Nabaz-e-punjab.com

ਨਾਜਾਇਜ਼ ਮਾਈਨਿੰਗ ਤੇ ਗੁੰਡਾ ਟੈਕਸ ਵਸੂਲੀ ਦਾ ਸੇਕ ਮੁੱਖ ਮੰਤਰੀ ਦਫ਼ਤਰ ਤੱਕ ਪੁੱਜਾ

ਵਿਧਾਇਕ ਐਨਕੇ ਸ਼ਰਮਾ ਵੱਲੋਂ ਮੁੱਖ ਮੰਤਰੀ ਦੇ ਸਲਾਹਕਾਰ ਕਿੱਕੀ ਢਿੱਲੋਂ ਖ਼ਿਲਾਫ਼ ਨਾਜਾਇਜ਼ ਮਾਈਨਿੰਗ ਕਰਵਾਉਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਦਸੰਬਰ:
ਜ਼ਿਲ੍ਹਾ ਮੁਹਾਲੀ ਦੇ ਡੇਰਾਬੱਸੀ ਹਲਕੇ ਵਿੱਚ ਨਾਜਾਇਜ਼ ਮਾਈਨਿੰਗ ਅਤੇ ਜ਼ਬਰਦਸਤੀ ਗੁੰਡਾ ਟੈਕਸ ਵਸੂਲੀ ਦਾ ਸੇਕ ਹੁਣ ਮੁੱਖ ਮੰਤਰੀ ਦੇ ਦਫ਼ਤਰ ਤੱਕ ਪਹੁੰਚ ਗਿਆ ਹੈ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਐਨਕੇ ਸ਼ਰਮਾ ਨੇ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਦੇ ਖ਼ਿਲਾਫ਼ ਕਥਿਤ ਤੌਰ ’ਤੇ ਨਾਜਾਇਜ਼ ਮਾਈਨਿੰਗ ਕਰਵਾਉਣ ਦਾ ਦੋਸ਼ ਲਾਇਆ ਹੈ ਅਤੇ ਡੀਸੀ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਅੱਜ ਸ੍ਰੀ ਸ਼ਰਮਾ ਦੀ ਅਗਵਾਈ ਹੇਠ ਮੁਬਾਰਕਪੁਰ ਕਰੈਸ਼ਰ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਹੋਰਨਾਂ ਲੋਕਾਂ ਨੇ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਦੀ ਗੈਰਮੌਜੂਦਗੀ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਨੂੰ ਨਾਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਲਿਖਤੀ ਸ਼ਿਕਾਇਤ ਦਿੱਤੀ ਅਤੇ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਧਰ, ਕਿੱਕੀ ਢਿੱਲੋਂ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਝੂਠ ਦਾ ਪੁਲੰਦਾ ਦੱਸਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਨਕੇ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਮੁਹਾਲੀ ਸਮੇਤ ਸਮੁੱਚੇ ਪੰਜਾਬ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਨਾਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਛੱਤਬੀੜ ਚਿੜੀਆਘਰ ਦੇ ਨੇੜੇ ਸ਼ਰ੍ਹੇਆਮ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਜਿਸ ਕਾਰਨ ਸੈਰ ਸਪਾਟਾ ਕੇਂਦਰ ਚਿੜੀਆਘਰ ਅਤੇ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚ 40 ਫੁੱਟ ਤੱਕ ਡੂੰਘੇ ਖੱਡੇ ਪੈ ਚੁੱਕੇ ਹਨ। ਇਸ ਨਾਲ ਚਿੜੀਆਘਰ ਦੀ ਹੋਂਦ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਹੈ। ਇਸ ਸਬੰਧੀ ਅਕਾਲੀ ਵਿਧਾਇਕ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਨਾਜਾਇਜ਼ ਮਾਈਨਿੰਗ ਦਾ ਖੁਲਾਸਾ ਕਰਦਿਆਂ ਮੌਕੇ ’ਤੇ ਖੜੀ ਇਕ ਜੇਸੀਬੀ ਮਸ਼ੀਨ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਬਾਰੇ ਵੀ ਜਾਣਕਾਰੀ ਦਿੱਤੀ।
ਇੰਝ ਹੀ ਪਿੰਡ ਬਾਕਰਪੁਰ ਅਤੇ ਕਕਰਾਲੀ ਵਿੱਚ ਨਾਜਾਇਜ਼ ਮਾਈਨਿੰਗ ਜਾਰੀ ਹੈ ਅਤੇ ਸ਼ਾਮਲਾਟ ਜ਼ਮੀਨਾਂ ਵਿੱਚ ਕਾਫੀ ਡੂੰਘੇ ਖੱਡੇ ਪੁੱਟ ਦਿੱਤੇ ਗਏ ਹਨ। ਪਿਛਲੇ ਦਿਨੀਂ ਮੁਬਾਰਕਪੁਰ ਕਰੈਸ਼ਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਬਾਂਸਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁੰਡਾ ਟੈਕਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਦੇ ਪਲਾਂਟਾ ਅਤੇ ਕਰੈਸ਼ਰਾਂ ਨੂੰ ਜਬਰੀ ਬੰਦ ਕਰ ਦਿੱਤਾ ਅਤੇ ਕੇਸ ਦਰਜ ਕੀਤਾ ਗਿਆ ਜਦੋਂਕਿ ਗੈਰਕਾਨੂੰਨੀ ਤਰੀਕੇ ਨਾਲ ਨਾਕਾਬੰਦੀ ਕਰਕੇ ਗੁੰਡਾ ਟੈਕਸ ਵਸੂਲਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋ ਦਿਨ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਇਸ ਦੌਰਾਨ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ ਤਾਂ ਅਕਾਲੀ ਦਲ ਵੱਲੋਂ 11 ਦਸੰਬਰ ਨੂੰ ਡੀਸੀ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਜਿਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੇਗੀ।
(ਬਾਕਸ ਆਈਟਮ)
ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਦੱਸਦਿਆਂ ਕਿਹਾ ਕਿ ਅਕਾਲੀ ਆਗੂ ਐਨਕੇ ਸ਼ਰਮਾ ਨਿਰਾਂ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਅਕਾਲੀਆਂ ਵੱਲੋਂ ਉਨ੍ਹਾਂ ਨੂੰ ਜਾਣਬੁਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿੱਕੀ ਢਿੱਲੋਂ ਨੇ ਕਿਹਾ ਕਿ ਉਹ ਸ਼ਰਮਾ ਦੇ ਖ਼ਿਲਾਫ਼ ਮਾਨਹਾਣੀ ਦਾ ਕੇਸ ਦਾਇਰ ਕਰਨਗੇ। ਪਿਛਲੇ ਦਿਨੀਂ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਗੱਲ ਕਰਕੇ ਮੁੱਢਲੀ ਜਾਣਕਾਰੀ ਹਾਸਲ ਕੀਤੀ ਤਾਂ ਪਤਾ ਲੱਗਾ ਕਿ ਕੁਝ ਠੇਕੇਦਾਰਾਂ ਨੇ ਖੁੱਲ੍ਹੀ ਨਿਲਾਮੀ ਰਾਹੀਂ ਰੇਤੇ ਦੀ ਨਿਕਾਸੀ ਦਾ ਕੰਮ ਲਿਆ ਹੋਇਆ ਹੈ। ਜਿਨ੍ਹਾਂ ਵੱਲੋਂ ਹਰਿਆਣਾ ’ਚੋਂ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੀ ਅਕਾਲੀਆਂ ਨੂੰ ਤਕਲੀਫ਼ ਹੋ ਰਹੀ ਹੈ। ਉਹ ਹਰ ਪ੍ਰਕਾਰ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ ਹਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…