Nabaz-e-punjab.com

ਸਿਹਤ ਮੰਤਰੀ ਸਿੱਧੂ ਨੇ ਸਮਾਜਿਕ ਗਤੀਵਿਧੀਆਂ ਲਈ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨੂੰ ਚੈੱਕ ਵੰਡੇ

ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਸੁਚਾਰੂ ਰੱਖਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਰੈਂਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਸਮਾਜਿਕ ਗਤੀਵਿਧੀਆਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 13 ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਸਮਾਜਿਕ ਗਤੀਵਿਧੀਆਂ ਲਈ ਕੁੱਲ 6 ਲੱਖ 63 ਹਜ਼ਾਰ ਰੁਪਏ ਦੇ ਚੈੱਕ ਵੰਡਣ ਮੌਕੇ ਕੀਤਾ। ਸਿਹਤ ਮੰਤਰੀ ਨੇ ਸਮਾਰਟ ਵੰਡਰ ਸਕੂਲ ਸੈਕਟਰ-71 ਵਿੱਚ ਕਰਵਾਏ ਗਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸੈਕਟਰ-77 ਦੀ ਇਕ ਅਤੇ ਸੈਕਟਰ-71 ਦੀਆਂ 12 ਰੈਂਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਸਮਾਜ ਭਲਾਈ ਦੇ ਕੰਮਾਂ ਲਈ 51-51 ਹਜ਼ਾਰ ਰੁਪਏ ਦੇ ਚੈਕ ਵੰਡੇ।
ਕੈਬਨਿਟ ਮੰਤਰੀ ਨੇ ਇਸ ਮੌਕੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ, ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ ਵਿੱਚ 550 ਬੂਟੇ ਲਾਉਣ ਦੀ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਰੈਂਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਕਿਹਾ ਕਿ ਉਹ ਵੀ ਅਜਿਹੀ ਮੁਹਿੰਮ ਆਪਣੇ ਇਲਾਕੇ ਵਿੱਚ ਸ਼ੁਰੂ ਕਰਨ। ਉਨ੍ਹਾਂ ਇਸ ਮੌਕੇ ਗੁਰੂ ਸਾਹਿਬ ਵੱਲੋਂ ਦਿੱਤੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸੰਕਲਪ ਨੂੰ ਬੁਲੰਦ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਸੁਚਾਰੂ ਰੱਖਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਪੰਜਾਬ ਸਰਕਾਰ ਦਾ ਯਤਨ ਹੈ ਕਿ ਰਾਜ ਦੇ ਹਰੇਕ ਵਿਅਕਤੀ ਨੂੰ ਵਧੀਆ ਸਿਹਤ ਸਹੂਲਤਾਂ ਮਿਲਣ। ਵਿਸ਼ੇਸ਼ ਕਰਕੇ ਪੇਂਡੂ ਅਤੇ ਦੂਰ ਦਰਾਜ ਦੇ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ਦੋਵਾਂ ਖੇਤਰਾਂ ਦੇ ਵਿਕਾਸ ਵਿੱਚ ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ।
ਇਸ ਮੌਕੇ ਗਰੀਨ ਪਾਰਕ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ, ਪੀਪਲਸ ਵੈੱਲਫੇਅਰ ਐਸੋਸੀਏਸ਼ਨ, ਸ਼ੁਭ ਕਰਮਨ ਐਸੋਸੀਏਸ਼ਨ, ਨਾਰਥ ਐਂਡ ਵੈੱਲਫੇਅਰ ਸੁਸਾਇਟੀ, ਨਾਰਥ ਈਸਟ ਬਲਾਕ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ, ਐਚਆਈਜੀ ਰੈਜ਼ੀਡੈਂਟਜ਼ ਐਸੋਸੀਏਸ਼ਨ, ਨਿਊ ਰੈਜ਼ੀਡੈਂਟਲ ਵੈੱਲਫੇਅਰ ਕਮੇਟੀ, ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ (8 ਮਰਲਾ), ਗੋਲਡਨ ਐਰੋ ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀ, ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ, ਗਰੀਨ ਪਾਰਕ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ, ਰੈਜ਼ੀਡੈਂਟ ਵੈੱਲਫੇਅਰ ਐਂਡ ਡਿਵੈਲਪਮੈਂਟ ਐਸੋਸੀਏਸ਼ਨ ਸਮੇਤ 13 ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਨੂੰ ਚੈੱਕ ਵੰਡੇ ਗਏ। ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਕੈਬਨਿਟ ਮੰਤਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਕੌਂਸਲਰ ਅਮਰੀਕ ਸਿੰਘ ਸੋਮਲ, ਸ਼ਾਮ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ, ਬਚਨ ਸਿੰਘ ਬੋਪਾਰਾਏ, ਜਸਵੀਰ ਸਿੰਘ ਕੰਗ, ਮਨਮੋਹਨ ਸਿੰਘ ਚੀਮਾ, ਕਰਨਲ ਡੀਪੀ ਸਿੰਘ, ਕਮਾਂਡੈਂਟ ਡੀਪੀਐਸ ਢਿੱਲੋਂ, ਅਜੈਬ ਸਿੰਘ ਪੂਨੀਆ, ਦਿਆਲ ਚੰਦ, ਸੁੱਚਾ ਸਿੰਘ ਅਤੇ ਮਹਿੰਦਰ ਚੌਧਰੀ ਸਮੇਤ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਸਾਹਿਬ: 557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੋਹਾਣਾ ਸਾਹਿਬ: 557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ…