ਉੱਚ ਅਫ਼ਸਰਾਂ/ਅਧਿਆਪਕਾਂ ਨੇ ਹੁਣ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਏ: ਬੈਂਸ

ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਿੱਖਿਆ ਢਾਂਚੇ ਦੀ ਕਾਇਆ-ਕਲਪ ਦੀ ਸ਼ੁਰੂਆਤ

ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ 80 ਫੀਸਦੀ ਸਕੂਲਾਂ ਵਿੱਚ ਕਿਤਾਬਾਂ ਪੁੱਜਣ ਦਾ ਦਾਅਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ:
ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਸਰਕਾਰੀ ਸਕੂਲ ਸਿੱਖਿਆ ਨਵੇਂ ਦੌਰ ਵਿੱਚ ਦਾਖ਼ਲ ਹੋ ਗਈ ਹੈ, ਜਿਸ ਦੇ ਆਉਣ ਵਾਲੇ ਸਮੇਂ ਚੰਗੇ ਨਤੀਜੇ ਸਾਹਮਣੇ ਆਉਣਗੇ। ਸਕੂਲਾਂ ਵਿੱਚ ਉੱਚ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਸ਼ਾਨਦਾਰ ਮਾਹੌਲ ਸਿਰਜਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ।
ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੋਹਾਣਾ ਵਿੱਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਸਕੂਲਾਂ ਬਾਰੇ ਮੁੱਢਲੀ ਜਾਣਕਾਰੀ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ਼ ਨਾਲ ਸਿੱਧੀ ਗੱਲ ਕਰਕੇ ਫੀਡਬੈਕ ਲਈ ਅਤੇ ਮਿਡ-ਡੇਅ-ਮੀਲ ਚੈੱਕ ਕੀਤਾ ਅਤੇ ਬੱਚਿਆਂ ਨਾਲ ਬੈਠ ਕੇ ਖਾਣਾ ਖਾਧਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਦੇ ਨਤੀਜੇ ਵਜੋਂ ਐਤਕੀਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ-ਦਰ ’ਚ ਵਾਧਾ ਹੋਇਆ ਹੈ। ਇਸ ਸਾਲ ਕਈ ਸਰਕਾਰੀ ਅਧਿਕਾਰੀਆਂ/ਅਧਿਆਪਕਾਂ ਨੇ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਇਆ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ 80 ਫੀਸਦੀ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਪੁੱਜਦੀਆਂ ਕਰ ਦਿੱਤੀਆਂ ਹਨ ਅਤੇ ਬਾਕੀ ਸਕੂਲਾਂ ਵਿੱਚ 10 ਅਪਰੈਲ ਤੱਕ ਕਿਤਾਬਾਂ ਪਹੁੰਚ ਜਾਣਗੀਆਂ। ਜਦੋਂਕਿ ਇਸ ਤੋਂ ਪਹਿਲਾਂ ਬੱਚਿਆਂ ਨੂੰ ਸਤੰਬਰ-ਅਕਤੂਬਰ ਤੱਕ ਵੀ ਪੂਰੀਆਂ ਕਿਤਾਬਾਂ ਨਹੀਂ ਸਨ ਮਿਲਦੀਆਂ, ਜਿਸ ਨਾਲ ਪੜ੍ਹਾਈ ਦਾ ਨੁਕਸਾਨ ਹੁੰਦਾ ਸੀ।
ਹਰਜੋਤ ਬੈਂਸ ਕਿਹਾ ਕਿ ਪੜ੍ਹਾਈ ਦੇ ਮਿਆਰ ਵਿੱਚ ਵਾਧਾ ਕਰਨ ਲਈ 117 ਸਕੂਲ ਆਫ਼ ਐਮੀਨੈਂਸ ਸਕੂਲ ਖੋਲ੍ਹੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਸਕੂਲਾਂ ਦੇ 75 ਫੀਸਦੀ ਵਿਦਿਆਰਥੀਆਂ ਨੂੰ ਦਾਖ਼ਲ ਕੀਤਾ ਜਾ ਰਿਹਾ ਹੈ। ਪਹਿਲੀ ਵਾਰ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਪੱਧਰ ’ਤੇ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੂਬੇ ਦੇ ਸਕੂਲਾਂ ਵਿੱਚ ਕਰੀਬ 2000 ਨਵੇਂ ਕਮਰੇ ਤਿਆਰ ਕੀਤੇ ਗਏ ਹਨ ਅਤੇ 300 ਨਵੇਂ ਸਕੂਲ ਖੋਲ੍ਹੇ ਗਏ ਹਨ। ਇਸ ਸਾਲ ਸਕੂਲਾਂ ਵਿੱਚ ਸ਼ਾਨਦਾਰ ਫਰਨੀਚਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਦਿੱਖ, ਸਿੱਖਣ ਸਿਖਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਕਾਰਨ ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਤੇ ਅੱਗੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …