ਸਿਹਤ ਮੰਤਰੀ ਵੱਲੋਂ ਪਿੰਡ ਸਨੇਟਾ ਤੋਂ ਕੀਤੀ ਸੂਬਾ ਪੱਧਰੀ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਦੀ ਘਾਟ ਨਹੀਂ ਆਉਣ ਦਿਆਂਗੇ: ਸਿੱਧੂ

ਮੁਹਿੰਮ ਦੌਰਾਨ ਪੰਜਾਬ ਭਰ ਵਿੱਚ ਓਆਰਐਸ ਦੇ 55 ਲੱਖ ਪੈਕੇਟ ਵੰਡੇ ਜਾਣਗੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਸਨੇਟਾ ਦੀ ਸਰਕਾਰੀ ਡਿਸਪੈਂਸਰੀ ਤੋਂ ਸੂਬਾ ਪੱਧਰੀ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ ਕੀਤੀ। ਇਹ ਜਾਗਰੂਕਤਾ ਮੁਹਿੰਮ 23 ਜੁਲਾਈ ਤੱਕ ਚੱਲੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਦਸਤ ਦੀ ਬਿਮਾਰੀ ਮੌਤ ਦਾ ਵੱਡਾ ਕਾਰਨ ਹੈ। ਸਿਹਤ ਵਿਭਾਗ ਦਾ ਟੀਚਾ ਹੈ ਕਿ ਪੰਜਾਬ ਵਿੱਚ ਦਸਤ ਕਾਰਨ ਇਕ ਵੀ ਬੱਚੇ ਦੀ ਮੌਤ ਨਾ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਵਿੱਚ ਦਸਤ ਕਾਰਨ ਜ਼ੀਰੋ ਮੌਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਓਆਰਐਸ ਦਾ ਘੋਲ ਅਤੇ ਜ਼ਿੰਕ ਦੀਆਂ ਗੋਲੀਆਂ ਦਸਤ ਰੋਗ ਦਾ ਸਹੀ ਇਲਾਜ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੰਜਾਬ ਭਰ ਵਿੱਚ ਓਆਰਐਸ ਦੇ 55 ਲੱਖ ਪੈਕੇਟ ਅਤੇ ਜ਼ਿੰਕ ਦੀਆਂ 125 ਲੱਖ ਗੋਲੀਆਂ ਦਿੱਤੀਆਂ ਜਾਣਗੀਆਂ। ਆਸ਼ਾ ਵਰਕਰਾਂ ਘਰ ਘਰ ਜਾ ਕੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਓਆਰਐਸ ਦਾ ਪੈਕਟ ਮੁਹੱਈਆ ਕਰਵਾਉਣਗੀਆਂ ਅਤੇ ਓਆਰਐਸ ਦਾ ਘੋਲ ਬਣਾਉਣ ਦੀ ਤਰਕੀਬ ਦੱਸਣਗੀਆਂ। ਇਸ ਤੋਂ ਇਲਾਵਾ ਦਸਤ ਦੀ ਬੀਮਾਰੀ ਦੇ ਲੱਛਣਾਂ, ਕਾਰਨਾਂ ਅਤੇ ਇਲਾਜ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਆਸ਼ਾ ਵਰਕਰ ਹਰ ਘਰ ਦੇ ਬਾਹਰ ਨਿਸ਼ਾਨੀ ਵੀ ਲਾਏਗੀ।
ਸਿਹਤ ਮੰਤਰੀ ਨੇ ਦੱਸਿਆ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਟੱਟੀਆਂ-ਉਲਟੀਆਂ ਦੇ ਰੋਗ ਦੀ ਰੋਕਥਾਮ ਲਈ ਯੋਗ ਪ੍ਰਬੰਧ ਕੀਤੇ ਗਏ ਹਨ ਅਤੇ ਓ.ਆਰ.ਐਸ ਤੇ ਜ਼ਿੰਕ ਕਾਰਨਰ ਬਣਾਏ ਗਏ ਹਨ। ਸ. ਸਿੱਧੂ ਨੇ ਹੋਰ ਵਿਭਾਗਾਂ ਜਿਵੇਂ ਪੰਚਾਇਤੀ ਰਾਜ, ਸਕੂਲ ਸਿੱਖਿਆ ਆਦਿ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਤਾਂ ਕਿ ਪੰਜਾਬ ਵਿੱਚ ਟੱਟੀਆਂ ਤੇ ਉਲਟੀਆਂ ਨਾਲ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਹਰ ਉਮਰ ਵਰਗ ਦੇ ਲੋਕਾਂ ਦੀ ਚੰਗੀ ਸਿਹਤ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਕੋਈ ਵੀ ਮੁਹਿੰਮ ਲੋਕਾਂ ਦੇ ਸਾਥ ਤੋਂ ਬਿਨਾਂ ਕਾਮਯਾਬ ਨਹੀਂ ਹੋ ਸਕਦੀ। ਇਸ ਲਈ ਲੋਕਾਂ ਨੂੰ ਖ਼ੁਦ ਵੀ ਦਸਤ ਰੋਕਣ ਦੇ ਤਰੀਕਿਆਂ ਬਾਰੇ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦਸਤ ਦਾ ਸ਼ਿਕਾਰ ਬੱਚਿਆਂ ਨੂੰ ਓਆਰਐਸ ਅਤੇ ਜ਼ਿੰਕ ਦੀਆਂ ਗੋਲੀਆਂ ਨਾਲ ਬਿਲਕੁਲ ਠੀਕ ਕੀਤਾ ਜਾ ਸਕਦਾ ਹੈ। ਸਿਹਤ ਮੰਤਰੀ ਨੇ ਪੰਦਰਵਾੜੇ ਸਬੰਧੀ ਆਸ਼ਾ ਵਰਕਰਾਂ ਦੀ ਵਰਤੋਂ ਲਈ ਪੰਜਾਬੀ ਭਾਸ਼ਾ ਵਿੱਚ ਤਿਆਰ ਕੀਤੇ ਗਏ ਕਿਤਾਬਚੇ ਨੂੰ ਵੀ ਰਿਲੀਜ਼ ਕੀਤਾ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਜਸਪਾਲ ਕੌਰ, ਪਰਿਵਾਰ ਭਲਾਈ ਡਾਇਰੈਕਟਰ ਡਾ. ਅਵਨੀਤ ਕੌਰ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਇੰਦਰਜੀਤ ਸਿੰਘ ਭਾਟੀਆ, ਸਟੇਟ ਟੀਕਾਕਰਨ ਅਫ਼ਸਰ ਡਾ. ਜੀਬੀ ਸਿੰਘ, ਸਿਵਲ ਸਰਜਨ ਡਾ. ਮਨਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਹਨ ਸਿੰਘ ਬਠਲਾਣਾ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਇਲਾਕੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…