
ਸਰਕਾਰੀ ਅਣਦੇਖੀ: ਸਿਹਤ ਕਾਮੇ ਸੋਮਵਾਰ ਨੂੰ ਕਰਨਗੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ
ਮੰਗਲਵਾਰ ਨੂੰ ਨੈਸ਼ਨਲ ਹਾਈਵੇਅ ਤੇ ਰਾਜ ਮਾਰਗੀ ਸੜਕਾਂ ’ਤੇ ਕੀਤਾ ਜਾਵੇਗਾ ਚੱਕਾ ਜਾਮ
ਸਰਕਾਰ ਦੀਆਂ ਚੂਲਾ ਹਿਲਾਉਣ ਲਈ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਕੀਤੀ ਜਾਵੇਗੀ ਸੂਬਾ ਪੱਧਰੀ ਰੋਸ ਰੈਲੀ
ਸਿਹਤ ਕਾਮਿਆਂ ਵੱਲੋਂ ਮੁੱਖ ਮੰਤਰੀ ਤੇ ਸਾਥੀ ਮੰਤਰੀਆਂ ਦੇ ਸਮਾਗਮਾਂ ਦੌਰਾਨ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ:
ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਦਾ ਸੰਘਰਸ਼ ਦਿਨ ਪ੍ਰਤੀ ਦਿਨ ਭਖਦਾ ਜਾ ਰਿਹਾ ਹੈ। ਐਨਆਰਐਚਐਮ ਐਂਪਲਾਈਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਣਦੇਖੀ ਕਾਰਨ ਕਰਮਚਾਰੀਆਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ, ਪ੍ਰੰਤੂ ਹਾਲੇ ਵੀ ਸਰਕਾਰ ਸਿਹਤ ਕਾਮਿਆਂ ਦੇ ਮਸਲਿਆਂ ਦਾ ਹੱਲ ਪ੍ਰਤੀ ਗੰਭੀਰ ਨਜ਼ਰ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਹੁਣ ਤੱਕ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਸਾਜ਼ਿਸ਼ ਤਹਿਤ ਕਦੇ ਸਿਹਤ ਮੰਤਰੀ ਅਤੇ ਕਦੇ ਉੱਚ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਨਹੀਂ ਹੁੰਦੇ ਹਨ। ਜਿਸ ਕਾਰਨ ਸਿਹਤ ਕਾਮਿਆਂ ਦਾ ਮਸਲਾ ਲਗਾਤਾਰ ਲਮਕਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸੰਘਰਸ਼ਸ਼ੀਲ ਕਾਮਿਆਂ ਨੇ ਸਰਕਾਰ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ।
ਡਾ. ਰਾਣਾ ਨੇ ਦੱਸਿਆ ਕਿ ਇਹ ਫੈਸਲਾ ਐਸੋਸੀਏਸ਼ਨ ਦੀ ਅੱਜ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ ਸੋਮਵਾਰ ਨੂੰ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਧਰਨੇ ਦਿੱਤੇ ਜਾਣਗੇ ਜਦੋਂਕਿ ਮੰਗਲਵਾਰ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਸਾਰੇ ਨੈਸ਼ਨਲ ਹਾਈਵੇਅ ਅਤੇ ਰਾਜ ਮਾਰਗੀ ਸੜਕਾਂ ’ਤੇ ਚੱਕਾ ਜਾਮ ਕੀਤਾ ਜਾਵੇਗਾ। ਜੇਕਰ ਫਿਰ ਵੀ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ ਹੈ ਤਾਂ ਵੀਰਵਾਰ ਨੂੰ ਸਰਕਾਰ ਦੀਆਂ ਜੜਾਂ ਹਿਲਾ ਦੇਣ ਵਾਲੀ ਵਿਸ਼ਾਲ ਰੈਲੀ ਅੰਮ੍ਰਿਤਸਰ ਵਿੱਚ ਕੀਤੀ ਜਾਵੇਗੀ।
ਮੁਲਾਜ਼ਮ ਆਗੂਆਂ ਗੁਰਪ੍ਰੀਤ ਭੁੱਲਰ, ਅਮਰਜੀਤ ਸਿੰਘ ਅਤੇ ਸੁਖਜੀਤ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਅਤੇ ਮੁੱਖ ਮੰਤਰੀ ਵੱਖ-ਵੱਖ ਪ੍ਰੋਗਰਾਮਾਂ ਤਹਿਤ ਸੂਬੇ ਵਿੱਚ ਜਿੱਥੇ-ਜਿੱਥੇ ਜਾਣਗੇ, ਉਨ੍ਹਾਂ ਦੇ ਸਮਾਰੋਹਾਂ ਵਿੱਚ ਪਹੁੰਚਣ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਆਗੂਆਂ ਮਨਿੰਦਰ ਸਿੰਘ, ਜਸਵਿੰਦਰ ਕੌਰ, ਅਰੁਣ ਦੱਤ, ਰਮਨਪ੍ਰੀਤ, ਡਾ ਵਾਹਿਦ, ਜਗਦੇਵ ਨੇ ਕਿਹਾ ਕਿ ਮੁਲਾਜ਼ਮ ਆਪਣਾ ਸਾਜੋ-ਸਮਾਨ ਬੰਨ੍ਹ ਕੇ ਘਰੋਂ ਤੁਰ ਪਏ ਹਨ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਮੰਗ ਨਹੀਂ ਮੰਨ ਲੈਂਦੀ, ਉਹ ਉਦੋਂ ਤੱਕ ਵਾਪਸ ਘਰਾਂ ਨੂੰ ਨਹੀਂ ਪਰਤਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੁਣ ਤੱਕ ਮੁਲਾਜ਼ਮ ਸ਼ਕਤੀ ਦਾ ਅਹਿਸਾਸ ਨਹੀਂ ਹੈ ਪਰ ਛੇਤੀ ਹੀ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਗੁਪਤ ਐਕਸ਼ਨ ਕੀਤੇ ਜਾਣਗੇ।