ਕਾਂਗਰਸ ਸਰਕਾਰ ਆਉਣ ’ਤੇ ਹੋਮ ਗਾਰਡ ਜਵਾਨਾਂ ਨੂੰ ਪੱਕਾ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 23 ਜਨਵਰੀ:
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਹੋਮ ਗਾਰਡ ਜਵਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਐਤਕੀਂ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਜਲਦੀ ਹੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਹੋਰ ਬਕਾਇਆਂ ਅਦਾਇਗੀਆਂ ਅਤੇ ਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਭਰੋਸਾ, ਹੋਮ ਗਾਰਡਸ ਦੇ ਇਕ ਸਮੂਹ ਵੱਲੋਂ ਪਟਿਆਲਾ ਤੋਂ ਵਿਧਾਇਕ ਪਰਨੀਤ ਕੌਰ ਨਾਲ ਮਿਲ ਕੇ ਉਨ੍ਹਾਂ ਨੂੰ ਬਾਦਲ ਸ਼ਾਸਨ ਦੌਰਾਨ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਧਿਆਨ ਦਿਵਾਉਣ ਤੋਂ ਬਾਅਦ ਕੀਤਾ ਹੈ। ਜ਼ਿਕਰਯੋਗ ਹੈ ਕਿ ਕਰੀਬ 12 ਹਜ਼ਾਰ ਹੋਮ ਗਾਰਡਸ ਸੂਬੇ ਵਿੱਚ ਵੱਖ-ਵੱਖ ਡਿਊਟੀਆਂ ’ਤੇ ਪੰਜਾਬ ਪੁਲਿਸ ਦੀ ਸਹਾਇਤਾ ਕਰ ਰਹੇ ਹਨ।
ਇਸ ਲੜੀ ਹੇਠ ਹੋਮ ਗਾਰਡਸ ਦੀਆਂ ਡਿਊਟੀਆਂ ਪੁਲਿਸ ਮੁਲਾਜ਼ਮਾਂ ਤੋਂ ਘੱਟ ਸਖ਼ਤ ਨਾ ਹੋਣ ਦੇ ਬਾਵਜੂਦ, ਸਾਲਾਂ ਤੋਂ ਕਿਸੇ ਵਿੱਤੀ ਤੇ ਸੇਵਾ ਸਬੰਧੀ ਫਾਇਦੇ ਬਗੈਰ ਡਿਪਟੀ ਕਮਿਸ਼ਨਰਾਂ ਵੱਲੋਂ ਉਨ੍ਹਾਂ ਨੂੰ ਤੈਅ ਰੇਟਾਂ (ਡੀ.ਸੀ. ਰੇਟ) ’ਤੇ ਦਿਹਾੜੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿਸ ’ਤੇ ਅਦਾਲਤ ਨੇ ਫੈਸਲਾ ਦਿੱਤਾ ਸੀ ਕਿ ਹੋਮ ਗਾਰਡਸ ਨੂੰ ਇਕ ਪੁਲਿਸ ਕਾਂਸਟੇਬਲ ਦੀ 30 ਦਿਨ ਦੀ ਤਨਖਾਹ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਨੇ ਪਰਨੀਤ ਨੂੰ ਦੱਸਿਆ ਕਿ ਸੁਪਰੀਮ ਕੋਰਟ ਦਾ ਫੈਸਲਾ ਆਏ ਨੂੰ ਇਕ ਸਾਲ ਬੀਤ ਜਾਣ ਤੋਂ ਬਾਅਦ ਵੀ ਬਾਦਲ ਸਰਕਾਰ ਨੇ ਤਨਖਾਹ ’ਚ ਵਾਧੇ ਦੇ ਫਾਇਦਿਆਂ, ਮਹਿੰਗਾਈ ਭੱਤੇ ਤੇ ਹੋਰ ਸੇਵਾ ਸਬੰਧੀ ਫਾਇਦਿਆਂ ਤੋਂ ਬਗੈਰ ਸਿਰਫ ਇਕ ਪੁਲਿਸ ਕਾਂਸਟੇਬਲ ਦੀ ਬੇਸਿਕ ਸੈਲਰੀ ਹੀ ਦਿੱਤੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਵੱਖ ਵੱਖ ਜ਼ਿਲ੍ਹਿਆਂ ਅੰਦਰ ਵੱਧ ਚੁੱਕੀ ਤਨਖਾਹ ਤੱਕ ਅਦਾ ਨਹੀਂ ਕੀਤੀ ਗਈ ਹੈ। ਹੋਮ ਗਾਰਡਸ ਨੇ ਬਾਦਲ ਸਰਕਾਰ ਵੱਲੋਂ ਉਨ੍ਹਾਂ ਪ੍ਰਤੀ ਅਪਣਾਏ ਪੱਖਪਾਤੀ ਰਵੱਈਏ ਨੂੰ ਲੈ ਕੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਅਕਾਲੀ ਭਾਜਪਾ ਗਠਜੋੜ ਦੇ ਕੁਸ਼ਾਸਨ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਦੇ ਕੰਮਕਾਜੀ ਵਰਗ ਪ੍ਰਤੀ ਰਵੱਈਏ ਦੇ ਮੱਦੇਨਜ਼ਰ ਇਨ੍ਹਾਂ ਤੋਂ ਕੋਈ ਵੀ ਕਰਮਚਾਰੀ ਵਰਗ ਖੁਸ਼ ਨਹੀਂ ਹੈ। ਇਥੋਂ ਤੱਕ ਕਿ ਉਨ੍ਹਾਂ ਨੂੰ ਮੁਫ਼ਤ ਯਾਤਰਾ ਦੀ ਸੁਵਿਧਾ ਦੇਣ ਲਈ ਸਟੇਟ ਟਰਾਂਸਪੋਰਟ ਵਿਭਾਗ ਦੇ ਖਾਤੇ ਵਿੱਚ 3.84 ਕਰੋੜ ਰੁਪਏ ਜਮ੍ਹਾ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਇਹ ਫਾਇਦਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਨੇ ਮਹਾਰਾਨੀ ਪਰਨੀਤ ਕੌਰ ਦੇ ਰਾਹੀਂ ਕੈਪਟਨ ਅਮਰਿੰਦਰ ਨੂੰ ਸੱਤਾ ਵਿੱਚ ਆਉਣ ਤੋਂ ਬਾਅਦ ਪਹਿਲ ਦੇ ਅਧਾਰ ’ਤੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ ਕੀਤੀ ਹੈ।