Nabaz-e-punjab.com

ਮੁਹਾਲੀ ਵਿੱਚ ਧੜੱਲੇ ਨਾਲ ਚਲ ਰਿਹਾ ਹੈ ਗੈਰ ਕਾਨੂੰਨੀ ਮਾਈਨਿੰਗ ਦਾ ਧੰਦਾ, ਅਧਿਕਾਰੀ ਬੇਖ਼ਬਰ

ਡੀਸੀ ਵੱਲੋਂ ਮਾਈਨਿੰਗ ਅਫ਼ਸਰ ਤੋਂ ਰਿਪੋਰਟ ਤਲਬ, ਐਸਡੀਐਮ ਦੇ ਫੋਨ ਤੋਂ ਬਾਅਦ ਸੋਹਾਣਾ ਪੁਲੀਸ ਨੇ ਮੌਕਾ ਦੇਖਿਆ

ਆਪ ਦੇ ਬਾਗੀ ਵਿਧਾਇਕ ਕੰਵਰ ਸੰਧੂ ਤੇ ਵਕੀਲ ਧਾਲੀਵਾਲ ਨੇ ਵੀ ਤਤਕਾਲੀ ਡੀਸੀ ਨੂੰ ਦਿੱਤੀ ਸੀ ਨਾਜਾਇਜ਼ ਮਾਈਨਿੰਗ ਬਾਰੇ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਨੂੰ ਛਿੱਕੇ ’ਤੇ ਟੰਗ ਕੇ ਸ਼ਰ੍ਹੇਆਮ ਕਥਿਤ ਤੌਰ ’ਤੇ ਗ਼ੈਰ ਕਾਨੂੰਨੀ ਮਾਈਨਿੰਗ ਦਾ ਗੋਰਖਧੰਦਾ ਚਲ ਰਿਹਾ ਹੈ। ਇੱਥੋਂ ਦੇ ਨੇੜਲੇ ਪਿੰਡ ਧਰਮਗੜ੍ਹ ਵਿੱਚ ਕੁਝ ਵਿਅਕਤੀ ਜੇਸੀਬੀ ਮਸ਼ੀਨਾਂ ਲਗਾ ਕੇ ਚਿੱਟੇ ਦਿਨ ਖੇਤਾਂ ’ਚੋਂ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਕਰ ਰਹੇ ਹਨ। ਇਸ ਕੰਮ ’ਚ ਜੁਟੇ ਲੋਕ ਕਾਂਗਰਸੀ ਦੱਸੇ ਗਏ ਹਨ। ਉਧਰ, ਨਾਜਾਇਜ਼ ਮਾਈਨਿੰਗ ਹੋਣ ਨਾਲ ਨੇੜਲੇ ਖੇਤਾਂ ਦੀ ਜ਼ਮੀਨ ਖੁਰਨੀ ਸ਼ੁਰੂ ਹੋ ਗਈ ਹੈ। ਇੰਝ ਹੀ ਡੇਰਾਬੱਸੀ ਦੇ ਪਿੰਡ ਕਕਰਾਲੀ ਅਤੇ ਮਾਜਰੀ ਬਲਾਕ ਦੇ ਕਈ ਪਿੰਡਾਂ ਵਿੱਚ ਨਾਜਾਇਜ਼ ਮਾਈਨਿੰਗ ਹੋਣ ਬਾਰੇ ਪਤਾ ਲੱਗਾ ਹੈ।
ਪੀੜਤ ਰਜਿੰਦਰ ਸਿੰਘ ਅਤੇ ਉਸ ਦੇ ਭਰਾ ਭੁਪਿੰਦਰ ਸਿੰਘ ਅਤੇ ਐਚਐਸ ਗਰੇਵਾਲ ਨੇ ਦੱਸਿਆ ਕਿ ਪਿੰਡ ਧਰਮਗੜ੍ਹ ਵਿੱਚ ਉਨ੍ਹਾਂ ਦੀ ਜ਼ਮੀਨ ਹੈ। ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਕੁਝ ਵਿਅਕਤੀ ਸ਼ਰ੍ਹੇਆਮ ਜੇਸੀਬੀ ਮਸ਼ੀਨਾਂ ਲਗਾ ਕੇ ਖੇਤਾਂ ’ਚੋਂ ਨਾਜਾਇਜ਼ ਮਾਈਨਿੰਗ ਕਰ ਰਹੇ ਹਨ। ਜਿਸ ਕਾਰਨ ਉਕਤ ਜ਼ਮੀਨ ਵਿੱਚ ਕਰੀਬ 20 ਤੋਂ 25 ਫੁੱਟ ਡੂੰਘੇ ਖੱਡੇ ਪੈ ਚੁੱਕੇ ਹਨ ਅਤੇ ਉਨ੍ਹਾਂ ਦੇ ਖੇਤਾਂ ਦੀ ਮਿੱਟੀ ਵੀ ਖੁਰਨੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਮਾਈਨਿੰਗ ਵਿੱਚ ਲੱਗੇ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਖੇਤਾਂ ਨੂੰ ਜਾਂਦੀ ਕੱਚੀ ਪਹੀ ਵੀ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਗਈ ਹੈ। ਇਸ ਸਬੰਧੀ ਨਾਲ ਲਗਦੀ ਜ਼ਮੀਨ ਦੇ ਮਾਲਕਾਂ ਦਾ ਕਹਿਣਾ ਹੈ ਕਿ ਨਾਜਾਇਜ਼ ਮਾਈਨਿੰਗ ਕਾਰਨ ਉਨ੍ਹਾਂ ਦੇ ਖੇਤਾਂ ਨੇੜੇ ਖਾਰ ਪੈਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਨਾਜਾਇਜ਼ ਮਾਈਨਿੰਗ ਰੋਕੀ ਜਾਵੇ।
ਇਸ ਸਬੰਧੀ ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਜਗਦੇਵ ਸਿੰਘ ਨੇ ਦੱਸਿਆ ਕਿ ਮਾਜਰੀ ਬਲਾਕ ਦੇ ਪਿੰਡ ਮੀਆਂਪੁਰ-ਚੰਗਰ, ਖਿਜ਼ਰਾਬਾਦ, ਅਭੀਪੁਰ, ਤਾਰਾਪੁਰ, ਲੁਬਾਣਗੜ੍ਹ, ਸੈਣੀਮਾਜਰਾ, ਤਿਊੜ, ਸਮੇਤ ਕਈ ਹੋਰਨਾਂ ਪਿੰਡਾਂ ਵਿੱਚ ਸੱਤਾਧਾਰੀ ਧਿਰ ਦੀ ਸਹਿ ਨਾਲ ਧੜੱਲੇ ਨਾਲ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਤਤਕਾਲੀ ਡੀਸੀ ਨੇ ਵੀ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕਾ ਦੇਖਿਆ ਸੀ ਪ੍ਰੰਤੂ ਬਾਅਦ ਵਿੱਚ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਜਾਂ ਬੁੱਧਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਮਿਲ ਕੇ ਲਿਖਤੀ ਸ਼ਿਕਾਇਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਬਣਦੀ ਕਾਰਵਾਈ ਨਹੀਂ ਕੀਤੀ ਤਾਂ ਆਪ ਵਾਲੰਟੀਅਰਾਂ ਵੱਲੋਂ ਵੱਡੇ ਪੱਧਰ ’ਤੇ ਸਿੰਘਰਸ਼ ਵਿੱਢਿਆ ਜਾਵੇਗਾ।
ਉਧਰ, ਇਸ ਤੋਂ ਪਹਿਲਾਂ ਆਪ ਦੇ ਬਾਗੀ ਵਿਧਾਇਕ ਕੰਵਰ ਸੰਧੂ ਅਤੇ ਵਕੀਲ ਦਰਸ਼ਨ ਸਿੰਘ ਧਾਲੀਵਾਲ ਨੇ ਵੀ ਮੁਹਾਲੀ ਦੀ ਤਤਕਾਲੀ ਡਿਪਟੀ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਜ਼ਿਲ੍ਹੇ ਵਿੱਚ ਗ਼ੈਰ ਕਾਨੂੰਨੀ ਹੋ ਰਹੀ ਮਾਈਨਿੰਗ ਸਬੰਧੀ ਡੀਸੀ ਨੂੰ ਵਿਸਥਾਰ ਨਾਲ ਲਿਖਤੀ ਜਾਣਕਾਰੀ ਵੀ ਦਿੱਤੀ ਗਈ ਸੀ।
(ਬਾਕਸ ਆਈਟਮ)
ਇਸ ਸਬੰਧੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਮਾਈਨਿੰਗ ਅਫ਼ਸਰ ਤੋਂ ਰਿਪੋਰਟ ਤਲਬ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਾਣਕਾਰੀ ਮਿਲਣ ਤੋਂ ਬਾਅਦ ਮਾਈਨਿੰਗ ਅਫ਼ਸਰ ਨੂੰ ਮੌਕਾ ਦੇਖ ਕੇ ਰਿਪੋਰਟ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ਅਤੇ ਗ਼ੈਰ ਕਾਨੂੰਨੀ ਮਾਈਨਿੰਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
(ਬਾਕਸ ਆਈਟਮ)
ਐਸਡੀਐਮ ਜਗਦੀਪ ਸਹਿਗਲ ਨੇ ਵੀ ਮਾਈਨਿੰਗ ਅਫ਼ਸਰ ਸਮੇਤ ਥਾਣਾ ਸੋਹਾਣਾ ਦੇ ਐਸਐਚਓ ਨੂੰ ਫੋਨ ’ਤੇ ਤੁਰੰਤ ਮੌਕਾ ਦੇਖਣ ਲਈ ਆਖਿਆ ਹੈ। ਥਾਣਾ ਮੁਖੀ ਮਨਫੂਲ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ ਪ੍ਰੰਤੂ ਹੁਣੇ ਹੀ ਐਸਡੀਐਮ ਨੇ ਮੌਕਾ ਦੇਖਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੂੰ ਮੌਕੇ ਦਾ ਜਾਇਜ਼ਾ ਲੈਣ ਲਈ ਭੇਜਿਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…