
ਸਿਹਤ ਮੰਤਰੀ ਨੇ ਸਰਕਾਰੀ ਹਸਪਤਾਲ ਵਿੱਚ ਕੀਤਾ ਸੂਬਾ ਪੱਧਰੀ ਸਿਹਤ ਮੇਲੇ ਦਾ ਉਦਘਾਟਨ
ਪੰਜਾਬ ਭਰ ਵਿੱਚ 22 ਅਪਰੈਲ ਤੱਕ 119 ਬਲਾਕ ਪੱਧਰੀ ਸਿਹਤ ਮੇਲੇ ਲਾਏ ਜਾਣਗੇ: ਡਾ. ਸਿੰਗਲਾ
ਸਿਹਤ ਢਾਂਚੇ ਵਿੱਚ ਵਿਆਪਕ ਸੁਧਾਰ ਕਰ ਕੇ ਲੋਕਾਂ ਨੂੰ ਉੱਚ-ਪੱਧਰ ਦੀਆਂ ਸਿਹਤ ਸਹੂਲਤਾਂ ਦੇਵਾਂਗੇ: ਸਿਹਤ ਮੰਤਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਵਿਖੇ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮੁਹਿੰਮ ਤਹਿਤ ਪਲੇਠਾ ‘ਸਿਹਤ ਮੇਲਾ’ ਲਾਇਆ ਗਿਆ। ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਪ੍ਰਧਾਨਗੀ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ‘ਆਪ’ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਜਲਦੀ ਹੀ ਮਾਹਰ ਡਾਕਟਰਾਂ, ਸਟਾਫ਼ ਨਰਸਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਨਵੀਂ ਭਰਤੀ ਕੀਤੀ ਜਾਵੇਗੀ। ਸਰਕਾਰੀ ਮੈਡੀਕਲ ਕਾਲਜ ਨੂੰ ਮੁਹਾਲੀ ’ਚੋਂ ਕਿਸੇ ਹੋਰ ਥਾਂ ਸ਼ਿਫ਼ਟ ਕਰਨ ਦੀਆਂ ਚਰਚਾਵਾਂ ਬਾਰੇ ਪੁੱਛੇ ਜਾਣ ’ਤੇ ਮੰਤਰੀ ਨੇ ਮੈਡੀਕਲ ਕਾਲਜ ਲਈ ਇੱਥੇ ਥਾਂ ਬਹੁਤ ਘੱਟ ਹੈ। ਜੇਕਰ ਕਿਸੇ ਹੋਰ ਪਾਸੇ ਢੁਕਵੀਂ ਥਾਂ ਮਿਲੀ ਤਾਂ ਇਸ ਪ੍ਰਾਜੈਕਟ ਨੂੰ ਇੱਥੋਂ ਸ਼ਿਫ਼ਟ ਕਰਨ ਬਾਰੇ ਸੋਚਿਆ ਜਾਵੇਗਾ। ਪਿਛਲੀ ਕਾਂਗਰਸ ਸਰਕਾਰ ਸਮੇਂ ਸਿਹਤ ਵਿਭਾਗ ਵਿੱਚ ਕਥਿਤ ਘੁਟਾਲੇ ਅਤੇ ਬੇਨਿਯਮੀਆਂ ਸਬੰਧੀ ਜਾਂਚ ਕਰਵਾਉਣ ਬਾਰੇ ਪੁੱਛੇ ਜਾਣ ’ਤੇ ਮੰਤਰੀ ਟਾਲਾ ਵੱਟ ਕੇ ਤੁਰਦੇ ਬਣੇ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ 22 ਅਪਰੈਲ ਤੱਕ 119 ਬਲਾਕ ਪੱਧਰੀ ਸਿਹਤ ਮੇਲੇ ਲਗਾਏ ਜਾ ਰਹੇ ਹਨ। ਜਿਸ ਦੀ ਰਸਮੀ ਸ਼ੁਰੂਆਤ ਅੱਜ ਮੁਹਾਲੀ ਤੋਂ ਕੀਤੀ ਗਈ ਹੈ। ਉਨ੍ਹਾਂ ਨੇ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਦਾ ਦੌਰਾ ਕਰਕੇ ਜੇਰੇ ਇਲਾਜ ਮਰੀਜ਼ਾਂ ਨਾਲ ਸਿੱਧੀ ਗੱਲ ਕੀਤੀ ਅਤੇ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਿਆ। ਉਨ੍ਹਾਂ ਨੇ ਇੱਕ ਬੀਮਾਰ ਬੱਚੇ ਦਾ ਖ਼ੁਦ ਵੀ ਚੈੱਕਅਪ ਕੀਤਾ। ਸਿਹਤ ਵਿਭਾਗ ਦੇ ਸਫ਼ਾਈ ਕਾਮਿਆਂ ਨੇ ਮੰਤਰੀ ਨੂੰ ਮਿਲ ਕੇ ਆਪਣੀ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਫ਼ਾਈ ਕਾਮਿਆਂ ਨੂੰ ਸਿਹਤ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ।
ਡਾ. ਸਿੰਗਲਾ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਮੁੱਖ ਉਦੇਸ਼ ਜਿੱਥੇ ਆਮ ਲੋਕਾਂ ਨੂੰ ਮਿਆਰੀ ਤੇ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਉੱਥੇ ਉਨ੍ਹਾਂ ਨੂੰ ਵੱਖ-ਵੱਖ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦਾ ਮਾਮਲਾ ਅੱਜ ਚੋਖੇ ਧਿਆਨ ਦੀ ਮੰਗ ਕਰਦਾ ਹੈ। ਪੰਜਾਬ ਦੀ ਆਪ ਸਰਕਾਰ ਲੋਕ ਹਿੱਤ ਵਿੱਚ ਬੁਨਿਆਦੀ ਸਿਹਤ ਢਾਂਚੇ ਵਿੱਚ ਸੁਧਾਰ ਲਿਆਉਣ ਅਤੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮੇਲਿਆਂ ਦਾ ਉਦੇਸ਼ ਤੱਦ ਹੀ ਪੂਰਾ ਹੋਵੇਗਾ ਜਦੋਂ ਲੋਕਾਂ ਨੂੰ ਹਸਪਤਾਲ ਵਿੱਚ ਸਾਰੀਆਂ ਦਵਾਈਆਂ, ਸਾਰੇ ਟੈੱਸਟ ਅਤੇ ਹੋਰ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ।
ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਸਿਹਤ ਮੰਤਰੀ ਡਾ. ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਹਾਲੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਇਨ੍ਹਾਂ ਮੇਲਿਆਂ ਦਾ ਸੂਬਾ ਪੱਧਰੀ ਆਗਾਜ਼ ਇੱਥੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ। ਇਨ੍ਹਾਂ ’ਚੋਂ ਜ਼ਿਆਦਾਤਰ ਬੀਮਾਰੀਆਂ ਦੀ ਰੋਕਥਾਮ ਛੇਤੀ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਕਈ ਬੀਮਾਰੀਆਂ ਦੇ ਮੁੱਖ ਕਾਰਨ ਪਾਏ ਗਏ ਹਨ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਮੇਲੇ ਲੋਕਾਂ ਲਈ ਲਾਹੇਵੰਦ ਸਾਬਤ ਹੋਣਗੇ।
ਸਿਹਤ ਵਿਭਾਗ ਸਮੇਤ ਖੁਰਾਕ ਤੇ ਸਪਲਾਈ ਵਿਭਾਗ, ਯੁਵਕ ਸੇਵਾਵਾਂ ਮਾਮਲੇ ਅਤੇ ਖੇਡ ਵਿਭਾਗ, ਆਯੂਸ਼ ਵਿਭਾਗ, ਸਿੱਖਿਆ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਪੰਚਾਇਤੀ ਰਾਜ ਸੰਸਥਾ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਸਟਾਲ ਲਾਏ ਗਏ।

ਇਸ ਮੌਕੇ ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਨੈਸ਼ਨਲ ਹੈਲਥ ਮਿਸ਼ਨ ਦੇ ਐਮਡੀ ਕੁਮਾਰ ਰਾਹੁਲ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਜੀਬੀ ਸਿੰਘ, ਡਾਇਰੈਕਟਰ ਪਰਿਵਾਰ ਭਲਾਈ ਡਾ. ਓਪੀ ਗੋਜਰਾ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਆਪ ਆਗੂ ਬੱਬੀ ਬਾਦਲ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਐਸਡੀਐਮ ਹਰਬੰਸ ਸਿੰਘ, ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਭਵਨੀਤ ਭਾਰਤੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਐਸਐਮਓ ਡਾ. ਵਿਜੈ ਭਗਤ, ਡਾ. ਐਚਐਸ ਚੀਮਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ ਸਮੇਤ ਸਿਹਤ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।