Share on Facebook Share on Twitter Share on Google+ Share on Pinterest Share on Linkedin ਜੇ ਕੇਂਦਰ ਸਰਕਾਰ ਨੇ ਬਾਕੀ ਮੰਗਾਂ ਛੇਤੀ ਨਾ ਮੰਨੀਆਂ ਤਾਂ ਦਿੱਲੀ ਦੀਆਂ ਬਰੂਹਾਂ ’ਤੇ ਮੁੜ ਦੇਵਾਂਗੇ ਧਰਨਾ: ਰਾਜੇਵਾਲ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਦਾ 190ਵੇਂ ਦਿਨ ਭੁੱਖ ਹੜਤਾਲ ਤੇ ਧਰਨਾ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਅਤੇ ਧਰਨਾ ਪ੍ਰਦਰਸ਼ਨ ਬੁੱਧਵਾਰ ਨੂੰ 190ਵੇਂ ਦਿਨ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਭੁੱਖ-ਹੜਤਾਲ ਖ਼ਤਮ ਕਰਵਾਈ ਗਈ। ਇਸ ਤੋਂ ਪਹਿਲਾਂ ਧਰਨਾ ਕੈਂਪਸ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਬੋਲਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਅਤੇ ਕਿਸਾਨਾਂ ਦੀਆਂ ਹੋਰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦੇਣ ਤੋਂ ਬਾਅਦ ਹੀ ਕਿਸਾਨੀ ਸੰਘਰਸ਼ ਮੁਲਤਵੀ ਕੀਤਾ ਗਿਆ ਹੈ। ਉਂਜ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਹਾਲੇ ਸਮਾਪਤ ਨਹੀਂ ਹੋਇਆ ਹੈ, ਸਿਰਫ਼ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਬਾਕੀ ਮੰਗਾਂ ਮੰਨਣ ਤੋਂ ਟਾਲਾ ਵੱਟਣ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਸਮੇਤ ਦਿੱਲੀ ਦੀਆਂ ਬਰੂਹਾਂ ’ਤੇ ਦੁਬਾਰਾ ਸੰਘਰਸ਼ ਵਿੱਢਿਆ ਜਾਵੇਗਾ। ਸ੍ਰੀ ਰਾਜੇਵਾਲ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੇ ਆਮ ਲੋਕਾਂ ਨੂੰ ਆਪਣੇ ਹੱਕਾਂ ਅਤੇ ਅਧਿਕਾਰਾਂ ਖ਼ਾਤਰ ਲੜਨ ਲਈ ਨਵੀਂ ਸੇਧ ਦਿੱਤੀ ਹੈ ਅਤੇ ਗੁਆਂਢੀ ਸੂਬਿਆਂ ਦਾ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਕਿਸਾਨਾਂ ਦੀ ਏਕਤਾ ਨਵੀਂ ਪੀੜ੍ਹੀ ਲਈ ਰਾਹ ਦਸੇਰਾ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ ਸੀ ਬਲਕਿ ਸਮੁੱਚੇ ਦੇਸ਼ ਵਾਸੀਆਂ ਦੀ ਸਾਂਝੀ ਲੜਾਈ ਸੀ ਅਤੇ ਏਕੇ ਨਾਲ ਜਿੱਤ ਹਾਸਲ ਕੀਤੀ ਹੈ। ਜਿਸ ਵਿੱਚ ਨੌਜਵਾਨਾਂ ਅਤੇ ਅੌਰਤਾਂ ਦੀ ਭੂਮਿਕਾ ਵੀ ਅਹਿਮ ਰਹੀ ਹੈ। ਇਸ ਤੋਂ ਪਹਿਲਾਂ ਕਿਸਾਨ ਆਗੂ ਪਰਵਿੰਦਰ ਸਿੰਘ ਬੈਦਵਾਨ ਅਤੇ ਨੰਬਰਦਾਰ ਹਰਵਿੰਦਰ ਸਿੰਘ ਅਤੇ ਹੋਰਨਾਂ ਕਿਸਾਨਾਂ ਨੇ ਧਰਨਾ ਸਥਾਨ ਉੱਤੇ ਪਹੁੰਚ ’ਤੇ ਬਲਬੀਰ ਸਿੰਘ ਰਾਜੇਵਾਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਨ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਕਿਸਾਨ ਪਿਛਲੇ 190 ਦਿਨਾਂ ਤੋਂ ਭੁੱਖ-ਹੜਤਾਲ ’ਤੇ ਬੈਠੇ ਸਨ। ਇਸ ਤੋਂ ਇਲਾਵਾ ਸਮੇਂ ਸਮੇਂ ਸਿਰ ਵੱਡੀ ਗਿਣਤੀ ’ਚ ਕਿਸਾਨ ਦਿੱਲੀ ਧਰਨੇ ਵਿੱਚ ਜਾਂਦੇ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਜੇ ਲੋੜ ਪਈ ਤਾਂ ਇਸੇ ਸਥਾਨ ਉੱਤੇ ਫਿਰ ਤੋਂ ਭੁੱਖ-ਹੜਤਾਲ ’ਤੇ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਢੋਲ, ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਕੁਲਵੰਤ ਸਿੰਘ ਤ੍ਰਿਪੜੀ, ਗੁਰਪ੍ਰੀਤ ਸਿੰਘ ਨਿਆਮੀਆਂ, ਪਰਮਦੀਪ ਸਿੰਘ ਬੈਦਵਾਨ, ਕਰਮਜੀਤ ਸਿੰਘ ਚਿੱਲਾ, ਅਮਨ ਪੂਨੀਆ, ਮਿੰਦਰ ਸੋਹਾਣਾ, ਕੌਂਸਲਰ ਹਰਜਿੰਦਰ ਕੌਰ, ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਨਰਿੰਦਰ ਸਿੰਘ ਕੰਗ, ਜੀਟੀਯੂ ਦੇ ਪ੍ਰਧਾਨ ਸੁਰਜੀਤ ਸਿੰਘ, ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਜਗਦੀਸ਼ ਸਰਾਓ, ਕਰਮ ਸਿੰਘ ਧਨੋਆ, ਗੁਰਸੇਵ ਸਿੰਘ, ਭਜਨ ਸਿੰਘ ਦੁਰਾਲੀ, ਹਰਦੇਵ ਸਿੰਘ ਕਲੇਰ, ਤਰਕਸ਼ੀਲ ਆਗੂ ਜੋਗਾ ਸਿੰਘ, ਪੇਂਡੂ ਸੰਘਰਸ਼ ਕਮੇਟੀ ਦੇ ਜੋਗਿੰਦਰ ਸਿੰਘ, ਜਸਪਾਲ ਸਿੰਘ ਢਿੱਲੋਂ, ਸੁਰਿੰਦਰ ਕੌਰ, ਅਮਰਜੀਤ ਕੌਰ, ਬਹਾਦਰ ਸਿੰਘ, ਚਰਨ ਸਿੰਘ ਬਦਨਪੁਰ, ਸਰਨਜੀਤ ਸਿੰਘ, ਲਵਲੇਸ਼ ਸਿੰਘ ਸੇਵਾਦਾਰ, ਸੱਜਣ ਸਿੰਘ, ਗੁਰਪ੍ਰੀਤ ਸਿੰਘ ਸਰਪੰਚ ਦੁਰਾਲੀ, ਗੁਰਪ੍ਰੀਤ ਸਿੰਘ ਸੋਮਲ, ਕਰਨਲ ਜਗਮੇਲ ਸਿੰਘ, ਭੁਪਿੰਦਰ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ