Nabaz-e-punjab.com

ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਨਵੇਂ ਸਾਲ 2020 ਦਾ ਕਲੰਡਰ ਰਿਲੀਜ਼

ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਨਵੇਂ ਸਾਲ 2020 ਦਾ ਕਲੰਡਰ ਰਿਲੀਜ਼ ਕੀਤਾ। ਉਨ੍ਹਾਂ ਦੱਸਿਆ ਕਿ ਕਲੰਡਰ ਵਿੱਚ ਪ੍ਰਮੁੱਖ ਸਿਹਤ ਦਿਵਸ, ਹਫ਼ਤੇ, ਪੰਦਰਵਾੜੇ ਤੇ ਮਹੀਨੇ ਦਾ ਉਲੇਖ ਕੀਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਪਹਿਲੀ ਵਾਰ ਅਜਿਹਾ ਕਲੰਡਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਪੰਜਾਬ ਵਿੱਚ ਮਨਾਏ ਜਾਂਦੇ 64 ਸਿਹਤ ਦਿਵਸ, 4 ਸਿਹਤ ਹਫ਼ਤੇ, 2 ਸਿਹਤ ਪੰਦਰਵਾੜੇ, 3 ਸਿਹਤ ਮਹੀਨੇ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਛੁੱਟੀਆਂ ਦੇ ਵੇਰਵੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਲੰਡਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਡਿਪਟੀ ਕਮਿਸ਼ਨਰਾਂ ਸਮੇਤ ਹੋਰ ਵਿਭਾਗਾਂ ਦੇ ਦਫ਼ਤਰਾਂ ਵਿੱਚ ਵੀ ਦਿੱਤੇ ਜਾਣਗੇ। ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ ਕਿਉਂਕਿ ਕਿਸੇ ਵੀ ਮਿਸ਼ਨ ਦੀ ਪ੍ਰਾਪਤੀ ਲਈ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੰਜਾਬ ਦੀ ਕਾਰਗੁਜ਼ਾਰੀ ਦਾ ਨਵੇਂ ਸਿਰਿਓਂ ਰਿਵਿਊ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਹੁਣ ਤੱਕ 40 ਲੱਖ ਲੋਕਾਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ 1 ਲੱਖ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਜਿਨ੍ਹਾਂ ਦੇ ਇਲਾਜ ’ਤੇ 100 ਕਰੋੜ ਖ਼ਰਚਾਂ ਆਇਆ ਹੈ।
ਸ੍ਰੀ ਸਿੱਧੂ ਨੇ ਸਿੱਧੂ ਨੇ ਦੱਸਿਆ ਕਿ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ, ਮੁਫ਼ਤ ਇਲਾਜ ਤੇ ਜ਼ਰੂਰੀ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਹੁਣ ਸਮੇਂ ਦੀ ਮੰਗ ਨੂੰ ਦੇਖਦੇ ਹੋਏ ਸਰਕਾਰੀ ਹਸਪਤਾਲਾਂ ਵਿੱਚ ਉੱਚ ਪੱਧਰੀ ਟੈੱਸਟਾਂ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਪੀਪੀਪੀ ਮਾਡਲ ਦੇ ਆਧਾਰ ’ਤੇ ਜ਼ਿਲ੍ਹਾ ਪੱਧਰੀ ਹਸਪਤਾਲਾਂ ਵਿੱਚ ਸੀਟੀ ਸਕੈਨ, ਐਮਆਰਆਈ, ਕੈਥ ਲੈਬ ਤੋਂ ਇਲਾਵਾ ਹੋਰ ਐਡਵਾਂਸ ਟੈੱਸਟ ਕੀਤੇ ਜਾਇਆ ਕਰਨਗੇ।
ਸਿਹਤ ਮੰਤਰੀ ਨੇ ਪੰਜਾਬ ਵਿੱਚ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਿਹਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਠੰਢ ਤੋਂ ਬਚਣ ਲਈ ਇੰਤਜ਼ਾਮ ਕੀਤੇ ਜਾਣ ਅਤੇ ਸੰਵੇਦਨਸ਼ੀਲ ਵਾਰਡਾਂ ਵਿੱਚ ਹੀਟ ਟਰੀਟਮੈਂਟ ਦਾ ਪ੍ਰਬੰਧ ਕੀਤਾ ਜਾਵੇ ਅਤੇ ਖਾਸ ਤੌਰ ’ਤੇ ਜੱਚਾ ਬੱਚਾ ਵਾਰਡਾਂ ਵਿੱਚ ਮਾਂ ਤੇ ਬੱਚੇ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮਾਂ-ਬੱਚੇ ਦੀ ਸੰਭਾਲ ਲਈ ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ (ਐਸਓਪੀ) ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਸਮੂਹ ਐਸਐਮਓਜ਼ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣੇ ਹਸਪਤਾਲ ਵਿੱਚ ਰੋਜ਼ਾਨਾ ਵਾਰਡਾਂ ਵਿੱਚ ਜ਼ਰੂਰ ਕਰਨ ਅਤੇ ਜਿੱਥੇ ਕਿਤੇ ਕਮੀ ਮਿਲਦੀ ਹੈ। ਉਸ ਨੂੰ ਤੁਰੰਤ ਦਰੁਸਤ ਕੀਤਾ ਜਾਵੇ ਤਾਂ ਜੋ ਆਪਣੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।
ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮਡੀ ਮਨਵੇਸ਼ ਸਿੰਘ ਸਿੱਧੂ, ਡਾਇਰੈਕਟਰ ਫੈਮਲੀ ਵੈਲਫੇਅਰ ਡਾ. ਰੀਟਾ ਭਾਰਦਵਾਜ, ਪੀਐਚਐਸਸੀ ਦੇ ਡਾਇਰੈਕਟਰ ਡਾ. ਮੀਨਾ ਹਰਦੀਪ, ਡਾਇਰੈਕਟਰ (ਪ੍ਰੋਕਿਉਰਮੈਂਟ) ਡਾ. ਰਾਜੇਸ਼ ਸ਼ਰਮਾ, ਓਐਸਡੀ ਡਾ. ਬਲਵਿੰਦਰ ਸਿੰਘ, ਸਿਵਲ ਸਰਜਨ ਡਾ. ਮਨਜੀਤ ਸਿੰਘ, ਡਾ. ਸ਼ਵੇਤਾ, ਨੀਰਜ ਸਿੰਗਲਾ, ਸ਼ਵਿੰਦਰ ਸਿੰਘ ਸਹਿਦੇਵ ਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…