
ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਡੀਪੀਈ (ਕਾਲਜਾਂ) ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ
ਜੇਕਰ ਕੋਈ ਵੀ ਕੰਮ ਲੰਬਿਤ ਪਾਇਆ ਗਿਆ ਸਬੰਧਤ ਕਰਮਚਾਰੀ ਦੀ ਤੈਅ ਹੋਵੇਗੀ ਜਵਾਬਦੇਹੀ: ਪ੍ਰਗਟ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪ੍ਰਗਟ ਸਿੰਘ ਨੇ ਅੱਜ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਵਿਖੇ ਡੀਪੀਈ (ਕਾਲਜਾਂ) ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਕੈਬਨਿਟ ਮੰਤਰੀ ਨੇ ਖ਼ੁਦ ਮੁੱਖ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰ ਕੇ ਦਫ਼ਤਰੀ ਕੰਮਾਂ ਬਾਰੇ ਮੁੱਢਲੀ ਜਾਣਕਾਰੀ ਹਾਸਲ ਕੀਤੀ ਅਤੇ ਵੱਖ-ਵੱਖ ਸੀਟਾਂ ਉੱਤੇ ਕੀਤੇ ਜਾਂਦੇ ਕੰਮਾਂ-ਕਾਰਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੀ ਮੌਜੂਦ ਸਨ। ਉਨ੍ਹਾਂ ਸਿੱਖਿਆ ਭਵਨ ਵਿੱਚ ਤਾਇਨਾਤ ਦਫ਼ਤਰੀ ਸਟਾਫ਼ ਦਾ ਹਾਜ਼ਰੀ ਰਜਿਸਟਰ ਵੀ ਚੈੱਕ ਕੀਤਾ ਅਤੇ ਗੈਰ ਹਾਜ਼ਰ ਮੁਲਾਜ਼ਮਾਂ ਨੂੰ ਤਾੜਨਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਐਨਸੀਸੀ ਵਿੰਗ ਵਿਖੇ ਕਾਲਜਾਂ ਵਿੱਚ ਐਨਸੀਸੀ ਕੈਡਿਟਾਂ ਅਤੇ ਇਸ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।
ਸ੍ਰੀ ਪ੍ਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਮ ਲੋਕਾਂ ਨੇ ਮਿਲਣ ਸਮੇਂ ਇਹ ਧਿਆਨ ਵਿੱਚ ਲਿਆਂਦਾ ਗਿਆ ਕਿ ਮੁੱਖ ਦਫ਼ਤਰ ਨਾਲ ਸਬੰਧਤ ਕੰਮ ਅਕਸਰ ਲਟਕ ਜਾਂਦੇ ਹਨ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਦਫ਼ਤਰੀ ਕੰਮ ਲੰਬਿਤ ਰੱਖਿਆ ਗਿਆ ਤਾਂ ਸਬੰਧਤ ਕਰਮਚਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਵਿਭਾਗ ਦੇ ਦਫ਼ਤਰਾਂ ਵਿੱਚ ਤੈਅ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ ਤਾਂ ਜੋ ਕਿਸੇ ਵਿਅਕਤੀ ਨੂੰ ਆਪਣੇ ਕੰਮਾਂ ਕਾਰਾਂ ਲਈ ਮੁੱਖ ਦਫ਼ਤਰ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ। ਸਿੱਖਿਆ ਮੰਤਰੀ ਨੇ ਦਫ਼ਤਰੀ ਸਟਾਫ਼ ਨੂੰ ਕਿਹਾ ਕਿ ਆਮ ਲੋਕਾਂ ਨੂੰ ਕਿਸੇ ਵੀ ਕੰਮ ਵਿੱਚ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਪਾਰਦਰਸ਼ਤਾ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।