
ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ
ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਨੇ ਕਰੋਨਾ ਖ਼ਿਲਾਫ਼ ਲੜਨ ਲਈ ਤਾਕਤ ਦਿੱਤੀ: ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਦਸੰਬਰ:
ਦੇਸ਼ ਅਤੇ ਕੌਮ ਦੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੀਐਸਆਈਡੀਸੀ (ਪੰਜਾਬ ਸਟੇਟ ਇੰਨ ਡਿਵੈਲਪਮੈਂਟ ਕਾਰਪੋਰੇਸ਼ਨ) ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਬਾਵਾ ਨੇ ਕਿਹਾ ਕਿ ਬਲਬੀਰ ਸਿੱਧੂ ਕਰੋਨਾ ਖ਼ਿਲਾਫ਼ ਫਰੰਟ ਲਾਈਨ ’ਤੇ ਲੜਾਈ ਲੜ ਰਹੇ ਹਨ। ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਦੀ ਸਥਿਤੀ ਬਿਹਤਰ ਹੈ। ਜਿਸ ਕਾਰਨ ਸੰਸਥਾ ਵੱਲੋਂ ਸ੍ਰੀ ਸਿੱਧੂ ਨੂੰ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ। ਇਸ ਮੌਕੇ ਸ੍ਰੀ ਬਲਬੀਰ ਸਿੱਧੂ ਨੇ ਕਰੋਨਾ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਕਾਰੀਆਂ ਦੇ ਨਾਲ-ਨਾਲ ਸਾਰੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਕਰੋਨਾ ਖ਼ਿਲਾਫ਼ ਫਰੰਟ ਲਾਈਨ ’ਤੇ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਸ ਮਹਾਮਾਰੀ ਖ਼ਿਲਾਫ਼ ਵਿੱਢੀ ਲੜਾਈ ਲੜਨ ਦੀ ਤਾਕਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਠੰਢ ਦਾ ਜ਼ੋਰ ਵਧਣ ਕਾਰਨ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੀ ਸੰਭਾਵਨਾ ਹੈ। ਲਿਹਾਜ਼ਾ ਸਾਨੂੰ ਸਾਰਿਆਂ ਨੂੰ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਆਪਣੇ ਘਰ ਤੋਂ ਬਾਹਰ ਜਾਣ ਸਮੇਂ ਮੂੰਹ ’ਤੇ ਮਾਸਕ ਪਹਿਨਣਾ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਇਕ ਦੂਜੇ ਤੋਂ ਫਿਜ਼ੀਕਲ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਅਤੇ ਓਐਸਡੀ ਡਾ. ਬਲਵਿੰਦਰ ਸਿੰਘ ਵੀ ਹਾਜ਼ਰ ਸਨ।