Share on Facebook Share on Twitter Share on Google+ Share on Pinterest Share on Linkedin ਮੁਹਾਲੀ ਨੂੰ ਹਰਿਆ ਭਰਿਆ ਬਣਾਉਣ ਲਈ ਸਿਹਤ ਮੰਤਰੀ ਵੱਲੋਂ ਵੱਧ ਤੋਂ ਵੱਧ ਪੌਦੇ ਲਾਉਣ ਦੀ ਮੁਹਿੰਮ ਦਾ ਆਗਾਜ਼ ਸਿਹਤ ਮੰਤਰੀ ਤੇ ਹੋਰਨਾਂ ਨੇ ਗਿਆਨ ਜਯੋਤੀ ਇੰਸਟੀਚਿਊਟ ਵਿੱਚ ਲਾਏ ਫਲਦਾਰ ਤੇ ਛਾਂਦਾਰ ਪੌਦੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ: ਮੁਹਾਲੀ ਨੂੰ ਹਰਿਆ ਭਰਿਆ ਬਣਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਸਬੰਧ ਅੱਜ ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵਿੱਚ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ। ਜਿਸ ਦੀ ਰਸਮੀ ਸ਼ੁਰੂਆਤ ਸਿਹਤ ਮੰਤਰੀ ਨੇ ਇੰਸਟੀਚਿਊਟ ਦੇ ਵਿਹੜੇ ਵਿੱਚ ਇਕ ਪੌਦਾ ਲਗਾ ਕੇ ਕੀਤੀ। ਇਸ ਮੌਕੇ ਬੋਲਦਿਆਂ ਸ੍ਰੀ ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੇ ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਤਹਿਤ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ 550-550 ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਇਹ ਇਕ ਚੰਗਾ ਉੱਦਮ ਹੈ ਅਤੇ ਗਿਆਨ ਜਯੋਤੀ ਇੰਸਟੀਚਿਊਟ ਨੇ ਇਸ ਦਿਸ਼ਾ ਵਿੱਚ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕਰਕੇ ਸਰਕਾਰ ਦੀ ਲੜੀ ਨੂੰ ਅੱਗੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਆਲਮੀ ਤਪਸ਼ ਅਤੇ ਬਾਰਸ਼ ਘੱਟ ਹੋਣ ਵਰਗੀਆਂ ਵਾਤਾਵਰਣਕ ਤਬਦੀਲੀਆਂ ਨਾਲ ਸਿੱਝਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਨੇ ਸਿਹਤ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀ ਅਤੇ ਸਮੂਹ ਸਟਾਫ਼ ਆਪਣੇ ਆਪਣੇ ਘਰਾਂ ਦੇ ਆਸਪਾਸ ਸਫ਼ਾਈ ਰੱਖਣ ਦੇ ਨਾਲ-ਨਾਲ ਘੱਟੋ ਘੱਟ ਇਕ ਬੂਟਾ ਲਗਾ ਕੇ ਭਵਿੱਖ ਵਿੱਚ ਉਸ ਦੀ ਸੰਭਾਲ ਕਰਨ। ਸੰਸਥਾ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਇਸ ਉਪਰਾਲੇ ਵਿੱਚ ਰੋਟਰੈਕਟ ਕਲੱਬ ਅਤੇ ਐਨਐਸਐਸ ਵਿੰਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਵਿਦਿਆਰਥੀਆਂ ਨੂੰ ਕੁਦਰਤੀ ਸੋਮਿਆਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਬਿਜਲੀ ਪਾਣੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕੌਂਸਲਰ ਰਾਜਿੰਦਰ ਸਿੰਘ ਰਾਣਾ ਤੇ ਕੌਂਸਲਰ ਜਸਪ੍ਰੀਤ ਕੌਰ ਨੇ ਵੀ ਬੂਟੇ ਲਾਏ। ਸਮਾਗਮ ਵਿੱਚ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਯੂਥ ਆਗੂ ਰਾਜਾ ਕੰਵਰਜੋਤ ਸਿੰਘ ਅਤੇ ਪ੍ਰਿੰਸੀਪਲ ਰਣਜੀਤ ਬੇਦੀ ਸਮੇਤ ਸੰਸਥਾ ਦਾ ਸਟਾਫ਼ ਵੀ ਮੌਜੂਦ ਸੀ। ਇਨ੍ਹਾਂ ਨੇ ਵੀ ਆਪਣੇ ਹੱਥੀਂ ਇਕ ਇਕ ਪੌਦਾ ਲਗਾਇਆ। ਅਖੀਰ ਵਿੱਚ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਪੌਦਿਆਂ ਦੀ ਸਾਂਭ-ਸੰਭਾਲ ਕਰਨ ਦਾ ਪ੍ਰਣ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ