nabaz-e-punjab.com

ਬੇਅਦਬੀ ਮਾਮਲਾ: ਮੁਹਾਲੀ ਦੀ ਸੀਬੀਆਈ ਅਦਾਲਤ ਵਿੱਚ ਸ਼ੁੱਕਰਵਾਰ ਨੂੰ ਹੋਵੇਗੀ ਸੁਣਵਾਈ

ਸੀਬੀਆਈ ਨੇ ਸ਼ਿਕਾਇਤ ਕਰਤਾਵਾਂ, ਮੁਲਜ਼ਮਾਂ ਤੇ ਵਕੀਲਾਂ ਨੂੰ ਦਸਤੀ ਸੌਂਪੇ ਸੰਮਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੁਲਾਈ:
ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲਿਆਂ (ਕਲੋਜਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਸੁਣਵਾਈ ਭਲਕੇ 10 ਜੁਲਾਈ ਨੂੰ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਦੀ ਅਦਾਲਤ ਵਿੱਚ ਸੁਣਵਾਈ ਹੋਵੇਗੀ। ਉਧਰ, ਸੀਬੀਆਈ ਦੀ ਜਾਂਚ ਟੀਮ ਨੇ ਸ਼ੁੱਕਰਵਾਰ ਨੂੰ ਸੁਣਵਾਈ ਮੌਕੇ ਸਾਰੀਆਂ ਧਿਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅੱਜ ਸ਼ਿਕਾਇਤ ਕਰਤਾਵਾਂ, ਮੁਲਜ਼ਮਾਂ ਅਤੇ ਸਰਕਾਰੀ, ਸ਼ਿਕਾਇਤ ਕਰਤਾ ਅਤੇ ਬਚਾਅ ਪੱਖ ਦੇ ਵਕੀਲਾਂ ਨੂੰ ਦਸਤੀ ਸੰਮਨ ਭੇਜੇ ਗਏ।
ਸੀਬੀਆਈ ਦੇ ਇੰਸਪੈਕਟਰ ਦੀਨ ਦਿਆਲਨ ਨੇ ਅੱਜ ਸ਼ਿਕਾਇਤ ਕਰਤਾਵਾਂ ਰਣਜੀਤ ਸਿੰਘ ਵਾਸੀ ਪਿੰਡ ਬੁਰਜ ਸਿੰਘ ਵਾਲਾ ਅਤੇ ਗੁਰਦੁਆਰਾ ਸਾਹਿਬ ਦੇ ਗਰੰਥੀ ਗੋਰਾ ਸਿੰਘ ਸਮੇਤ ਇਤਿਹਾਸਕ ਗੁਰਦੁਆਰਾ ਬਰਗਾੜੀ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਨੂੰ ਦਸਤੀ ਸੰਮਨ ਸੌਂਪਦਿਆਂ ਭਲਕੇ ਸੁਣਵਾਈ ਮੌਕੇ ਅਦਾਲਤ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ। ਸ਼ਿਕਾਇਤ ਕਰਤਾਵਾਂ ਨੇ ਦੱਸਿਆ ਕਿ ਦਸਤੀ ਸੰਮਨਾਂ ਬਾਰੇ ਸੀਬੀਆਈ ਟੀਮ ਦਾ ਕਹਿਣਾ ਸੀ ਕਿ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਅਜਿਹਾ ਕਰਨਾ ਪਿਆ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸੀਬੀਆਈ ਦੀ ਜਾਂਚ ਟੀਮ ਨੇ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਸੀਬੀਆਈ ਦਾ ਕਹਿਣਾ ਹੈ ਕਿ ਹਾਲੇ ਤੱਕ ਅਦਾਲਤ ਨੇ ਪੰਜਾਬ ਪੁਲੀਸ ਨੂੰ ਜਾਂਚ ਅੱਗੇ ਤੋਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਹੈ ਪ੍ਰੰਤੂ ਇਸ ਦੇ ਬਾਵਜੂਦ ਪੁਲੀਸ ਮੁਲਜ਼ਮਾਂ ਨੂੰ ਫੜ ਰਹੀ ਹੈ ਅਤੇ ਅਦਾਲਤ ਵਿੱਚ ਚਲਾਨ ਵੀ ਪੇਸ਼ ਕਰ ਦਿੱਤਾ ਹੈ। ਸੀਬੀਆਈ ਨੇ ਪੰਜਾਬ ਪੁਲੀਸ ਦੀ ਇਸ ਕਾਰਵਾਈ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੱਸਿਆ ਹੈ।
ਜ਼ਿਕਰਯੋਗ ਹੈ ਕਿ ਸੀਬੀਆਈ ਨੇ ਸੁਪਰੀਮ ਕੋਰਟ ਵੱਲੋਂ ਸੀਬੀਆਈ ਦੀ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਨੂੰ ਰੱਦ ਕੀਤੇ ਜਾਣ ਤੋਂ ਬਾਅਦ ਕੌਮੀ ਜਾਂਚ ਏਜੰਸੀ ਨੇ ਇਹ ਮਾਮਲਾ ਪੰਜਾਬ ਪੁਲੀਸ ਦੇ ਸਪੁਰਦ ਕਰਨ ਦੀ ਬਜਾਏ ਸੁਪਰੀਮ ਕੋਰਟ ਦੀ ਸ਼ਰਨ ਵਿੱਚ ਹੈ। ਸੀਬੀਆਈ ਨੇ ਸੁਪਰੀਮ ਕੋਰਟ ਦੇ ਪਹਿਲੇ ਹੁਕਮਾਂ (ਐਸਐਲਪੀ ਰੱਦ ਕਰਨ) ਦੇ ਖ਼ਿਲਾਫ਼ ਰੀਵੀਊ ਪਟੀਸ਼ਨ ਦਾਇਰ ਕੀਤੀ ਹੋਈ ਹੈ। ਸੀਬੀਆਈ ਨੇ ਉੱਚ ਅਦਾਲਤ ਨੂੰ ਇਸ ਸਮੁੱਚੇ ਮਾਮਲੇ ’ਤੇ ਮੁੜ ਗੌਰ ਕਰਨ ਦੀ ਗੁਹਾਰ ਲਗਾਈ ਗਈ ਹੈ। ਲੇਕਿਨ ਕਰੋਨਾ ਦੇ ਪ੍ਰਕੋਪ ਕਾਰਨ ਅਦਾਲਤਾਂ ਵਿੱਚ ਰੈਗੂਲਰ ਸੁਣਵਾਈ ਨਾ ਹੋਣ ਕਾਰਨ ਇਹ ਪੰਥਕ ਮਸਲਾ ਤਰੀਕਾਂ ਵਿੱਚ ਉਲਝ ਕੇ ਰਹਿ ਗਿਆ ਹੈ।
ਸ਼ਿਕਾਇਤਕਰਤਾਵਾਂ ਰਣਜੀਤ ਸਿੰਘ ਬੁਰਜ ਸਿੰਘ ਵਾਲਾ ਅਤੇ ਗੁਰਦੁਆਰਾ ਸਾਹਿਬ ਦੇ ਗਰੰਥੀ ਗੋਰਾ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਜਲਦੀ ਇਨਸਾਫ਼ ਚਾਹੁੰਦੇ ਹਨ। ਉਨ੍ਹਾਂ ਨੂੰ ਇਸ ਗੱਲ ਤੋਂ ਕੁਝ ਨਹੀਂ ਲੈਣਾ ਹੈ ਕਿ ਮਾਮਲੇ ਦੀ ਜਾਂਚ ਸੀਬੀਆਈ ਜਾਂ ਪੰਜਾਬ ਪੁਲੀਸ ਕਰੇ। ਉਨ੍ਹਾਂ ਕਿਹਾ ਕਿ ਜਿਹੜੀ ਵੀ ਏਜੰਸੀ ਮਾਮਲੇ ਦੀ ਜਾਂਚ ਕਰੇ ਉਹ ਪੂਰੀ ਇਮਾਨਦਾਰੀ ਨਾਲ ਇਸ ਕੇਸ ਨੂੰ ਛੇਤੀ ਕਿਸੇ ਕੰਢੇ ਲਾਵੇ, ਕਿਉਂਕਿ ਵਿਸ਼ਵ ਭਰ ਦੇ ਸਿੱਖ ਬੜੀ ਬੇਸਬਰੀ ਨਾਲ ਫੈਸਲੇ ਦੀ ਉਡੀਕ ਕਰ ਰਹੇ ਹਨ।

Load More Related Articles

Check Also

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ ਮੁਹਾਲੀ ਅਦ…