Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਰਕਾਰੀ ਹਸਪਤਾਲ ਦਾ ਨਿਰੀਖਣ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਤੇ ਵਾਰਡਾਂ ਵਿੱਚ ਸਾਫ਼-ਸਫ਼ਾਈ ਰੱਖਣ ਦੇ ਆਦੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ: ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਦਵਾਈਆਂ, ਮੈਡੀਕਲ ਸਾਜ਼ੋ-ਸਮਾਨ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਖ਼ੁਦ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਮਰੀਜ਼ਾਂ ਦੀ ਆਮਦ ਅਤੇ ਸਿਹਤ ਸਟਾਫ਼ ਬਾਰੇ ਵੀ ਜਾਣਿਆ। ਮੰਤਰੀ ਨੇ ਐਮਰਜੈਂਸੀ ਬਲਾਕ ਅਤੇ ਜੱਚਾ-ਬੱਚਾ ਵਾਰਡਾਂ ਵਿੱਚ ਜਾ ਕੇ ਉੱਥੇ ਦਾਖ਼ਲ ਮਰੀਜ਼ਾਂ ਨਾਲ ਸਿੱਧੀ ਗੱਲ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਹੱਲ ਦਾ ਭਰੋਸਾ ਦਿੱਤਾ। ਸ੍ਰੀ ਜੌੜਾਮਾਜਰਾ ਨੇ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਐਮਰਜੈਂਸੀ ਵਾਰਡ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਤਰਜੀਹ ਦਿੱਤੀ ਜਾਵੇ ਅਤੇ ਉਨ੍ਹਾਂ ਦੀ ਮੁੱਢਲੀ ਜਾਂਚ ਤੇ ਇਲਾਜ ਤੁਰੰਤ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਕੇਸਾਂ ਵਿੱਚ ਪਰਚੀ ਬਣਾਉਣ ਸਮੇਤ ਬਾਕੀ ਕਾਰਵਾਈ ਬਾਅਦ ਵਿੱਚ ਵੀ ਮੁਕੰਮਲ ਕੀਤੀ ਜਾ ਸਕਦੀ ਹੈ ਜਦੋਂਕਿ ਸਭ ਤੋਂ ਪਹਿਲਾਂ ਕੰਮ ਮਰੀਜ਼ ਨੂੰ ਸੰਭਾਲਣਾ ਅਤੇ ਇਲਾਜ ਸ਼ੁਰੂ ਕਰਨਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਥਾਂ ਹਸਪਤਾਲ ਵਿੱਚ ਉਪਲਬਧ ਦਵਾਈਆਂ ਦਿੱਤੀਆਂ ਜਾਣ। ਉਨ੍ਹਾਂ ਵਾਰਡਾਂ, ਪਖਾਨਿਆਂ ਅਤੇ ਵਿਹੜੇ ਵਿੱਚ ਸਾਫ਼-ਸਫ਼ਾਈ ਵੱਲ ਹੋਰ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਤੰਦਰੁਸਤੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ, ਇਸ ਸਬੰਧੀ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸਿਹਤ ਮੰਤਰੀ ਨੇ ਮੈਡੀਕਲ ਅਫ਼ਸਰਾਂ ਤੇ ਸਟਾਫ਼ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਮਰੀਜ਼ਾਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕਰਨ। ਜੇਕਰ ਕਦੇ ਕੋਈ ਅਣਸੁਖਾਵੀਂ ਸਥਿਤੀ ਪੈਦਾ ਹੋ ਵੀ ਜਾਂਦੀ ਹੈ ਤਾਂ ਮਰੀਜ਼ਾਂ ਪ੍ਰਤੀ ਹਲੀਮੀ ਵਰਤੀ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਐਸਐਮਓ ਡਾ. ਐਚਐਸ ਚੀਮਾ ਤੇ ਡਾ. ਵਿਜੈ ਭਗਤ, ਮੈਡੀਕਲ ਅਫ਼ਸਰ ਡਾ. ਪਰਮਿੰਦਰਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ