Nabaz-e-punjab.com

ਘਰ ਘਰ ਰੁਜ਼ਗਾਰ: ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਵਾਲੇ ਵਿਭਾਗਾਂ ਵੱਲੋਂ ਕਾਉਂਟਰ ਲਾਏ ਜਾਣਗੇ: ਸਾਕਸ਼ੀ ਸਾਹਨੀ

ਸਵੈ ਰੁਜ਼ਗਾਰ ਲਈ ਦਿੱਤੀ ਜਾਂਦੀ ਸਿਖਲਾਈ ਅਤੇ ਕਰਜ਼ ਬਾਰੇ ਦਿੱਤੀ ਜਾਵੇਗੀ ਜਾਣਕਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੁਲਾਈ:
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਮੁੱਖ ਕਾਰਜਕਾਰੀ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 19 ਤੋਂ 30 ਸਤੰਬਰ ਤੱਕ ਲਾਏ ਜਾਣ ਵਾਲੇ ਮੈਗਾ ਜੌਬ ਮੇਲਿਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਉਦਯੋਗਪਤੀਆਂ, ਛੋਟੇ-ਵੱਡੇ ਕਾਰੋਬਾਰੀਆਂ ਅਤੇ ਕੰਪਨੀਆਂ ਨੂੰ ਲੋੜੀਂਦੀ ਮਨੁੱਖੀ ਸ਼ਕਤੀ ਬਾਰੇ ਇਕੱਠੇ ਕੀਤੇ ਅੰਕੜਿਆਂ ਦਾ ਜਾਇਜ਼ਾ ਲਿਆ।
ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਮੁਹਾਲੀ, ਡੇਰਾਬੱਸੀ ਅਤੇ ਘੜੂੰਆਂ ਵਿੱਚ ਲੱਗਣ ਵਾਲੇ ਮੈਗਾ ਰੁਜ਼ਗਾਰ ਮੇਲਿਆਂ ਵਿੱਚ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਾਲੇ ਵਿਭਾਗਾਂ ਵੱਲੋਂ ਕਾਊਂਟਰ ਵੀ ਲਾਏ ਜਾਣਗੇ, ਜਿੱਥੇ ਸਬੰਧਤ ਵਿਭਾਗਾਂ ਵੱਲੋਂ ਸਵੈ ਰੁਜ਼ਗਾਰ ਲਈ ਦਿੱਤੀ ਜਾਂਦੀ ਸਿਖਲਾਈ ਤੇ ਕਰਜ਼ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੌਕੇ ’ਤੇ ਫਾਰਮ ਵੀ ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਮਕਸਦ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਨਾ ਹੈ ਤਾਂ ਜੋ ਜ਼ਿਲ੍ਹੇ ਦਾ ਕੋਈ ਨੌਜਵਾਨ ਰੁਜ਼ਗਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਸਬੰਧੀ ਅਗਲੀ ਮੀਟਿੰਗ ਅਗਸਤ ਮਹੀਨੇ ਵਿੱਚ ਹੋਵੇਗੀ, ਜਿਸ ਵਿੱਚ ਵਿਭਾਗਾਂ ਵੱਲੋਂ ਉਦਯੋਗਪਤੀਆਂ ਤੋਂ ਉਨ੍ਹਾਂ ਨੂੰ ਲੋੜੀਂਦੀ ਮਨੁੱਖੀ ਸ਼ਕਤੀ ਬਾਰੇ ਇਕੱਠੇ ਕੀਤੇ ਅੰਕੜਿਆਂ ਨਾਲ ਰਜਿਸਟਰਡ ਬੇਰੋਜ਼ਗਾਰਾਂ ਦਾ ਮਿਲਾਨ ਕਰ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਇਸ ਮੌਕੇ ਯੁਵਕ ਸੇਵਾਵਾਂ ਮੁਹਾਲੀ ਦੀ ਸਹਾਇਕ ਡਾਇਰੈਕਟਰ ਰੁਪਿੰਦਰ ਕੌਰ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਕੌਰ ਬਰਾੜ, ਉਪ ਕਾਰਜਕਾਰੀ ਅਫ਼ਸਰ ਮਨਜੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ, ਡੇਅਰੀ ਵਿਕਾਸ ਬੋਰਡ ਦੇ ਜ਼ਿਲ੍ਹਾ ਕਾਰਜਕਾਰੀ ਅਫ਼ਸਰ ਸੇਵਾ ਸਿੰਘ ਭੂਰੜੇ, ਬਾਗਬਾਨੀ ਅਫ਼ਸਰ ਤਰਲੋਚਨ ਸਿੰਘ, ਮੱਛੀ ਪਾਲਣ ਅਫ਼ਸਰ ਜਗਦੀਪ ਕੌਰ ਸਮੇਤ ਹੋਰ ਵੀ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

CM lays foundation stone of expansion of the DAC, Moga by constructing third and fourth floor

CM lays foundation stone of expansion of the DAC, Moga by constructing third and fourth fl…