
ਆਈਏਐਸ ਸ੍ਰੀਮਤੀ ਕੋਮਲ ਮਿੱਤਲ ਨੇ ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਮੁਹਾਲੀ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ
ਨਬਜ਼-ਏ-ਪੰਜਾਬ, ਮੁਹਾਲੀ, 25 ਫਰਵਰੀ:
ਪੰਜਾਬ ਸਰਕਾਰ ਨੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੂੰ ਇੱਥੋਂ ਬਦਲ ਕੇ ਹੁਸ਼ਿਆਰਪੁਰ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ 2014 ਬੈਚ ਦੇ ਆਈਏਐਸ ਅਧਿਕਾਰੀ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਵੀ ਸ੍ਰੀਮਤੀ ਕੋਮਲ ਮਿੱਤਲ ਮੁਹਾਲੀ ਵਿੱਚ ਏਡੀਸੀ (ਜਨਰਲ) ਅਤੇ ਏਡੀਸੀ (ਸ਼ਹਿਰੀ ਵਿਕਾਸ) ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਵਧੀਕ ਸਕੱਤਰ, ਅੰਮ੍ਰਿਤਸਰ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅਤੇ ਮੁਕੇਰੀਆਂ ਵਿਚ ਐਸਡੀਐਮ ਰਹਿ ਚੁੱਕੇ ਹਨ ਅਤੇ ਹਾਲ ਹੀ ਵਿਚ ਉਹ ਹੁਸ਼ਿਆਰਪੁਰ ਵਿਚ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾ ਰਹੇ ਸੀ।
ਇਸ ਮੌਕੇ ਮੀਡੀਆ ਦੇ ਰੂਬਰੂ ਹੁੰਦਿਆਂ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ, ਭ੍ਰਿਸ਼ਟਾਚਾਰ ਵਿਰੁੱਧ ਲੜਾਈ ਜਾਰੀ ਰੱਖਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘੱਟ ਕਰਨ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਮੇਂ ਸਿਰ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਵੱਧ ਰਹੇ ਸ਼ਹਿਰੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਡੀਸੀ ਨੇ ਕਿਹਾ ਕਿ ਗੈਰ-ਕਾਨੂੰਨੀ ਇਮੀਗਰੇਸ਼ਨ ਵਿਰੁੱਧ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਜਲਦੀ ਹੀ ਟਰੈਵਲ ਏਜੰਟਾਂ ਨਾਲ ਮੀਟਿੰਗ ਕਰਕੇ ਰਜਿਸਟਰਡ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਡੀਸੀ ਦਫ਼ਤਰ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪੁਲੀਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਏਡੀਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਐਸਡੀਐਮ ਮੁਹਾਲੀ ਦਮਨਦੀਪ ਕੌਰ, ਐਸਡੀਐਮ ਖਰੜ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਵਧੀਕ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਮੀਤ ਸਿੰਘ ਅਤੇ ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।