ਹਾਈ ਕੋਰਟ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ, ਜ਼ਮਾਨਤ ਦੀ ਅਰਜ਼ੀ ਮਨਜ਼ੂਰ

ਐਕਸੀਅਨ ਨਿਮਰਤ ਦੀਪ ਤੇ ਉਸ ਦੇ ਪਿਤਾ ਨੂੰ ਹੁਣ ਤੱਕ ਸਿਰਫ਼ ਦੋ ਵਾਰੀ ਮਿਲੇ ਸੈਣੀ: ਬਚਾਅ ਪੱਖ

‘ਕਾਰਜਕਾਰੀ ਅਧਿਕਾਰੀ ਤੇ ਹੋਰਨਾਂ ਮੁਲਜ਼ਮਾਂ ਦੀ ਜਾਇਦਾਦਾਂ ਨਾਲ ਕੋਈ ਲੈਣਾ-ਦੇਣਾ ਨਹੀਂ’: ਸੁਮੇਧ ਸੈਣੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਸੈਣੀ ਨੇ ਸੀਨੀਅਰ ਵਕੀਲ ਏਪੀਐਸ ਦਿਉਲ ਅਤੇ ਹਿੰਮਤ ਸਿੰਘ ਰਾਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੁਹਾਲੀ ਅਦਾਲਤ ਦੇ ਉਸ ਫੈਸਲੇ ਨੂੰ ਚੁਨੌਤੀ ਦਿੱਤੀ ਗਈ ਸੀ, ਜਿਸ ਰਾਹੀਂ ਹੇਠਲੀ ਅਦਾਲਤ ਨੇ ਸਾਬਕਾ ਡੀਜੀਪੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਸੈਣੀ ਨੇ ਆਪਣÎੇ ਵਕੀਲਾਂ ਰਾਹੀਂ ਅਦਾਲਤ ਨੂੰ ਦੱਸਿਆ ਕਿ ਇਸ ਕੇਸ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਵਿਜੀਲੈਂਸ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾ ਰਹੀ ਹੈ। ਅਦਾਲਤ ਨੇ ਸੈਣੀ ਦੀ ਜ਼ਮਾਨਤ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਹਫ਼ਤੇ ਦੇ ਅੰਦਰ ਅੰਦਰ ਵਿਜੀਲੈਂਸ ਕੋਲ ਪੇਸ਼ ਹੋ ਕੇ ਜਾਂਚ ਵਿੱਚ ਸ਼ਾਮਲ ਹੋਣ ਦੀ ਹਦਾਇਤ ਕੀਤੀ ਹੈ।
ਬਚਾਅ ਪੱਖ ਦੇ ਵਕੀਲ ਏਪੀਐਸ ਦਿਉਲ ਨੇ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਦੀ ਗੁਹਾਰ ਲਗਾਉਂਦੇ ਹੋਏ ਅਦਾਲਤ ਨੂੰ ਦੱਸਿਆ ਕਿ ਪੰਜਾਬ ਪੁਲੀਸ ਵਿੱਚ ਡੀਜੀਪੀ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਹੁਣ ਤੱਕ ਸੂਬਾ ਸਰਕਾਰ ਉਨ੍ਹਾਂ ਦੇ ਖ਼ਿਲਾਫ਼ ਚਾਰ ਝੂਠੇ ਕੇ ਦਰਜ ਕਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸੈਣੀ 30 ਜੂਨ 2018 ਨੂੰ ਅਹੁਦੇ ਤੋਂ ਸੇਵਾਮੁਕਤ ਹੋਏ ਸੀ। ਇਸ ਤੋਂ ਤੁਰੰਤ ਬਾਅਦ ਉਨ੍ਹਾਂ ਖ਼ਿਲਾਫ਼ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਅਗਵਾ ਕਰਕੇ ਮਾਰ ਮੁਕਾਉਣ ਦਾ 29 ਸਾਲਾਂ ਬਾਅਦ ਝੂਠਾ ਪਰਚਾ ਦਰਜ ਕੀਤਾ ਗਿਆ ਜਦੋਂਕਿ ਇਸ ਮਾਮਲੇ ਵਿੱਚ ਸੀਬੀਆਈ ਕਲੀਨ ਚਿੱਟ ਦੇ ਚੁੱਕੀ ਸੀ। ਇਸ ਉਪਰੰਤ ਪਹਿਲਾਂ 27 ਸਤੰਬਰ 2020 ਨੂੰ ਬਹਿਕਲ ਕਲਾਂ ਬੇਅਦਬੀ ਮਾਮਲੇ ਵਿੱਚ ਫਸਾਇਆ ਗਿਆ। ਤੁਰੰਤ ਬਾਅਦ 16 ਅਕਤੂਬਰ ਨੂੰ ਕਰੀਦਕੋਟ ਗੋਲੀਕਾਂਡ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਲੇਕਿਨ ਜਦੋਂ ਇਨ੍ਹਾਂ ਮਾਮਲਿਆਂ ਵਿੱਚ ਸਰਕਾਰ ਅਤੇ ਪੁਲੀਸ ਦੀ ਕੋਈ ਵਾਹ ਨਹੀਂ ਚੱਲੀ ਤਾਂ ਹੁਣ ਪਿਛਲੇ ਦਿਨੀਂ ਪੰਜਾਬ ਵਿਜੀਲੈਂਸ ਬਿਊਰੋਂ ਰਾਹੀਂ ਸਾਬਕਾ ਡੀਜੀਪੀ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਜੁਟਾਉਣ ਦਾ ਚੌਥਾ ਅਪਰਾਧਿਕ ਕੇਸ ਦਰਜ ਕੀਤਾ ਗਿਆ।
ਬਚਾਅ ਪੱਖ ਨੇ ਉੱਚ ਅਦਾਲਤ ਨੂੰ ਦੱਸਿਆ ਕਿ ਇਹ ਸਾਰੇ ਕੇਸ ਸਿਆਸਤ ਤੋਂ ਪ੍ਰੇਰਿਤ ਹਨ ਅਤੇ ਸਾਬਕਾ ਡੀਜੀਪੀ ਨੂੰ ਸਮਾਜ ਵਿੱਚ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੈੱਡ ਪਲੱਸ ਸੁਰੱਖਿਆ ਅਤੇ ਅਤਿਵਾਦ ਤੋਂ ਖ਼ਤਰਾ ਹੋਣ ਕਾਰਨ ਸੇਵਾਮੁਕਤੀ ਤੋਂ ਬਾਅਦ ਕੋਈ ਵੀ ਵਿਅਕਤੀ ਸੁਮੇਧ ਸੈਣੀ ਨੂੰ ਆਪਣਾ ਮਕਾਨ ਕਿਰਾਏ ’ਤੇ ਦੇਣ ਲਈ ਤਿਆਰ ਨਹੀਂ ਸੀ। ਉਸ ਨੇ ਬੜੀ ਮੁਸ਼ਕਲ ਨਾਲ ਨਿਰਮਤ ਦੀਪ ਸਿੰਘ ਅਤੇ ਉਸ ਦੇ ਪਿਤਾ ਨੂੰ ਸੈਕਟਰ-20, ਚੰਡੀਗੜ੍ਹ ਵਾਲੀ ਕੋਠੀ ਕਿਰਾਏ ’ਤੇ ਲੈਣ ਲਈ ਰਾਜ਼ੀ ਕਰ ਲਿਆ ਕਿਉਂਕਿ ਇਕ ਨਾ ਇਕ ਦਿਨ ਸੈਣੀ ਨੇ ਆਪਣੇ ਰਹਿਣ ਲਈ ਪੱਕਾ ਟਿਕਾਣਾ ਤਾਂ ਬਣਾਉਣਾ ਸੀ। ਇਸ ਤਰ੍ਹਾਂ ਬਾਅਦ ਵਿੱਚ ਉਕਤ ਕੋਠੀ ਖ਼ਰੀਦਣ ਦਾ ਮਨ ਬਣਾ ਲਿਆ ਅਤੇ ਨਿਮਰਤਦੀਪ ਦਾ ਪਰਿਵਾਰ ਵੀ ਰਾਜ਼ੀ ਹੋ ਗਿਆ। ਇਸ ਤਰ੍ਹਾਂ ਸੈਣੀ ਨੇ ਸੋਹਾਣਾ ਵਿਚਲੀ ਆਪਣੀ ਦੋ ਏਕੜ ਜ਼ਮੀਨ ਵੇਚ ਕੇ 6.40 ਕਰੋੜ ਵਿੱਚ ਸੌਦਾ ਤੈਅ ਕਰ ਲਿਆ ਅਤੇ ਹੁਣ ਤੱਕ 5 ਕਰੋੜ ਤੋਂ ਵੱਧ ਪੈਸੇ ਜਾ ਚੁੱਕੇ ਹਨ ਅਤੇ ਇਹ ਸਾਰੀ ਪੈਮੇਂਟ ਚੈੱਕ ਰਾਹੀਂ ਕੀਤੀ ਗਈ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਿਮਰਤ ਦੀਪ ਅਤੇ ਉਸ ਦੇ ਪਿਤਾ ਨੂੰ ਸੈਣੀ ਮਹਿਜ ਦੋ ਵਾਰੀ ਮਿਲੇ ਹਨ। ਪਹਿਲੀ ਵਾਰ ਰੈਂਟ ਡੀਡੀ ਬਣਾਉਣ ਸਮੇਂ ਅਤੇ ਦੂਜੀ ਵਾਰ ਕੋਠੀ ਖ਼ਰੀਦਣ ਸਮੇਂ। ਇਸ ਤੋਂ ਬਾਅਦ ਅਤੇ ਪਹਿਲਾਂ ਉਹ (ਸੈਣੀ) ਕਦੇ ਵੀ ਪਿਊ-ਪੁੱਤ ਨਹੀਂ ਮਿਲੇ ਹਨ।
ਉਧਰ, ਸਰਕਾਰੀ ਵਕੀਲ ਨੇ ਬਹਿਸ ਕਰਦਿਆਂ ਵਿਜੀਲੈਂਸ ਵੱਲੋਂ ਦਰਜ ਕੀਤੀ ਐਫ਼ਆਈਆਰ ਦੇ ਹਵਾਲੇ ਨਾਲ ਅਦਾਲਤ ਵਿੱਚ ਇਸ ਬਹੁ-ਚਰਚਿਤ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਅਤੇ ਪੈਸਿਆਂ ਦੇ ਲੈਣ ਦੇਣ ਬਾਰੇ ਤੱਥ ਪੇਸ਼ ਕੀਤੇ ਗਏ। ਉਨ੍ਹਾਂ ਨੇ ਸੈਣੀ ਦੀ ਚੰਡੀਗੜ੍ਹ ਵਾਲੀ ਵਿਵਾਦਿਤ ਕੋਠੀ ਦੀ ਰੈਂਟ ਡੀਡ ਅਤੇ ਬਿਨਾਂ ਰਸੀਦਾਂ ਤੋਂ ਕਰੋੜਾਂ ਰੁਪਏ ਇਕ ਦੂਜੇ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰਨ ਦੀ ਗੱਲ ਕਹੀ। ਉਨ੍ਹਾਂ ਮੰਗ ਕੀਤੀ ਕਿ ਉਕਤ ਸਾਰੇ ਪਹਿਲੂਆਂ ਦੀ ਹੋਰ ਡੂੰਘਾਈ ਜਾਂਚ ਕਰਨ ਲਈ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਹੁਤ ਜ਼ਰੂਰੀ ਹੈ। ਲਿਹਾਜ਼ਾ ਸੁਮੇਧ ਸੈਣੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ ਜਾਵੇ ਤਾਂ ਜੋ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਸਕੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…