ਮੇਅਰ ਜੀਤੀ ਸਿੱਧੂ ਨੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਸਫ਼ਾਈ ਸੁਪਰਵਾਈਜ਼ਰਾਂ ਨਾਲ ਕੀਤੀ ਮੀਟਿੰਗ

ਡੇਂਗੂ ਤੇ ਗੰਦਗੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਸਫ਼ਾਈ ਸਬੰਧੀ ਦਿੱਤੀਆਂ ਹਦਾਇਤਾਂ

ਪਾਰਕਾਂ ਦੇ ਰੱਖ-ਰਖਾਓ ਕਰਨ ਵਾਲੇ ਠੇਕੇਦਾਰਾਂ ਤੇ ਬੀਟ ਸੁਪਰਵਾਈਜ਼ਰਾਂ ਨਾਲ ਵੀ ਕੀਤੀ ਮੀਟਿੰਗ

ਸ਼ਹਿਰ ਦੀ ਸਫ਼ਾਈ ਤੇ ਮੁਹਾਲੀ ਨੂੰ ਬੀਮਾਰੀ ਮੁਕਤ ਰੱਖਣਾ ਨਿਗਮ ਦੀ ਨੈਤਿਕ ਜ਼ਿੰਮੇਵਾਰੀ: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਜ਼ਮੀਨੀ ਪੱਧਰ ’ਤੇ ਸਫ਼ਾਈ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਅੱਜ ਸੈਨੀਟੇਸ਼ਨ ਵਿਭਾਗ ਦੇ ਸੁਪਰਵਾਈਜ਼ਰੀ ਸਟਾਫ਼ ਨਾਲ ਅਹਿਮ ਮੀਟਿੰਗ ਕੀਤੀ। ਨਾਲ ਹੀ ਮੁਹਾਲੀ ਦੇ ਵੱਖ-ਵੱਖ ਪਾਰਕਾਂ ਦਾ ਰੱਖ-ਰਖਾਓ ਕਰਨ ਵਾਲੇ ਠੇਕੇਦਾਰਾਂ ਅਤੇ ਬੀਟ ਸੁਪਰਵਾਈਜ਼ਰਾਂ ਨਾਲ ਵੀ ਮੀਟਿੰਗ ਕੀਤੀ ਤਾਂ ਜੋ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਸਫ਼ਾਈ ਵਿਵਸਥਾ ਨਾਲ ਨਾ ਸਿਰਫ਼ ਸ਼ਹਿਰ ਨੂੰ ਖੂਬਸੂਰਤ ਬਣਾਇਆ ਜਾ ਸਕੇਗਾ ਸਗੋਂ ਗੰਦਗੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਹੋਵੇਗਾ। ਇਨ੍ਹਾਂ ਮੀਟਿੰਗਾਂ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਵੀ ਹਾਜ਼ਰ ਸਨ।
ਮੀਟਿੰਗ ਉਪਰੰਤ ਗੱਲਬਾਤ ਦੌਰਾਨ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਸ਼ਹਿਰ ਵਿੱਚ ਗੰਦਗੀ ਦੀਆਂ ਸਮੱਸਿਆਵਾਂ ਅਤੇ ਸਫ਼ਾਈ ਕਰਨ ਵਾਲੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਜਾਣਨ ਲਈ ਇਹ ਮੀਟਿੰਗ ਸੱਦੀ ਗਈ ਸੀ ਤਾਂ ਜੋ ਸੁਪਰਵਾਈਜ਼ਰਾਂ ਨਾਲ ਸਿੱਧੀ ਗੱਲ ਕਰਕੇ ਦਿੱਕਤਾਂ ਦਾ ਢੁਕਵਾਂ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਗੰਦਗੀ ਅਤੇ ਖੜ੍ਹੇ ਪਾਣੀ ਕਾਰਨ ਡੇਂਗੂ ਅਤੇ ਮਲੇਰੀਆ ਵਰਗੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਜਿਨ੍ਹਾਂ ਨੂੰ ਠੱਲ੍ਹ ਪਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਯਕੀਨੀ ਬਣਾਉਣ ਲਈ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੇਅਰ ਨੇ ਸ਼ਹਿਰ ਦੀ ਸਫ਼ਾਈ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕੌਮੀ ਤਿਉਹਾਰਾਂ ਦਾ ਸੀਜ਼ਨ ਸਿਰ ’ਤੇ ਹੈ। ਲਿਹਾਜ਼ਾ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਤਾਂ ਜੋ ਗੰਦਗੀ ਕਾਰਨ ਬੀਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਮੇਅਰ ਨੇ ਕਿਹਾ ਕਿ ਨਗਰ ਨਿਗਮ ਦੀ ਮੁੱਢਲੀ ਜ਼ਿੰਮੇਵਾਰੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਬਿਮਾਰੀ ਮੁਕਤ ਰੱਖਣ ਦੀ ਹੈ ਅਤੇ ਇਸ ਵਾਸਤੇ ਨਾ ਸਿਰਫ਼ ਨਗਰ ਨਿਗਮ ਦਾ ਆਪਣਾ ਸਟਾਫ ਸਗੋਂ ਠੇਕੇ ਤੇ ਦੇ ਕੇ ਕਰਵਾਏ ਜਾਂਦੇ ਕੰਮਾਂ ਦੀ ਨਜ਼ਰਸਾਨੀ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਪੂਰੀ ਪਾਰਦਰਸ਼ਤਾ ਨਾਲ ਸਾਫ ਸਫ਼ਾਈ ਦੇ ਕੰਮਾਂ ਨੂੰ ਅੰਜਾਮ ਦਿਵਾਇਆ ਜਾ ਸਕੇ। ਇਸ ਮੌਕੇ ਜੁਆਇੰਟ ਕਮਿਸ਼ਨਰ ਹਰਜੀਤ ਸਿੰਘ ਢਿੱਲੋਂ, ਐਸਈ ਸੰਜੇ ਕੰਵਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles

Check Also

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮ…