ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ 72ਵੇਂ ਆਜ਼ਾਦੀ ਦਿਵਸ ਮੌਕੇ ਮੁਹਾਲੀ ਵਿੱਚ ਲਹਿਰਾਇਆ ਤਿਰੰਗਾ

ਮੁਹਾਲੀ ਛੇਤੀ ਹੀ ਆੲਂੀਟੀ ਹੱਬ ਤੇ ਮੈਡੀਕਲ ਹੱਬ ਵਜੋਂ ਉੱਭਰ ਕੇ ਸਾਹਮਣੇ ਆਵੇਗਾ: ਬ੍ਰਹਮ ਮਹਿੰਦਰਾ
ਜ਼ਿਲ੍ਹਾ ਮੁਹਾਲੀ ਦੀਆਂ ਵਿਦਿਆਰਥਣਾਂ ਦੀ ਭਲਾਈ ਲਈ 5 ਲੱਖ ਦੀ ਗਰਾਂਟ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ 72ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਅਤੇ ਪੰਜਾਬ ਪੁਲੀਸ, ਐਨਸੀਸੀ ਅਤੇ ਸਕਾਊਟਸ ਦੀਆਂ ਟੁਕੜੀਆਂ ਦੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਨਾਲ ਪਰੇਡ ਦਾ ਮੁਆਇਨਾ ਕੀਤਾ। ਉਨ੍ਹਾਂ ਜ਼ਿਲ੍ਹਾ ਮੁਹਾਲੀ ਦੀਆਂ ਵਿਦਿਆਰਥਣਾਂ ਦੀ ਭਲਾਈ ਲਈ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਵੀ ਕੀਤਾ।
ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਚੇਤੇ ਕਰਦਿਆਂ ਸਿਹਤ ਮੰਤਰੀ ਨੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦੀ ਅਪੀਲ ਕੀਤੀ ਤਾਂ ਜੋ ਨਵੇਂ, ਨਰੋਏ ਅਤੇ ਰੰਗਲੇ ਪੰਜਾਬ ਦੀ ਮੁੜ ਸਿਰਜਣਾ ਕੀਤੀ ਜਾ ਸਕੀਏ। ਮੁਹਾਲੀ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਗੇਟਵੇਅ ਆਫ਼ ਪੰਜਾਬ ਵਜੋਂ ਜਾਣਿਆ ਜਾਂਦਾ ਹੈ ਅਤੇ ਮੁਹਾਲੀ ਵਿੱਚ ਸਥਾਪਿਤ ਕੌਮਾਂਤਰੀ ਪੱਧਰ ਦੀਆਂ ਵਿਦਿਅਕ ਸੰਸਥਾਵਾਂ ਅਤੇ ਕੌਮਾਂਤਰੀ ਹਵਾਈ ਅੱਡੇ ਸਦਕਾ ਇਸ ਦੀ ਵਿਸ਼ਵ ਭਰ ਵਿੱਚ ਵੱਖਰੀ ਪਛਾਣ ਬਣੀ ਹੈ ਅਤੇ ਜਲਦੀ ਹੀ ਇਹ ਸ਼ਹਿਰ ਆੲਂੀਟੀ ਹੱਬ ਅਤੇ ਮੈਡੀਕਲ ਹੱਬ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਸਰਕਾਰੀ ਹਸਪਤਾਲ ਫੇਜ਼-6 ਨੂੰ ਅਪਗਰੇਡ ਕਰਨ ਦੇ ਨਾਲ-ਨਾਲ ਮੁਹਾਲੀ ਵਿੱਚ ਸਰਕਾਰੀ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਮੌਜੂਦਾ ਸਮੇਂ ਨਾਲੋਂ ਹੋਰ ਵਧੇਰੇ ਬੁਨਿਆਦੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਆਜ਼ਾਦੀ ਦਿਵਸ ਸਮਾਗਮ ਮੌਕੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ ਭੰਗੜਾ ਸਮੇਤ ਸੱਭਿਆਚਾਰ ਦੀਆਂ ਵੱਖ ਵੱਖ ਵੰਨਗੀਆਂ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼, ਖੇਤੀਬਾੜੀ ਵਿਭਾਗ ਤੇ ਵਾਤਾਵਰਨ ਵਿਭਾਗ ਨੇ ਮਿਸ਼ਨ ਤੰਦਰੁਸਤ ਪੰਜਾਬ, ਹਰਿਆਲੀ ਮਿਸ਼ਨ ਤਹਿਤ ਜੰਗਲਾਤ ਵਿਭਾਗ ਤੇ ਬਾਗ਼ਬਾਨੀ ਵਿਭਾਗ, ਜ਼ਿਲ੍ਹਾ ਪੁਲੀਸ ਵੱਲੋਂ ਟਰੈਫ਼ਿਕ ਨਿਯਮਾਂ ਅਤੇ ਵੇਰਕਾ ਮਿਲਕ ਪਲਾਂਟ ਵੱਲੋਂ ਕੱਢੀਆਂ ਗਈਆਂ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ। ਸਿਹਤ ਮੰਤਰੀ ਨੇ ਆਜ਼ਾਦੀ ਘੁਲਾਟੀਏ ਸਵਰਨ ਸਿੰਘ ਪਿੰਡ ਝੱਜੋਂ ਅਤੇ ਗੁਰਦੀਪ ਸਿੰਘ ਪਿੰਡ ਝੱਜੋਂ ਵਿਸ਼ੇਸ਼ ਤੌਰ ’ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗ੍ਰਹਿ ਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਐਨ.ਐਸ.ਕਲਸੀ, ਡੀਸੀ ਗੁਰਪ੍ਰੀਤ ਕੌਰ ਸਪਰਾ, ਐਸਐਸਪੀ ਕੁਲਦੀਪ ਸਿੰਘ ਚਾਹਲ, ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਏਡੀਸੀ (ਜਨਰਲ) ਚਰਨਦੇਵ ਸਿੰਘ ਮਾਨ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਵੀਰ ਸਿੰਘ, ਐਸਡੀਐਮ ਜਗਦੀਪ ਸਹਿਗਲ, ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਰਜਿਸਟਰਾਰ ਬਲਬੀਰ ਸਿੰਘ ਢੋਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…