
ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤਤਕਾਲੀ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਭਾਈ ਗੁਰਨਾਮ ਸਿੰਘ ਮੋਹੀ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਵੱਲੋਂ ਦੇਸ਼ ਕੌਮ ਤੇ ਧਰਮ ਖ਼ਾਤਰ ਇਸ ਅਸਥਾਨ ਹਜ਼ਾਰਾਂ ਸਿੰਘਾਂ ਸਮੇਤ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦੇਣ ਦੇ ਪੁਰੇ ਪ੍ਰਸੰਗ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀ ਖੰਡੇ ਬਾਟੇ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਰਜਿੰਦਰ ਸਿੰਘ ਮੋਹਣੀ, ਭਾਈ ਜਸਵਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਕੁਲਦੀਪ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਓਂਕਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜੋਗਿੰਦਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਗੁਰਸੇਵਕ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।