Nabaz-e-punjab.com

ਸਿਹਤ ਮੰਤਰੀ ਸਿੱਧੂ ਵੱਲੋਂ ਸਰਕਾਰੀ ਸਮਾਰਟ ਸਕੂਲ ਮਨੌਲੀ ਦੀ ਨਵੀਂ ਇਮਾਰਤ ਦਾ ਉਦਘਾਟਨ

ਸਮਾਜਿਕ ਪਰਿਵਰਤਨ ਲਈ ਲੜਕੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਮਨੌਲੀ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਉਨ੍ਹਾਂ ਸਮਾਜਿਕ ਪਰਿਵਰਤਨ ਦਾ ਹੋਕਾ ਦਿੰਦਿਆਂ ਲੜਕੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਕ ਪੜ੍ਹੀ ਲਿਖੀ ਅੌਰਤ ਹੀ ਘਰ ਅਤੇ ਦੇਸ਼ ਨੂੰ ਸਵਰਗ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਸਬੰਧੀ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿਸ ਦੇ ਤਹਿਤ ਸਰਕਾਰੀ ਸਕੂਲਾਂ ਖਾਸ ਕਰਕੇ ਪੇਂਡੂ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਪ੍ਰਕਿਰਿਆ ਜਾਰੀ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਆਰੰਭੀ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਮੁਹਾਲੀ ਸਮੇਤ ਸੂਬੇ ਭਰ ਵਿੱਚ ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਸਕੂਲਾਂ ਦੀ ਦਿੱਖ ਸੁਧਰਨ ਨਾਲ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖ਼ਲਾ ਦਰ ਪਹਿਲਾਂ ਨਾਲੋਂ ਵਧੀ ਹੈ। ਉਨ੍ਹਾਂ ਸਮਾਗਮ ਵਿੱਚ ਮੌਜੂਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਕਿਉਂਕਿ ਸਕੂਲਾਂ ਵਿੱਚ ਉੱਚ ਸਿੱਖਿਆ ਪ੍ਰਾਪਤ ਅਤੇ ਤਜਰਬੇਕਾਰ ਅਧਿਆਪਕ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਮੁੱਖ ਕੈਪਟਨ ਅਮਰਿੰਦਰ ਸਿੰਘ ਸਿੱਖਿਆ ਅਤੇ ਸਿਹਤ ਸੇਵਾਵਾਂ ਵੱਲ ਵਿਸ਼ੇਸ਼ ਤਵੱਜੋ ਦੇ ਰਹੇ ਹਨ।
ਸਿੱਖਿਆ ਮੰਤਰੀ ਨੇ ਗਰਾਮ ਪੰਚਾਇਤ ਵੱਲੋਂ ਸਕੂਲ ਦੇ ਵਿਕਾਸ ਲਈ ਕਰੋੜਾਂ ਰੁਪਏ ਖ਼ਰਚਣ ਦੀ ਸ਼ਲਾਘਾ ਕਰਦਿਆਂ ਹੋਰਨਾਂ ਪਿੰਡਾਂ ਦੇ ਲੋਕਾਂ ਨੂੰ ਮਨੌਲੀ ਸਮਾਰਟ ਸਕੂਲ ਤੋਂ ਸੇਧ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਕੰਮ ਨੇਪਰੇ ਨਹੀਂ ਚੜ੍ਹ ਸਕਦਾ ਹੈ। ਇਸ ਲਈ ਲੋਕਾਂ ਨੂੰ ਸਮਾਜ ਭਲਾਈ ਦੇ ਕੰਮਾਂ ਵਿੱਚ ਹੱਥ ਵਟਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ਜੋਰਾ ਸਿੰਘ ਸਰਪੰਚ ਮਨੌਲੀ, ਮੁੱਖ ਅਧਿਆਪਕ ਰਮਿੰਦਰ ਕੌਰ, ਬੀਪੀਈਓ ਕ੍ਰਿਸ਼ਨ ਪੁਰੀ, ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਵਕਿਰਨ ਕੌਰ, ਸਾਬਕਾ ਸਰਪੰਚ ਹਰਨੇਕ ਸਿੰਘ, ਸੇਵਾਮੁਕਤ ਅਧਿਆਪਕ ਸ਼ਸ਼ੀ ਭੂਸ਼ਨ, ਮੀਡੀਆ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ, ਜਤਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…