
ਆਈਏਐਸ ਵਿਸ਼ੇਸ਼ ਸਾਰੰਗਲ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ
ਜਨਤਕ ਸੇਵਾਵਾਂ ਦੀ ਸਮੇਂ ਸਿਰ ਤੇ ਪਾਰਦਰਸ਼ੀ ਡਲਿਵਰੀ ਨੂੰ ਸਭ ਤੋਂ ਵੱਧ ਤਰਜੀਹ ਦੇਣ ਅਧਿਕਾਰੀ: ਸਾਰੰਗਲ
ਨਬਜ਼-ਏ-ਪੰਜਾਬ, ਮੁਹਾਲੀ, 28 ਫਰਵਰੀ:
ਸਾਲ 2023 ਦੇ ਆਈਏਐਸ ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਅੱਜ ਗਮਾਡਾ ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਮੋਗਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਸਨ। ਜਿੱਥੇ ਉਨ੍ਹਾਂ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ। ਅਹੁਦਾ ਸੰਭਾਲਣ ਤੋਂ ਬਾਅਦ ਵਿਸ਼ੇਸ਼ ਸਾਰੰਗਲ ਨੇ ਪਾਲਿਸੀ, ਇੰਜੀਨੀਅਰਿੰਗ, ਅਸਟੇਟ ਦਫ਼ਤਰ ਅਤੇ ਵਿੱਤ ਸਮੇਤ ਹੋਰ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀਆਂ ਨਾਲ ਸੰਖੇਪ ਮੀਟਿੰਗਾਂ ਕਰਕੇ ਉਨ੍ਹਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਗਮਾਡਾ ਦੇ ਸਮੂਹ ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਚੰਗਾ ਸ਼ਾਸਨ ਪ੍ਰਦਾਨ ਕਰਨ ਅਤੇ ਜਨਤਕ ਸੇਵਾਵਾਂ ਦੀ ਤੇਜ਼ੀ ਨਾਲ ਡਲਿਵਰੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੋਚ ਅਤੇ ਨੀਤੀਆਂ ਦੀ ਹੂਬਹੂ ਪਾਲਣਾ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਗਮਾਡਾ ਮੁਹਾਲੀ ਸ਼ਹਿਰ ਦੇ ਨਾਲ-ਨਾਲ ਆਲੇ-ਦੁਆਲੇ ਦੇ ਖੇਤਰ ਦੇ ਵਿਕਾਸ ਵਿੱਚ ਵੀ ਬਹੁਤ ਯੋਗਦਾਨ ਪਾਉਂਦਾ ਹੈ। ਇਸ ਲਈ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟ ਨਿਰਧਾਰਿਤ ਸਮਾਂ-ਸੀਮਾਵਾਂ ਅੰਦਰ ਪੂਰੇ ਕੀਤੇ ਜਾਣ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਡਿਊਟੀ ਵਿੱਚ ਲਾਪਰਵਾਹੀ ਅਤੇ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।