
ਸਿਹਤ ਮੰਤਰੀ ਸਿੱਧੂ ਨੇ ਕਬਿਰਸਤਾਨ ਦੀ ਚਾਰਦੀਵਾਰੀ ਲਈ ਪੰਜ ਲੱਖ ਰੁਪਏ ਦੀ ਗਰਾਂਟ ਦਿੱਤੀ
ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਕਾਂਗਰਸ ਸਰਕਾਰ: ਬਲਬੀਰ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਕੁੰਭੜਾ ਵਿੱਚ ਕਬਿਰਸਤਾਨ ਦੀ ਚਾਰਦੀਵਾਰੀ ਦੀ ਉਸਾਰੀ ਲਈ ਪੰਜ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ। ਮੁਸਲਿਮ ਵੈਲਫ਼ੇਅਰ ਕਮੇਟੀ ਕੁੰਭੜਾ ਸੈਕਟਰ 68 ਦੇ ਅਹੁਦੇਦਾਰਾਂ ਨੂੰ ਰਕਮ ਦਾ ਚੈਕ ਸੌਂਪਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਜਿਉਂ ਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਤੁਰੰਤ ਅਪਣੇ ਅਖ਼ਤਿਆਰੀ ਕੋਟੇ ’ਚੋਂ ਇਹ ਰਕਮ ਮਨਜ਼ੂਰ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂੁਬੇ ਦੇ ਹਰ ਵਰਗ ਦਾ ਬਰਾਬਰ ਖ਼ਿਆਲ ਰੱਖ ਰਹੀ ਹੈ ਅਤੇ ਵੱਖ ਵੱਖ ਵਰਗਾਂ ਦੀ ਭਲਾਈ ਲਈ ਜਿਥੇ ਕਈ ਯੋਜਨਾਵਾਂ ਸਫ਼ਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ, ਉਥੇ ਵੱਖ-ਵੱਖ ਉਸਾਰੀ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਸ੍ਰੀ ਸਿੱਧੂ ਨੇ ਕਿਹਾ ਕਿ ਹਲਕਾ ਮੁਹਾਲੀ ਵਿਚ ਵਿਕਾਸ ਕਾਰਜ ਜਾਰੀ ਹਨ ਅਤੇ ਬਹੁਤੇ ਵਿਕਾਸ ਕਾਰਜ ਪੂਰੀ ਤਰ੍ਹਾਂ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ‘ਕਰੋਨਾਵਾਇਰਸ’ ਮਹਾਂਮਾਰੀ ਕਾਰਨ ਆਰਥਿਕ ਤੰਗੀ ਹੋਣ ਦੇ ਬਾਵਜੂਦ ਵਿਕਾਸ ਕਾਰਜਾਂ ਲਈ ਦਿਲ ਖੋਲ੍ਹ ਕੇ ਫੰਡ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀਆਂ ਮਾਰਕੀਟਾਂ ਦਾ ਕਾਇਆਕਲਪ ਕੀਤਾ ਜਾ ਰਿਹਾ ਹੈ ਤਾਂ ਕਿ ਬਾਜ਼ਾਰਾਂ ਵਿਚ ਆਉਣ-ਜਾਣ ਵਾਲੇ ਲੋਕਾਂ ਨੂੰ ਸੁੱਖ-ਸਹੂਲਤਾਂ ਮਿਲ ਸਕਣ।
ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਨੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਮੇਟੀ ਦੇ ਪ੍ਰਧਾਨ ਦਿਲਵਰ ਖ਼ਾਨ, ਸਕੱਤਰ ਬਹਾਦਰ ਖ਼ਾਨ, ਖ਼ਜ਼ਾਨਚੀ ਅਵਤਾਰ ਮੁਹੰਮਦ, ਮੁਹੰਮਦ ਜ਼ਮੀਲ, ਨਿਸਾਰ ਅਹਿਮਦ, ਮੁਹੰਮਦ ਵਸੀਮ, ਖਲੀਲ ਅਹਿਮਦ, ਸਲੇਮ ਅਖ਼ਤਰ, ਮੰਗਤ ਅਲੀ, ਮੁਹੰਮਦ ਜਾਹਿਦ, ਮੁਹੰਮਦ ਆਲਮ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।