੰ ਪੱਕਾ ਕਰਨ ਅਤੇ ਸੋਲਰ ਲਾਈਟਾਂ ਲਾਉਣ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ।
ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਵਿੱਚ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਗਲੀਆਂ ਨਾਲੀਆਂ ਦੀ ਕੋਈ ਸਮੱਸਿਆ ਹੈ। ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਜਿਸ ਨੂੰ ਪਹਿਲ ਦੇ ਆਧਾਰ ’ਤੇ ਦੂਰ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਲੋਕ ਭਲਾਈ ਕੇਂਦਰ ਫੇਜ਼-1 ਵਿੱਚ 45 ਲਾਭਪਾਤਰੀਆਂ ਨੂੰ ਬੁਢਾਪਾ, ਵਿਧਵਾ ਤੇ ਉਨ੍ਹਾਂ ਆਸ਼ਰਿਤ ਤੇ ਅੰਗਹੀਣ ਪੈਨਸ਼ਨਾਂ ਦੀ ਪ੍ਰਵਾਨਗੀ ਦੇ ਪੱਤਰ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰੇਕ ਵਿਅਕਤੀ ਦਾ ਪੰਜ ਲੱਖ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਲੋੜ ਪੈਣ ਉੱਤੇ ਕਿਸੇ ਨੂੰ ਵੀ ਇਲਾਜ ਲਈ ਕਿਸੇ ਅੱਗੇ ਹੱਥ ਨਹੀਂ ਅੱਡਣੇ ਪੈਣਗੇ। ਹਸਪਤਾਲਾਂ ਵਿੱਚ ਦਵਾਈਆਂ ਦਾ ਮੁਫ਼ਤ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਨੂੰ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ ਜਾਵੇਗਾ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ, ਬਹਾਦਰ ਸਿੰਘ ਰਾਜੂ ਸਰਪੰਚ ਬਲੌਂਗੀ, ਬਲਾਕ ਸਮਿਤੀ ਮੈਂਬਰ ਸੁਰਜੀਤ ਸਿੰਘ ਗਰੇਵਾਲ ਤੇ ਰਣਜੀਤ ਸਿੰਘ, ਭਿੰਦਰਜੀਤ ਕੌਰ ਸਾਬਕਾ ਸਰਪੰਚ, ਅਜਮੇਰ ਸਿੰਘ ਸਰਪੰਚ ਪਿੰਡ ਦਾਊਂ, ਚਰਨਜੀਤ ਸਿੰਘ ਪੰਚ, ਬਲਵਿੰਦਰ ਸਿੰਘ, ਜਸਵੰਤ ਸਿੰਘ, ਤਜਿੰਦਰ ਕੌਰ, ਮਿੰਦਰ ਕੌਰ, ਪਰਮਜੀਤ ਸਿੰਘ ਵਾਲੀਆ, ਪਰਮਿੰਦਰ ਕੌਰ, ਮਾ ਹਰਬੰਸ ਸਿੰਘ ਅਤੇ ਨਰੇਸ਼ ਸਿੰਘ ਨੇਸ਼ੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…