
ਗਿਆਨ ਜਯੋਤੀ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਦਿੱਤੀ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਬੀਤੇ ਦਿਨੀਂ ਪੁਲਵਾਮਾ ਵਿੱਚ ਪਾਕਿਸਤਾਨੀ ਅਤਿਵਾਦੀਆਂ ਦੇ ਹਮਲੇ ਵਿੱਚ ਸ਼ਹੀਦ ਸੀਆਰਪੀਐੱਫ਼ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਬੰਧੀ ਇੰਸਟੀਚਿਊਟ ਦੇ ਖੁੱਲ੍ਹੇ ਵਿਹੜੇ ਵਿੱਚ ਸੋਗ ਸਭਾ ਆਯੋਜਿਤ ਕੀਤੀ ਗਈ। ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਮੋਮਬੱਤੀਆਂ ਬਾਲ ਕੇ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਤਾਕਤ ਅਤੇ ਹੌਸਲਾ ਦੇਣ ਲਈ ਪ੍ਰਾਰਥਨਾ ਕੀਤੀ ਗਈ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਅਤੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਸ਼ਹੀਦ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕਰਦੇ ਹੋਏ ਸ਼ਹੀਦ ਪਰਿਵਾਰਾਂ ਪ੍ਰਤੀ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੂੰ ਦੇਸ਼ ਦੀ ਸਰਹੱਦਾਂ ਉੱਤੇ ਤਾਇਨਾਤ ਫੌਜੀਆਂ ਅਤੇ ਹੋਰ ਸੁਰੱਖਿਆ ਬਲਾਂ ਦੀ ਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਰੱਖਿਆ ਲਈ ਪ੍ਰੇਰਿਆ ਜਾ ਸਕੇ।