
ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ:
ਇੱਥੋਂ ਦੇ ਨੇੜਲੇ ਪਿੰਡ ਸੋਹਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵੱਲੋਂ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਅੱਜ ਸਵੇਰੇ 10 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਕੱਢਿਆ ਗਿਆ। ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਬਹੁਤ ਹੀ ਵਧੀਆ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸਨ। ਨਗਰ ਕੀਰਤਨ ਵਿੱਚ ਫੌਜੀ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲੀਆਂ ਧੁੰਨਾਂ ਵਜਾ ਰਹੇ ਸੀ।
ਇਸ ਮੌਕੇ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ। ਇਲਾਕਾ ਵਾਸੀਆਂ ਵੱਲੋਂ ਰਸਤੇ ਵਿੰਚ ਥਾਂ-ਥਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਰਾਗੀ, ਢਾਡੀ, ਕੀਰਤਨੀ ਜਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਦੌਰਾਨ ਸੰਗਤ ਵੱਲੋਂ ਚਾਹ, ਬ੍ਰੈੱਡ ਪਕੌੜਿਆਂ, ਬਿਸਕੁਟ, ਕੜਾਹਿ ਪ੍ਰਸ਼ਾਦਿ ਦੇ ਅਤੁਟ ਲੰਗਰ ਲਗਾਏ ਗਏ। ਨਗਰ ਕੀਰਤਨ ਵਿੱਚ ਇਲਾਕੇ ਦੀ ਸੰਗਤ ਨੇ ਸਕੂਟਰਾਂ, ਮੋਟਰ ਸਾਈਕਲਾਂ, ਕਾਰਾਂ, ਜੀਪਾਂ, ਟਰੈਕਟਰ ਟਰਾਲੀਆਂ, ਬੱਸਾਂ ਰਾਹੀਂ ਸ਼ਿਰਕਤ ਕੀਤੀ।