Nabaz-e-punjab.com

ਗੈਰ ਕਾਨੂੰਨੀ ਟਰੈਵਲ ਏਜੰਟਾਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ:
ਮੁਹਾਲੀ ਜ਼ਿਲ੍ਹੇ ਦੇ ਅੰਦਰ ਗੈਰ ਲਾਇਸੈਂਸ ਸ਼ੁਦਾ ਅਤੇ ਗੈਰ ਕਾਨੂੰਨੀ ਟਰੈਵਲ ਏਜੰਟਾਂ ਦੀ ਪਛਾਣ ਕਰਨ ਲਈ ਸਾਰੀਆਂ ਸਬ ਡਿਵੀਜ਼ਨਾਂ ਦੇ ਐਸਡੀਐਮਜ਼ ਅਤੇ ਡੀਐਸਪੀਜ਼ ਦੀ ਨਿਗਰਾਨੀ ਹੇਠ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਟਰੈਵਲ ਕੰਸਲਟੈਂਸੀ/ਏਜੰਸੀਆਂ ਵਿਰੁੱਧ ਪ੍ਰਾਪਤ ਹੋਈਆਂ ਸਾਰੀਆਂ ਸ਼ਿਕਾਇਤਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਇਮੀਗਰੇਸ਼ਨ ਨਿਯਮਾਂ\ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਲਾਇਸੈਂਸਸ਼ੁਦਾ ਅਤੇ ਗੈਰ ਕਾਨੂੰਨੀ ਟਰੈਵਲ ਏਜੰਟਾਂ ਖ਼ਿਲਾਫ਼ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਸਬ-ਡਵੀਜ਼ਨਲ ਪੱਧਰ ’ਤੇ ਪਹਿਲਾਂ ਹੀ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ। ਇਨ੍ਹਾਂ ਕਮੇਟੀਆਂ ਵਿੱਚ ਸਬ ਡਵੀਜ਼ਨ ਮੈਜਿਸਟਰੇਟ, ਖਰੜ/ਮੁਹਾਲੀ/ਡੇਰਾਬੱਸੀ, ਸਬੰਧਤ ਸਬ ਡਵੀਜ਼ਨ ਦੇ ਡੀਐਸਪੀ, ਸਹਾਇਕ ਕਮਿਸ਼ਨਰ, ਨਗਰ ਨਿਗਮ ਅਤੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਤੇ ਸਬੰਧਤ ਸਬ ਡਵੀਜ਼ਨ ਦੇ ਕਿਰਤ ਇੰਸਪੈਕਟਰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅੰਤਰ-ਏਜੰਸੀ ਤਾਲਮੇਲ ਕਰਕੇ ਪ੍ਰਾਪਤ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ।
ਸ੍ਰੀ ਦਿਆਲਨ ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਐਂਡ ਰੂਲਜ਼ 2014 ਤਹਿਤ ਗਲਤ ਕੰਮ ਕਰਨ ਵਾਲਿਆਂ ਵਿਰੁੱਧ ਕਮੇਟੀ ਦੀ ਸਿਫ਼ਾਰਸ਼ ’ਤੇ ਅਪਰਾਧਿਕ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਏਜੰਟ ਦੇ ਅਪਰਾਧੀ ਪਾਏ ਜਾਣ ’ਤੇ ਵੱਡਾ ਜੁਰਮਾਨਾ ਅਤੇ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ। ਐਕਟ/ਨਿਯਮਾਂ ਦੀਆਂ ਧਾਰਾਵਾਂ ਅਨੁਸਾਰ ਕੈਦ ਸੱਤ ਸਾਲ ਤੱਕ ਵਧਾਈ ਜਾ ਸਕਦੀ ਹੈ ਅਤੇ ਪੰਜ ਲੱਖ ਰੁਪਏ ਤੱਕ ਜੁਰਮਾਨਾ ਲਗਾਇਆ ਜਾ ਸਕਦਾ ਹੈ।
ਜ਼ਿਰਕਯੋਗ ਹੈ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਐਂਡ ਰੂਲਜ਼ 2014 ਸੂਬੇ ਵਿੱਚ ਮਨੁੱਖੀ ਤਸਕਰੀ ਸਮੇਤ ਗੈਰ-ਕਾਨੂੰਨੀ ਅਤੇ ਧੋਖਾਧੜੀ ਸਬੰਧੀ ਗਤੀਵਿਧੀਆਂ ਦੀ ਜਾਂਚ ਅਤੇ ਰੋਕਥਾਮ ਲਈ ਟਰੈਵਲ ਏਜੰਟਾਂ ਦੀਆਂ ਗਤੀਵਿਧੀਆਂ ਨੂੰ ਨਿਯਮਿਤ ਕਰਨ ਦੀ ਵਿਵਸਥਾ ਕਰਦਾ ਹੈ। ਇਸ ਐਕਟ ਤਹਿਤ ਡੀਸੀ ਦਫ਼ਤਰ ਕੋਲ ਯੋਗ ਬਿਨੈਕਾਰਾਂ ਨੂੰ ਟਰੈਵਲ ਏਜੰਟ ਵਜੋਂ ਲਾਇਸੈਂਸ ਜਾਰੀ ਕਰਨ ਦਾ ਅਧਿਕਾਰ ਹੈ। ਇਸ ਅਨੁਸਾਰ ਡੀਸੀ ਦਫ਼ਤਰ ਵੱਲੋਂ ਯੋਗ ਬਿਨੈਕਾਰਾਂ ਨੂੰ ਲਾਇਸੈਂਸ ਜਾਰੀ ਕੀਤੇ ਗਏ ਹਨ ਅਤੇ ਰਜਿਸਟਰਡ ਲਾਇਸੈਂਸਾਂ ਦੀ ਇੱਕ ਸੂਚੀ ਜ਼ਿਲ੍ਹਾ ਵੈਬਸਾਈਟ www.sasnav.nic.in ’ਤੇ ਅਪਲੋਡ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…