
ਹਿੰਦੀ ਦਿਵਸ ਸਮਾਗਮ: ਪੰਜਾਬੀ ਭਾਸ਼ਾ ਦਾ ਨਿਰਾਦਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਉੱਠੀ
ਕਸੂਰਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਸਰਕਾਰ: ਭਾਈ ਜਤਿੰਦਰਪਾਲ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ:
ਕਲਗੀਧਰ ਸੇਵਕ ਜਥਾ ਮੁਹਾਲੀ ਦੇ ਪ੍ਰਧਾਨ ਅਤੇ ਨੌਜਵਾਨ ਸਿੱਖ ਆਗੂ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਹਿੰਦੀ ਦਿਵਸ ਮੌਕੇ ਕਰਵਾਏ ਗਏ ਸਮਾਗਮ ਮੌਕੇ ਕੁਝ ਵਿਅਕਤੀਆਂ ਵੱਲੋਂ ਪੰਜਾਬੀ ਭਾਸ਼ਾ ਦਾ ਨਿਰਾਦਰ ਕੀਤਾ ਜਾਣਾ ਮੰਦਭਾਗਾ ਅਤੇ ਦੁਖਦਾਈ ਹੈ। ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਜੇਪੀ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਪਵਿੱਤਰ ਗੁਰਬਾਣੀ ਦੀ ਰਚਨਾ ਹੋਈ ਹੈ। ਅਜਿਹੀ ਮਹਾਨ ਭਾਸ਼ਾ ਨੂੰ ਕੁਝ ਲੋਕਾਂ ਵੱਲੋਂ ਹਿੰਦੀ ਦਿਵਸ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਸਮਾਗਮ ਮੌਕੇ ਗਵਾਰਾਂ ਦੀ ਭਾਸ਼ਾ ਅਤੇ ਗਾਲਾਂ ਦੀ ਭਾਸ਼ਾ ਕਹਿਣਾ ਬਹੁਤ ਹੀ ਮੰਦਭਾਗੀ ਗੱਲ ਹੈ।
ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਅੱਠਵੇਂ ਸ਼ਡਿਊਲ ਵਿੱਚ 22 ਭਾਸ਼ਾਵਾਂ ਦਰਜ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਸਾਰੀਆਂ ਭਾਸ਼ਾਵਾਂ ਨੂੰ ਬਰਾਬਰ ਦਾ ਦਰਜਾ ਹਾਸਲ ਹੈ, ਪੰਜਾਬੀ ਵੀ ਇਹਨਾਂ ਭਾਸ਼ਾਵਾਂ ਵਿਚੋਂ ਇਕ ਭਾਸ਼ਾ ਹੈ। ਇਸ ਤੋਂ ਇਲਾਵਾ ਕੈਨੇਡਾ, ਸਿੰਘਾਪੁਰ ਅਤੇ ਹੋਰ ਕਈ ਦੇਸ਼ਾਂ ਵਿੱਚ ਪੰਜਾਬੀ ਨੂੰ ਬਹੁਤ ਉਚਾ ਮਾਣ ਸਤਿਕਾਰ ਮਿਲਿਆ ਹੋਇਆ ਹੈ, ਵਿਦੇਸ਼ਾਂ ਵਿੱਚ ਤਾਂ ਹੁਣ ਅਨੇਕਾਂ ਦੁਕਾਨਾਂ ਦੇ ਬੋਰਡ, ਗਲੀਆਂ-ਰਸਤਿਆਂ ਦੇ ਨਾਮ ਅਤੇ ਏਅਰਪੋਰਟਾਂ ਉੱਤੇ ਵੀ ਪੰਜਾਬੀ ਵਿੱਚ ਲਿਖੇ ਹੋਏ ਮਿਲਦੇ ਹਨ, ਜਿਸ ਤੋਂ ਪਤਾ ਚਲਦਾ ਹੈ ਕਿ ਵਿਦੇਸ਼ਾਂ ਵਿਚ ਪੰਜਾਬੀ ਭਾਸ਼ਾ ਨੂੰ ਬਹੁਤ ਮਾਣ ਸਤਿਕਾਰ ਮਿਲ ਰਿਹਾ ਹੈ, ਪਰ ਸਾਡੇ ਆਪਣੇ ਪੰਜਾਬ ਸੂਬੇ ਅੰਦਰ ਹੀ ਕੁਝ ਵਿਅਕਤੀਆਂ ਵੱਲੋਂ ਪੰਜਾਬੀ ਭਾਸ਼ਾ ਦਾ ਨਿਰਾਦਰ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਮੰਦਭਾਗਾ ਹੈ। ਭਾਈ ਜੇਪੀ ਸਿੰਘ ਨੇ ਕਿਹਾ ਕਿ ਕਿੰਨੀ ਦੁਖਦਾਇਕ ਗੱਲ ਹੈ ਕਿ ਕੁਝ ਦਿਨ ਪਹਿਲਾਂ ਇਕ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਵਿਦਿਆਰਥੀਆਂ ਨੂੰ ਪੁਲੀਸ ਦੀ ਪ੍ਰੀਖਿਆ ਦੇਣ ਤੋਂ ਰੋਕ ਦਿਤਾ ਗਿਆ, ਇਹ ਮਾਮਲਾ ਅਜੇ ਠੰਢਾ ਵੀ ਨਹੀਂ ਸੀ ਪਿਆ ਕਿ ਹੁਣ ਪੰਜਾਬ ਅੰਦਰ ਹੀ ਕੁਝ ਵਿਅਕਤੀਆਂ ਵੱਲੋਂ ਪੰਜਾਬੀ ਭਾਸ਼ਾ ਦਾ ਨਿਰਾਦਰ ਕਰਨ ਦੀ ਦੁਖਦਾਇਕ ਘਟਨਾ ਵਾਪਰ ਗਈ।
ਭਾਈ ਜੇਪੀ ਸਿੰਘ ਨੇ ਕਿਹਾ ਕਿ ਪੰਜਾਬੀਆਂ ਤੋਂ ਹੁਣ ਰਾਜਧਾਨੀ ਚੰਡੀਗੜ੍ਹ ਅੰਦਰ ਜਾ ਕੇ ਆਪਣੇ ਦੁਖੜੇ ਫਰੋਲਣ ਦਾ ਹੱਕ ਵੀ ਖੋਹਿਆ ਜਾ ਰਿਹਾ ਹੈ, ਇਸੇ ਕਾਰਨ ਕਿਸਾਨਾਂ ਅਤੇ ਪੰਜਾਬ ਦੀਆਂ ਹੋਰ ਜਥੇਬੰਦੀਆਂ ਨੂੰ ਰੋਸ ਪ੍ਰਦਰਸ਼ਨ ਕਰਨ ਅਤੇ ਆਪਣੀਆਂ ਮੰਗਾਂ ਲਈ ਚੰਡੀਗੜ੍ਹ ਨੂੰ ਜਾਣ ਤੋਂ ਰਸਤੇ ਵਿੱਚ ਹੀ ਰੋਕ ਲਿਆ ਜਾਂਦਾ ਹੈ। ਭਾਈ ਜੇਪੀ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਹਰ ਪਾਸੇ ਪੰਜਾਬੀ ਭਾਸ਼ਾ ਅਤੇ ਪੰਜਾਬੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਦਾ ਨਿਰਾਦਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ।