Nabaz-e-punjab.com

ਸਿਹਤ ਮੰਤਰੀ ਸਿੱਧੂ ਨੇ ਭਾਗੋਮਾਜਰਾ ਮੰਡੀ ਵਿੱਚ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ

ਝੋਨਾ ਵੇਚਣ ਲਈ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਖੱਜਲ ਖੁਆਰੀ ਤੋਂ ਬਚਨ ਲਈ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਥੇ ਅਨਾਜ ਮੰਡੀ ਭਾਗੋਮਾਜਰਾ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਤੇ ਸਰਕਾਰੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਵਿੱਚ ਆਪਣੀ ਫਸਲ ਲੈ ਕੇ ਪੁੱਜੇ ਕਿਸਾਨਾਂ ਨਾਲ ਗੱਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਸਭ ਤੋਂ ਪਹਿਲੀ ਬੋਲੀ ਵਿੱਚ ਪਿੰਡ ਸੋਹਾਣਾ ਦੇ ਕਿਸਾਨ ਕਾਕਾ ਸਿੰਘ ਪੁੱਤਰ ਬਲਦੇਵ ਸਿੰਘ ਦੀ ਢੇਰੀ ਪਨਗਰੇਨ ਵੱਲੋਂ 1835 ਰੁਪਏ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਗਈ।
ਇਸ ਮੌਕੇ ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਖ਼ਰੀਦੇ ਗਏ ਝੋਨੇ ਦੀ ਸਮੇਂ ਸਿਰ ਅਦਾਇਗੀ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਗ ਅਨੁਸਾਰ ਮੰਡੀ ਦਾ ਫੜ ਪੱਕਾ ਕਰਵਾ ਦਿੱਤਾ ਗਿਆ ਹੈ ਅਤੇ ਆਉਣ ਸਮੇਂ ਵਿੱਚ ਖਰੜ ਮੰਡੀ ਵਾਂਗ ਵਧੀਆ ਸ਼ੈੱਡ ਬਣਾਉਣ ਲਈ ਯੋਗ ਪੈਰਵੀ ਕੀਤੀ ਜਾਵੇਗੀ। ਉਨ੍ਹਾਂ ਖ਼ਰੀਦ ਏਜੰਸੀਆਂ ਅਤੇ ਫੂਡ ਸਪਲਾਈ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਮੰਤਰੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਫੂਡ-ਸਪਲਾਈ ਕੰਟਰੋਲਰ ਸ੍ਰੀਮਤੀ ਰੇਨੂ ਬਾਲਾ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ 11 ਮੰਡੀਆਂ ਵਿੱਚ ਹੁਣ ਤੱਕ 4282 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 3162 ਮੀਟਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਕੀਤੀ ਗਈ ਹੈ। ਜਿਨ੍ਹਾਂ ’ਚੋਂ ਭਾਗੋਮਾਜਰਾ 30 ਮੀਟਰਿਕ ਟਨ, ਦਾਊਂ ਮਾਜਰਾ ਵਿੱਚ 350 ਮੀਟਰਿਕ ਟਨ, ਖਰੜ ਵਿੱਚ 250 ਮੀਟਰਿਕ ਟਨ, ਕੁਰਾਲੀ 225 ਮੀਟਰਿਕ ਟਨ ਅਤੇ ਖ਼ਿਜ਼ਰਾਬਾਦ 435 ਮੀਟਰਿਕ ਟਨ, ਜੜੌਤ ਵਿੱਚ 37 ਮੀਟਰਿਕ ਟਨ, ਤਸਿੰਬਲੀ ਵਿੱਚ 300 ਮੀਟਰਿਕ ਟਨ, ਲਾਲੜੂ ਵਿੱਚ 704 ਮੀਟਰਿਕ ਟਨ, ਸਮਗੌਲੀ ਵਿੱਚ 137 ਮੀਟਰਿਕ ਟਨ, ਡੇਰਾਬੱਸੀ ਵਿੱਚ 443 ਮੀਟਰਿਕ ਟਨ ਅਤੇ ਬਨੂੜ ਵਿੱਚ 251 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਮੌਕੇ ਸਿਹਤ ਮੰਤਰੀ ਹਰਕੇਸ਼ ਚੰਦ ਸ਼ਰਮਾ, ਡੀਐਫ਼ਐਸਓ ਹੇਮਰਾਜ ਸ਼ਰਮਾ, ਏਐਫ਼ਐਸਓ ਹਰਦੀਪ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਹਰਮਿੰਦਰਪਾਲ ਸਿੰਘ, ਮੰਡੀ ਸੁਪਰਵਾਈਜ਼ਰ ਬਲਵਿੰਦਰ ਸਿੰਘ, ਫੂਡ ਐਂਡ ਸਪਲਾਈ ਇੰਸਪੈਕਟਰ ਰਣਜੀਤ ਸਿੰਘ ਭੁੱਲਰ, ਸੁਪਰਵਾਈਜ਼ਰ ਹਰਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਠੇਕੇਦਾਰ ਮੋਹਣ ਸਿੰਘ ਬਠਲਾਣਾ, ਗੁਰਧਿਆਨ ਸਿੰਘ ਦੁਰਾਲੀ, ਅਵਤਾਰ ਸਿੰਘ ਤਾਰੀ ਸਰਪੰਚ ਭਾਗੋਮਾਜਰਾ, ਸੁਦੇਸ਼ ਕੁਮਾਰ ਗੋਗਾ ਸਰਪੰਚ ਬੈਂਰੋਪੁਰ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਕਰਮਜੀਤ ਸਿੰਘ ਭਾਗੋਮਾਜਰਾ, ਬਹਾਦਰ ਸਿੰਘ ਫੌਜੀ, ਗੁਰਜੰਟ ਸਿੰਘ, ਮੋਹਣ ਸਿੰਘ, ਦੀਦਾਰ ਸਿੰਘ ਬੈਂਰੋਪੁਰ, ਕੁਲਵਿੰਦਰ ਸਿੰਘ ਮਾਣਕਮਾਜਰਾ, ਆੜ੍ਹਤੀ ਮੋਹਣ ਲਾਲ, ਸਤਿੰਦਰ ਕੁਮਾਰ, ਚੌਧਰੀ ਹਰਨੇਕ ਸਿੰਘ ਨੇਕੀ ਅਤੇ ਬਲਜੀਤ ਸਿੰਘ ਭਾਗੋਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…