
ਸਿਹਤ ਮੰਤਰੀ ਵਿਰੁੱਧ ਕਾਰਵਾਈ ਭਗਵੰਤ ਮਾਨ ਦਾ ਇਤਿਹਾਸਕ ਤੇ ਦਲੇਰਾਨਾ ਫ਼ੈਸਲਾ: ਡਾ. ਮਨਜੀਤ ਸਿੰਘ
ਸਿਹਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ: ਸਾਬਕਾ ਡਾਇਰੈਕਟਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਅਧੀਨ ਮੰਤਰੀ ਮੰਡਲ ’ਚੋਂ ਹਟਾਏ ਜਾਣ ਅਤੇ ਗ੍ਰਿਫ਼ਤਾਰ ਕਰਨ ਦੇ ਫ਼ੈਸਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਅੱਜ ਇੱਥੇ ਡਾ. ਮਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਤਾਜ਼ਾ ਕਾਰਵਾਈ ਦੇ ਨੇੜ ਭਵਿੱਖ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।
ਸਾਬਕਾ ਡਾਇਰੈਕਟਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਖ਼ਾਤਮੇ ਦੇ ਨਾਅਰੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਮੁੱਖ ਮੰਤਰੀ ਦੁਆਰਾ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫ਼ੌਰੀ ’ਤੇ ਦਲੇਰਾਨਾ ਕਾਰਵਾਈ ਕਰਨਾ ਅਪਣੇ ਆਪ ਵਿਚ ਇਤਿਹਾਸਕ ਤੇ ਮਿਸਾਲੀ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸੇਵਾ ਨਾਲ ਸਿੱਧੇ ਤੌਰ ’ਤੇ ਜੁੜਿਆ ਹੈ ਅਤੇ ਇਸ ਵਿਭਾਗ ਵਿੱਚ ਲੋਕਾਂ ਦੇ ਪੈਸੇ ਦੀ ਹੇਰਾਫੇਰੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਭਗਵੰਤ ਮਾਨ ਨੇ ਆਪਣੇ ਮੰਤਰੀ ਵਿਰੁੱਧ ਕਾਰਵਾਈ ਕਰ ਕੇ ਤਮਾਮ ਮੰਤਰੀਆਂ, ਅਫ਼ਸਰਾਂ ਤੇ ਹੋਰ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਇਹ ਸਾਫ਼ ਅਤੇ ਸਖ਼ਤ ਸੁਨੇਹਾ ਦਿੱਤਾ ਗਿਆ ਹੈ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਕਾਬਲੇ-ਤਾਰੀਫ਼ ਹੈ, ਜਿਸ ਨੇ ਪੰਜਾਬ ਵਾਸੀਆਂ ਨੂੰ ਵੀ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਪੰਜਾਬ ਦੀ ਆਪ ਸਰਕਾਰ ਭਵਿੱਖ ਵਿੱਚ ਭ੍ਰਿਸ਼ਟਾਚਾਰੀਆਂ ਵਿਰੁੱਧ ਅਜਿਹੀ ਕਾਰਵਾਈ ਜਾਰੀ ਰੱਖੇਗੀ।