Nabaz-e-punjab.com

ਘਰ ਘਰ ਰੁਜ਼ਗਾਰ: ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਸਮਰਪਿਤ

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਣਗੇ: ਰਾਣਾ ਕੇਪੀ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ:
ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਸਕੀਮ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਲ ’ਤੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤਾ ਗਿਆ ਹੈ। ਜਿਸ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਨੌਜਵਾਨਾਂ ਨੂੰ ਸਪਰਪਿਤ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਆਪਣੇ ਪੈਰਾਂ ’ਤੇ ਖੜਾ ਹੋਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬੇਹੱਦ ਲਾਹੇਵੰਦ ਸਾਬਤ ਹੋਣਗੇ।
ਇਸ ਮੌਕੇ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ। ਇਸ ਲਈ ਨੌਜਵਾਨਾਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਸਖ਼ਤ ਮਿਹਨਤ ਕਰਕੇ ਪੰਜਾਬ ਅਤੇ ਦੇਸ਼ ਨੂੰ ਹੋਰ ਅੱਗੇ ਲੈ ਕੇ ਜਾਣ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਿਦੇਸ਼ਾਂ ਵਿੱਚ ਪੜ੍ਹਾਈ ਜਾਂ ਕੰਮ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਹ ਜਾਲਸਾਜ਼ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਨਾ ਹੋਣ ਅਤੇ ਸਹੀ ਢੰਗ ਨਾਲ ਵਿਦੇਸ਼ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਨਅਤਕਾਰ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਬਣਾਏ ਵੱਖ-ਵੱਖ ਸੈਕਸ਼ਨਾਂ ਦਾ ਜਾਇਜ਼ਾ ਲਿਆ ਅਤੇ ਰੁਜ਼ਗਾਰ ਬਿਊਰੋ ਵਿੱਚ ਪੁੱਜੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਆਉਣ ਵਾਲੇ ਬੇਰੁਜ਼ਗਾਰਾਂ ਦੀ ਰਜਿਸਟਰੇਸ਼ਨ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੇ ਪੋਰਟਲ ਘਰ-ਘਰ ਰੁਜ਼ਗਾਰ ’ਤੇ ਕਰਵਾਉਣੀ ਯਕੀਨੀ ਬਣਾਉਣ ਲਈ ਵਿਸ਼ੇਸ਼ ਰਜਿਸਟਰੇਸ਼ਨ ਕਾਉਂਟਰ ਬਣਾਇਆ ਗਿਆ ਹੈ ਅਤੇ ਹਰ ਮਹੀਨੇ 2 ਪਲੇਸਮੈਂਟ ਕੈਂਪ ਲਗਾਏ ਜਾਇਆ ਕਰਨਗੇ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਮੁਹੱਈਆ ਕਰਵਾਉਣ ਵਾਲੀਆਂ ਉਦਯੋਗਿਕ ਇਕਾਈਆਂ/ਕੰਪਨੀਆਂ ਨੂੰ ਬਿਊਰੋ ਦੇ ਦਫ਼ਤਰ ਵਿੱਚ ਸੱਦ ਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਇੰਟਰਵਿਊ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰੀ/ਪ੍ਰਾਈਵੇਟ ਅਸਾਮੀਆਂ ਸਬੰਧੀ ਜਾਣਕਾਰੀ ਵੱਖ-ਵੱਖ ਸਰੋਤਾਂ ਤੋਂ ਇਕੱਤਰ ਕਰਕੇ ਪੋਰਟਲ ਉੱਤੇ ਅਪਲੋਡ ਕੀਤੀ ਜਾਵੇਗੀ ਅਤੇ ਬਿਊਰੋ ਵਿੱਚ ਵੀ ਡਿਸਪਲੇਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਿਊਰੋ ਵਿੱਚ ਸਰਕਾਰੀ/ਗੈਰ ਸਰਕਾਰੀ ਅਸਾਮੀਆਂ ਅਤੇ ਸਵੈ ਰੁਜ਼ਗਾਰ ਸਕੀਮਾਂ ਸਬੰਧੀ ਆਨਲਾਈਨ ਜਾਂ ਆਫ਼ਲਾਈਨ ਫਾਰਮ ਭਰਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਸਪੀਕਰ ਨੇ ਘਰ ਘਰ ਰੁਜ਼ਗਾਰ ਅਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸਬੰਧੀ ਰਸਾਲਾ ਅਤੇ ਬਰੌਸ਼ਰ ਵੀ ਜਾਰੀ ਕੀਤਾ।
ਇਸ ਮੌਕੇ ਐਸਐਸਪੀ ਕੁਲਦੀਪ ਸਿੰਘ ਚਾਹਲ, ਏਡੀਸੀ (ਜਨਰਲ) ਚਰਨਦੇਵ ਸਿੰਘ ਮਾਨ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸਡੀਐਮ ਜਗਦੀਪ ਸਹਿਗਲ, ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੀ ਸੰਯੁਕਤ ਡਾਇਰੈਕਟਰ ਸ੍ਰੀਮਤੀ ਗੁਰਮੀਤ ਕੌਰ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਸਮੇਤ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…