
ਸਿਹਤ ਮੰਤਰੀ ਸਿੱਧੂ ਨੇ ਕੰਡਾਲਾ ਦੇ ਵਿਕਾਸ ਲਈ ਸਵਾ ਤਿੰਨ ਲੱਖ ਰੁਪਏ ਦੀ ਗਰਾਂਟ ਦਿੱਤੀ
ਪਿੰਡ ਵਿੱਚ ਲੱਗਣਗੀਆਂ ਸਟਰੀਟ ਲਾਈਟਾਂ ਤੇ ਪਾਣੀ ਦਾ ਟੈਂਕਰ ਖ਼ਰੀਦਿਆ ਜਾਵੇਗਾ: ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਮੁਹਾਲੀ ਹਲਕੇ ਵਿੱਚ ਵਿਕਾਸ ਪੱਖੋਂ ਪਿੰਡਾਂ ਦੀਆਂ ਨੁਹਾਰ ਬਦਲੀ ਜਾਵੇਗੀ ਅਤੇ ਮੌਜੂਦਾ ਸਮੇਂ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਕੰਡਾਲਾ ਦੇ ਵਿਕਾਸ ਲਈ ਸਵਾ ਤਿੰਨ ਲੱਖ ਰੁਪਏ ਦੀ ਗਰਾਂਟ ਦੇ ਚੈੱਕ ਦੇਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਗਰਾਮ ਪੰਚਾਇਤ ਨੇ ਪਿੰਡ ਲਈ ਪਾਣੀ ਦਾ ਟੈਂਕਰ ਖ਼ਰੀਦਣ ਦੀ ਮੰਗ ਕੀਤੀ ਸੀ। ਜਿਸ ਲਈ 80 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਜਦੋਂਕਿ ਸਟਰੀਟ ਲਾਈਟਾਂ ਲਗਾਉਣ ਲਈ 2.46 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਉਣ ਦੀ ਚਿਰੋਕਣੀ ਮੰਗ ਵੀ ਹੁਣ ਪੂਰੀ ਹੋ ਗਈ ਹੈ। ਅਧਿਕਾਰੀਆਂ ਨੂੰ ਸਟਰੀਟ ਲਾਈਟਾਂ ਲਾਉਣ ਦਾ ਕੰਮ ਛੇਤੀ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਨੀਤੀਆਂ ਸਦਕਾ ਵਿਕਾਸ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਪਿੰਡ ਦੀ ਸਰਪੰਚ ਬਿਮਲਾ ਦੇਵੀ ਨੇ ਕਿਹਾ ਕਿ ਪਿੰਡ ਵਿੱਚ ਪਾਣੀ ਦਾ ਟੈਂਕਰ ਆਉਣ ਅਤੇ ਗਲੀਆਂ ਵਿੱਚ ਸਟਰੀਟ ਲਾਈਟਾਂ ਲੱਗਣ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਫਾਇਦਾ ਹੋਵੇਗਾ। ਉਨ੍ਹਾਂ ਸਮੁੱਚੇ ਪਿੰਡ ਵੱਲੋਂ ਸਿਹਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਪਿੰਡ ਦੇ ਵਿਕਾਸ ਨੂੰ ਪਹਿਲ ਦੇਣਗੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਰਪੰਚ ਸ੍ਰੀਮਤੀ ਬਿਮਲਾ ਦੇਵੀ, ਬਹਾਦਰ ਸਿੰਘ, ਗੁਰਧਿਆਨ ਸਿੰਘ ਦੁਰਾਲੀ, ਦਰਸ਼ਨ ਸਿੰਘ, ਸੁਖਬੀਰ ਸਿੰਘ, ਗੁਰਮੀਤ ਕੌਰ, ਸਵਰਨ ਸਿੰਘ, ਗੁਰਦੀਪ ਸਿੰਘ, ਸੁਸ਼ੀਲ ਕੁਮਾਰ, ਜਗਤਾਰ ਸਿੰਘ ਵੀ ਮੌਜੂਦ ਸਨ।