ਅਧਿਕਾਰੀਆਂ ਦੀ ਮਿਲੀਭੁਗਤ ਨਾਲ ਧੜਾਧੜ ਹੋ ਰਹੀਆਂ ਨੇ ਨਾਜਾਇਜ਼ ਉਸਾਰੀਆਂ: ਕੁੰਭੜਾ

ਨਬਜ਼-ਏ-ਪੰਜਾਬ, ਮੁਹਾਲੀ, 10 ਅਗਸਤ:
ਅੱਜ ਮਿਤੀ 10 ਜੁਲਾਈ 2023 ਨੂੰ ਬਲਵਿੰਦਰ ਸਿੰਘ ਕੁੰਭੜਾ ਪ੍ਰਧਾਨ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਨਗਰ ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪਿੰਡ ਕੁੰਭੜਾ ਵਿੱਚ ਦਿਨ ਦਿਹਾੜੇ ਕਥਿਤ ਤੌਰ ’ਤੇ ਨਾਜਾਇਜ਼ ਉਸਾਰੀਆਂ ਬਣ ਰਹੀਆਂ ਹਨ। ਜਿਸ ਦੀ ਅੱਜ ਤਾਜ਼ਾ ਮਿਸਾਲ ਉਨ੍ਹਾਂ ਨੇ ਮੀਡੀਆ ਦੇ ਸਾਹਮਣੇ ਪੇਸ਼ ਕੀਤੀ। ਬਲਵਿੰਦਰ ਕੁੰਭੜਾ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨੀਂ ਕਮਿਸ਼ਨਰ ਨੂੰ ਮਿਲ ਕੇ ਲਿਖਤੀ ਦਰਖ਼ਾਸਤ ਦਿੱਤੀ ਸੀ, ਜਿਸ ’ਤੇ ਕਮਿਸ਼ਨਰ ਮੈਡਮ ਵੱਲੋਂ ਨਾਜਾਇਜ਼ ਉਸਾਰੀ ਰੋਕਣ ਲਈ ਇੰਸਪੈਕਟਰ ਅਤੇ ਚੀਫ ਇੰਜੀਨੀਅਰ ਦੀ ਡਿਊਟੀ ਲਗਾਈ ਗਈ ਸੀ ਪਰ ਦੋ ਦਿਨ ਬੀਤ ਜਾਣ ਦੇ ਬਾਵਜੂਦ ਉਸਾਰੀ ਦਾ ਕੰਮ ਨਹੀਂ ਰੋਕਿਆ ਗਿਆ।
ਬਲਵਿੰਦਰ ਕੁੰਭੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇੱਕ ਲਿਖਤੀ ਦਰਖ਼ਾਸਤ ਸੈਂਟਰਲ ਥਾਣਾ ਫੇਜ਼-8 ਨੂੰ ਦਿੱਤੀ ਗਈ ਅਤੇ ਮਾਮਲਾ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਦੇ ਧਿਆਨ ਵਿੱਚ ਲਿਆਂਦਾ ਗਿਆ। ਜਿਨ੍ਹਾਂ ਕਾਰਵਾਈ ਕਰਦਿਆਂ ਮੌਕੇ ’ਤੇ ਐਸਐਚਓ ਆਪਣੀ ਟੀਮ ਨਾਲ ਆ ਕੇ ਕੰਮ ਬੰਦ ਕਰਵਾ ਦਿੱਤਾ ਗਿਆ ਅਤੇ ਮਾਲਕ ਦੀ ਝਾੜਝੰਬ ਕੀਤੀ ਗਈ ਪਰ ਇਸ ਦੇ ਬਾਵਜੂਦ ਉਸਾਰੀ ਦਾ ਕੰਮ ਨਿਰੰਤਰ ਜਾਰੀ ਹੈ।
ਸ੍ਰੀ ਕੁੰਭੜਾ ਨੇ ਕਿਹਾ ਕਿ ਇਹ ਉਸਾਰੀ ਸਿਆਸੀ ਆਗੂਆਂ ਦੀ ਛੱਤਰ ਛਾਇਆ ਹੇਠ ਨਿਗਮ ਅਧਿਕਾਰੀਆਂ ਵੱਲੋਂ ਮਕਾਨ ਮਾਲਕਾਂ ਨਾਲ ਮਿਲ ਕੇ ਅੱਜ ਤੜਕੇ ਹੀ ਲੈਂਟਰ ਪੁਆ ਦਿੱਤਾ ਗਿਆ ਜਦੋਂ ਮੌਕੇ ’ਤੇ ਉਨ੍ਹਾਂ ਵੱਲੋਂ ਬਿਲਡਿੰਗ ਇੰਸਪੈਕਟਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਪਣੇ ’ਤੇ ਸਰਕਾਰੀ ਦਬਾਅ ਦੀ ਗੱਲ ਕਹਿ ਕੇ ਕਾਰਵਾਈ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ।
ਸ੍ਰੀ ਕੁੰਭੜਾ ਨੇ ਕਿਹਾ ਜੇਕਰ ਪਿੰਡਾਂ ਵਿੱਚ ਬਹੁਮੰਜ਼ਲਾਂ ਅਤੇ ਨਾਜਾਇਜ਼ ਉਸਾਰੀਆਂ ਕਾਰਨ ਕਿਸੇ ਦਾ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਸਿਆਸੀ ਆਗੂ ਅਤੇ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਾਜਾਇਜ਼ ਉਸਾਰੀ ਦਾ ਕੰਮ ਬੰਦ ਕਰਵਾ ਜਲਦ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਨਗਰ ਨਿਗਮ ਦੇ ਬਾਹਰ ਕਮਿਸ਼ਨਰ ਦਾ ਪੁਤਲਾ ਸਾੜਿਆ ਜਾਵੇਗਾ ਅਤੇ ਲੋੜ ਪੈਣ ’ਤੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਵੇਗਾ।

Load More Related Articles

Check Also

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’ ਸ਼ਹਿਰ ਵਿੱਚ ਲੱਗ…